Close

As part of the war against drugs campaign, a “Nash Mukti Yatra” was taken out in various villages of the district under the leadership of MLAs.

Publish Date : 27/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕਾਂ ਦੀ ਅਗਵਾਈ ਹੇਠ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸੋਨੀਆਂ ਮਾਨ  ਨੇ  ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਦਿੱਤਾ ਸੁਨੇਹਾ

ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਚੁਕਾਈ ਗਈ ਸਹੁੰ

ਤਰਨ ਤਾਰਨ, 26 ਮਈ :

ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।

ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਠੱਠੀ, ਖਾਰਾ, ਜੌਹਲ ਰਾਜੂ ਸਿੰਘ, ਮੱਤੇਵਾਲ, ਨੂਰਦੀ ਕਲਾਂ, ਨੂਰਦੀ ਖੁਰਦ ਵਿਖੇ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ।ਇਸ ਮੌਕੇ ਸੰਬੋਧਨ ਕਰਿਦਆਂ ਡਾ. ਸੋਹਲ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਉਹਨਾਂ ਕਿਹਾ ਕਿ ਲੋਕ ਆਪ ਮੁਹਾਰੇ ਅੱਗੇ ਆ ਕੇ ਇਸ ਯਾਤਰਾ ਦਾ ਹਿੱਸਾ ਬਣ ਰਹੇ ਹਨ ਅਤੇ ਪੰਜਾਬ ਵਿੱਚੋਂ ਨਸ਼ੇ ਦੀਆਂ ਜੜ੍ਹਾਂ ਪੁੱਟਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਵੀ ਕਰਨ ਲੱਗ ਪਏ ਹਨ, ਹੁਣ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ‘ਤੇ ਖ਼ਾਤਮਾ ਹੋ ਜਾਵੇਗਾ।

ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਬਹਾਦਰ ਨਗਰ, ਦਸਮੇਸ਼ ਨਗਰ, ਦਾਸੂਵਾਲ, ਦਾਸੂਵਾਲ ਮੰਡੀ, ਮਾਹਣੇਕੇ ਅਤੇ ਰਾਮਖਾਰਾ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।

ਇਸ ਮੌਕੇ ਉਹਨਾਂ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਸ਼ੇ ਖਿਲਾਫ਼ ਨਿਰੰਤਰ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ, ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁਕਵਾਂ ਇਲਾਜ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਹਲਕਾ ਖਡੂਰ ਸਾਹਿਬ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸੋਨੀਆਂ ਮਾਨ  ਨੇ ਪਿੰਡ ਸੰਘੇ, ਝੰਡੇਰ, ਬਾਗੜੀਆਂ, ਦਿਓ ਅਤੇ ਕੱਦ ਗਿੱਲ ਵਿਖੇ “ਨਸ਼ਾ ਮੁਕਤੀ ਯਾਤਰਾ” ਵਿੱਚ ਸ਼ਾਮਲ ਹੋਣ ਉਪਰੰਤ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ।

ਸੋਨੀਆਂ ਮਾਨ  ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ਹਿ ਪ੍ਰਾਪਤ ਨਹੀਂ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਇਹ ਫੈਸਲਾਕੁਨ ਯੁੱਧ ਲੋਕਾਂ ਦੇ ਸਹਿਯੋਗ ਨਾਲ ਜ਼ਰੂਰ ਜਿੱਤੇਗੀ। ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ।