Close

Cabinet Minister Laljit Singh Bhullar and the Deputy Commissioner reviewed the relief works being carried out on a war footing to repair the breach in Dhusi Dam.

Publish Date : 21/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ
ਰਾਹਤ ਕਾਰਜਾਂ ਨੂੰ 24 ਘੰਟੇ ਚਲਾਉਣ ਲਈ ਪੁਲਿਸ ਵਿਭਾਗ, ਮਾਲ ਵਿਭਾਗ, ਡ੍ਰੇਨੇਜ਼ ਵਿਭਾਗ ਅਤੇ ਸਿਵਲ ਅਧਿਕਾਰੀਆਂ ਦੀਆਂ ਬਣਾਈਆਂ ਗਈਆਂ ਟੀਮਾਂ-ਡਿਪਟੀ ਕਮਿਸ਼ਨਰ
ਹਰੀਕੇ ਪੱਤਣ, (ਤਰਨ ਤਾਰਨ), 20 ਅਗਸਤ :
ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਸ. ਲਾਲਜੀਤ ਸਿੰਘ ਭੁੱਲਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਰਾਹਤ ਕਾਰਜਾਂ ਵਿਚ ਜੁਟੀਆਂ ਵੱਖ-ਵੱਖ ਟੀਮਾਂ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ ਗਈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ, ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਦਰਿਆ ਸਤਲੁਜ ਵਿੱਚ ਪਹਿਲਾ ਆਏ ਹੜ੍ਹਾਂ ਕਰਨ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਕੰਮ ਚੱਲ ਰਿਹਾ ਸੀ, ਪ੍ਰੰਤੂ ਪਿਛਲੇ ਦਿਨਾਂ ਫਿਰ ਤੋਂ ਪਹਾੜਾਂ ਵਿੱਚ ਆਏ ਭਾਰੀ ਮੀਂਹ ਕਾਰਨ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਸੀ, ਜਿਸ ਕਾਰਨ ਪਾਣੀ ਦੀ ਮਾਰ ਨਾ ਝੱਲਦੇ ਹੋਏ ਬੰਨ੍ਹ ਵਿੱਚ ਪਾੜ ਪੈ ਗਿਆ। ਉਹਨਾਂ ਕਿਹਾ ਕਿ ਹੁਣ ਦਰਿਆ ਵਿੱਚ ਪਾਣੀ ਦਾ ਵਹਾਅ ਘੱਟ ਹੋਇਆ ਹੈ। ਇਸ ਤੋਂ ਇਲਾਵਾ ਬੰਨ੍ਹ ਦੀਆਂ ਹੋਰ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਕੰਮ ਚੱਲ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਸ਼ੁਰੂ ਕੀਤੇ ਗਏੇ ਰਾਹਤ ਕਾਰਜਾਂ ਨੂੰ 24 ਘੰਟੇ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੁਲਿਸ ਵਿਭਾਗ, ਮਾਲ ਵਿਭਾਗ, ਡ੍ਰੇਨੇਜ਼ ਵਿਭਾਗ ਅਤੇ ਸਿਵਲ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ।ਉਹਨਾਂ ਦੱਸਿਆ ਕਿ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਦੋਨਾਂ ਸਿਰਿਆਂ ਤੋਂ ਕੰਮ ਸ਼ੁਰੂ ਕੀਤਾ ਗਿਆ ਹੈ।ਪਾੜ ਨੰੁ ਪੂਰਨ ਲਈ 2 ਲੱਖ ਤੋਂ ਵੱਧ ਮਿੱਟੀ ਦੇ ਬੋਰੇ ਭਰੇ ਜਾ ਰਹੇ ਹਨ।ਇਸ ਲਈ ਸਥਾਨਕ ਲੋਕ ਤੇ ਜਥੇਬੰਦੀਆਂ ਵਡਮੁੱਲਾ ਸਹਿਯੋਗ ਪਾ ਰਹੀਆਂ ਹਨ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਨ੍ਹ ਟੁੱਟਣ ਤੋਂ ਪਹਿਲਾ ਬਹਿਕਾਂ ਵਿੱਚ ਬੈਠੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਣ ਲਈ ਕਿਹਾ ਗਿਆ ਸੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਅਜੇ ਵੀ ਜੋ ਲੋਕ ਆਪਣੀ ਮਰਜ਼ੀ ਨਾਲ ਰਹਿ ਗਏ ਹਨ, ਉਹ ਐੱਨ. ਡੀ. ਆਰ. ਐੱਫ਼. ਦੀਆਂ ਟੀਮਾਂ ਨਾਲ ਸਹਿਯੋਗ ਕਰਨ ਅਤੇ ਜਲਦ ਸੁਰੱਖਿਅਤ ਥਾਵਾਂ ’ਤੇ ਪਹੁੰਚਣ ਨੂੰ ਤਰਜੀਹ ਦੇਣ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਕੋਟ ਬੁੱਢਾ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਦੁੱਬਲੀ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਖੇਮਕਰਨ (ਲੜਕੇ), ਸਰਕਾਰੀ ਸੀਨਅਰ ਸੈਕੰਡਰੀ ਸਕੂਲ ਸਭਰਾਂ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਵਲਟੋਹਾ (ਲੜਕੇ) ਸਰਕਾਰੀ ਮਿਡਲ ਸਕੂਲ ਤਲਵੰਡੀ ਸੋਭਾ ਸਿੰਘ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਹਰੀਕੇ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਮਰਹਾਣਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੁੱਤੀਵਾਲਾ ਵਿਖੇ 07 ਰਾਹਤ ਕੇਂਦਰ ਬਣਾਏ ਗਏ ਹਨ।ਉਨ੍ਹਾਂ ਸੜਕਾਂ ‘ਤੇ ਟਰਾਲੀਆਂ ਵਿੱਚ ਬੈਠੇ ਲੋਕਾਂ ਨੰੁ ਅਪੀਲ ਕੀਤੀ ਕਿ ਉਹ ਇਹਨਾਂ ਰਾਹਤ ਕੇਂਦਰਾਂ ਵਿੱਚ ਪਹੁੰਚਣ, ਜਿੱਥੇ ਉਹਨਾਂ ਨੂੰ ਹਰ ਲੋੜੀਂਦੀਆਂ ਸੁਵਿਧਾਵਾਂ ਤੇ ਮੈਡੀਕਲ ਸਹਾਇਤਾ ਦਿੱਤੀ ਜਾਵੇਗੀ।