Close

Appropriate arrangements will be made to deal with possible floods – Deputy Commissioner

Publish Date : 21/04/2022
1

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ , ਤਰਨਤਾਰਨ
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਕਰਨਗੇ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਦੌਰਾ

ਤਰਨਤਾਰਨ, 20 ਅਪ੍ਰੈਲ

ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਆਉਣ ਵਾਲੇ ਬਰਸਾਤ ਦੇ ਸੀਜਨ ਦੌਰਾਨ ਹੜ੍ਹਾਂ ਦੇ ਸੰਭਾਵੀ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਜਿੰਨਾਂ ਥਾਵਾਂ ਤੇ ਹੜ੍ਹਾਂ ਦਾ ਜਿਆਦਾ ਖਤਰਾ ਰਹਿੰਦਾ ਹੈ ਉਥੇ ਹੋਣ ਵਾਲੇ ਮੁਰੰਮਤ ਦੇ ਕੰਮਾਂ ਨੂੰ ਵੇਖਣ ਲਈ ਉਹ ਖੁਦ ਮੌਕੇ ਉਤੇ ਜਾਣਗੇ, ਤਾਂ ਕਿ ਕੰਮ ਦੀ ਗੁਣਵੱਤਾ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਸ ਇਲਾਕੇ ਵਿੱਚ ਹੜ ਦਾ ਖਤਰਾ ਰਹਿੰਦਾ ਹੈ, ਉਸ ਲਈ ਨਵੀਂਆਂ ਬੇੜੀਆਂ ਦੀ ਖਰੀਦ ਅਤੇ ਪੁਰਾਣੀਆਂ ਬੇੜੀਆਂ ਦੀ ਮੁਰੰਮਤ ਵੀ ਕਰਵਾ ਲਈ ਜਾਵੇ।

ਡਿਪਟੀ ਕਮਿਸ਼ਨਰ ਨੇ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਵਿਆਪਕ ਪੱਧਰ ਉਤੇ ਯੋਜਨਾਬੰਦੀ ਉਲੀਕਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਕੰਮਾਂ ਦਾ ਖੁਦ ਮੌਕੇ ਉਤੇ ਜਾ ਕੇ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਰੇਨਾਂ ਅਤੇ ਨਾਲਿਆਂ ਦੀ ਕੀਤੀ ਜਾ ਰਹੀ ਸਫਾਈ ਕੇਵਲ ਖਾਨਾਪੂਰਤੀ ਨਾ ਹੋਵੇ, ਇਸ ਲਈ ਸਬੰਧਤ ਵਿਭਾਗ ਠੇਕੇਦਾਰਾਂ ਉਤੇ ਬਰਾਬਰ ਨਿਗ੍ਹਾ ਰੱਖਣ। ਉਨਾਂ ਕਿਹਾ ਕਿ ਉਕਤ ਕੰਮ ਜੇਕਰ ਧਿਆਨ ਨਾਲ ਕਰ ਦਿੱਤਾ ਜਾਵੇ ਤਾਂ ਹੜ੍ਹਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ ਜਗਵਿੰਦਰ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਸ ਸਕੱਤਰ ਸਿੰਘ ਬੱਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।