Close

Animal Husbandry Minister Laljit Singh Bhullar released 5 lakh rupees to Tarn Taran for prevention of lumpy skin.

Publish Date : 05/08/2022

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਤਰਨਤਾਰਨ ਨੂੰ 5 ਲੱਖ ਰੁਪਏ ਜਾਰੀ
ਤਰਨਤਾਰਨ, 4 ਅਗਸਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਅਤੇ ਬਚਾਅ ਲਈ ਫ਼ੰਡ ਜਾਰੀ ਕਰਨ ਦੀਆਂ ਹਦਾਇਤਾਂ ‘ਤੇ ਫ਼ੌਰੀ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਦਵਾਈਆਂ ਦੀ ਖ਼ਰੀਦ ਅਤੇ ਹੋਰਨਾਂ ਰੋਕਥਾਮ ਤੇ ਜਾਗਰੂਕਤਾ ਗਤੀਵਿਧੀਆਂ ਲਈ 76 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਰਹੱਦੀ ਜਿਲ੍ਹੇ ਤਰਨਤਾਰਨ ਨੂੰ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਬੀਮਾਰੀ ਦੇ ਜ਼ਿਆਦਾ ਫੈਲਣ ਦੀਆਂ ਰਿਪੋਰਟਾਂ ਹਨ। ਇਸ ਲਈ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜ਼ੁਪਰ ਨੂੰ 5-5 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਬਾਕੀ ਜ਼ਿਲ੍ਹਿਆਂ ਨੂੰ 3-3 ਲੱਖ ਰੁਪਏ ਦੇ ਫ਼ੰਡ ਦਿੱਤੇ ਗਏ ਹਨ । ਉਨ੍ਹਾਂ ਦੱਸਿਆ ਕਿ ਇਸ ਪੈਸੇ ਨਾਲ ਜ਼ਿਲ੍ਹਾ ਅਧਿਕਾਰੀਆਂ ਨੂੰ ਲੋੜੀਂਦੀਆਂ ਦਵਾਈਆਂ ਦੀ ਖ਼ਰੀਦ ਕਰਨ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਇਲਾਜ ਵਿੱਚ ਕੋਈ ਦਿੱਕਤ ਨਾ ਆਵੇ।

ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਮੰਤਰੀ ਨੇ ਜ਼ਿਲ੍ਹਿਆਂ ਵਿੱਚ ਤੈਨਾਤ ਡਿਪਟੀ ਡਾਇਰੈਕਟਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖੇਤਰਾਂ ਦੇ ਨਿਰੰਤਰ ਦੌਰੇ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ‘ਤੇ ਪਸ਼ੂ ਫ਼ਾਰਮਾਂ ਵਿੱਚ ਦੌਰੇ ਕਰਕੇ ਸਥਿਤੀ ‘ਤੇ ਨਜ਼ਰ ਰੱਖੀ ਜਾਵੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਹੈ ਕਿ ਵਿਭਾਗ ਦੇ ਅਧਿਕਾਰੀ ਪਿੰਡਾਂ ਦੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਬੀਮਾਰੀ ਦੇ ਲੱਛਣਾਂ/ਰੋਕਥਾਮ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਨਿਰੰਤਰ ਜਾਰੀ ਰੱਖਣ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਹ ਲਾਗ ਦੀ ਬੀਮਾਰੀ ਗਾਵਾਂ ਵਿੱਚ ਜ਼ਿਆਦਾ ਫੈਲਦੀ ਹੈ ਅਤੇ ਮੱਖੀ/ਮੱਛਰ ਇਸ ਬੀਮਾਰੀ ਨੂੰ ਫੈਲਾਉਣ ਦਾ ਕਾਰਨ ਬਣਦੇ ਹਨ। ਇਸ ਲਈ ਪ੍ਰਭਾਵਤ ਪਸ਼ੂਆਂ ਨੂੰ ਪਹਿਲ ਦੇ ਆਧਾਰ ‘ਤੇ ਸਿਹਤਮੰਦ ਪਸ਼ੂਆਂ ਨਾਲੋਂ ਵੱਖ ਕੀਤਾ ਜਾਵੇ ਅਤੇ ਹੋ ਸਕੇ ਤਾਂ ਪਸ਼ੂਆਂ ‘ਤੇ ਮੱਛਰਦਾਨੀ ਲਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਮੁਲਾਜ਼ਮ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰ ਰਹੇ ਹਨ। ਇਸ ਲਈ ਪਸ਼ੂਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਅਤੇ ਸੰਜਮ ਨਾਲ ਕੰਮ ਲੈਂਦਿਆਂ ਇਹਤਿਆਤ ਵਰਤਣ।