Citizens’ trouble in government departments will not be tolerated at any cost – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਕਾਰੀ ਵਿਭਾਗਾਂ ’ਚ ਨਾਗਰਿਕਾਂ ਦੀ ਖੱਜਲ ਖੁਆਰੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
ਸੇਵਾ ਕੇਂਦਰਾਂ ਵਿਖੇ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨ ਦੇ ਆਦੇਸ਼
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਵੱਖ-ਵੱਖ ਸਰਕਾਰੀ ਸਕੀਮਾਂ ‘ਤੇ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਇਜ਼ਾ
ਤਰਨ ਤਾਰਨ, 30 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਵਿੱਚ ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਪੱਟੀ ਸ੍ਰੀ ਵਿਪਨ ਭੰਡਾਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਵਿਖੇ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਬ ਡਵੀਜ਼ਨ ਪੱਧਰ ’ਤੇ ਇਸ ਬਾਰੇ ਨਿਰੰਤਰ ਸੇਵਾ ਕੇਂਦਰਾਂ ਦੇ ਸਟਾਫ਼ ਤੋਂ ਜਾਇਜ਼ਾ ਲਿਆ ਜਾਵੇ ਤਾਂ ਜੋ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋ ਸਕੇ।ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਨਾਗਰਿਕਾਂ ਦੇ ਕੰਮ ਤਰਜੀਹੀ ਆਧਾਰ ’ਤੇ ਕਰਨੇ ਯਕੀਨੀ ਬਣਾਏ ਜਾਣ ਕਿਉਂਕਿ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਦੇਣ ਵਿੱਚ ਲਾਪਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤਯੋਗ ਨਹੀਂ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਲ ਜੀਵਨ ਮਿਸ਼ਨ, ਸਵੱਛ ਭਾਰਤ ਮਿਸ਼ਨ, ਮਗਨਰੇਗਾ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸ਼ਹਿਰੀ ਵਿਕਾਸ ਲਈ ਨਿਰਧਾਰਿਤ ਵੱਖ-ਵੱਖ ਯੋਜਨਾਵਾਂ ਤਹਿਤ ਕੀਤੇ ਜਾ ਰਹੇ ਕਾਰਜਾਂ ਦੇ ਨਾਲ ਨਾਲ ਸੜਕਾਂ ਦੇ ਮੁਰੰਮਤ ਕਾਰਜਾਂ, ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਦੀ ਸਥਿਤੀ, ਸਰਕਾਰੀ ਤੇ ਪ੍ਰਾਈਵੇਟ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿਖੇ ਜੇਰੇ ਇਲਾਜ ਮਰੀਜ਼ਾਂ, ਓਟ ਕਲੀਨਿਕਾਂ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਇਲਾਜ ਸੁਵਿਧਾਵਾਂ ਆਦਿ ਦਾ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਾਇਜ਼ਾ ਲਿਆ।
ਉਹਨਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਦੇ ਤਹਿਤ ਜ਼ਿਲ੍ਹੇ ਵਿੱਚ ਲਾਭਪਾਤਰੀਆਂ ਨੂੰ ਇਸ ਸੁਵਿਧਾ ਦਾ ਲੋੜ ਪੈਣ ’ਤੇ ਲਾਭ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਕਿਉਂਕਿ ਹਾਲੇ ਵੀ ਬਹੁ ਗਿਣਤੀ ਲੋਕ ਇਸ ਦਾ ਲਾਭ ਹਾਸਲ ਕਰਨ ਤੋਂ ਵਾਂਝੇ ਹਨ।