Close

Combine operating without super S.M.S will be forfeiture-Deputy Commissioner Tarn Taran

Publish Date : 26/09/2019
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸੁਪਰ ਐੱਸ. ਐੱਮ. ਐੱਸ. ਤੋਂ ਬਿਨ੍ਹਾਂ ਚੱਲਣ ਵਾਲੀਆਂ ਕੰਬਾਈਨਾਂ ਹੋਣਗੀਆਂ ਜ਼ਬਤ-ਡਿਪਟੀ ਕਮਿਸ਼ਨਰ
ਤਰਨ ਤਾਰਨ, 26 ਸਤੰਬਰ:
ਰਾਜ ਵਿੱਚ ਝੋਨੇ ਦੀ ਵਢਾਈ ਉਪਰੰਤ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਖੇਤੀਬਾੜੀ ਵਿਭਾਗ, ਪੰਜਾਬ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐੱਸ. ਐੱਮ. ਐੱਸ.) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇੱਕ ਕੰਬਾਈਨ ’ਤੇ ਸੁਪਰ ਐੱਸ. ਐੱਮ. ਐੱਸ. ਲਵਾਉਣ ਦੀ ਲਾਗਤ 1.10 ਲੱਖ ਰੁਪਏ ਹੈ, ਜਿਸ ਉੱਪਰ ਸੂਬਾ ਸਰਕਾਰ 50 ਫੀਸਦੀ ਸਬਸਿਡੀ ਦੇ ਰਹੀ ਹੈ।ਉਹਨਾਂ ਦੱਸਿਆ ਕਿ ਪੰਜਾਬ ਵਿੱਚ ਲਗਭਗ 12 ਹਜ਼ਾਰ ਕੰਬਾਈਨਾਂ ਹਨ, ਜਿਨ੍ਹਾਂ ਵਿੱਚੋਂ ਪੰਜ ਹਜ਼ਾਰ ਕੰਬਾਈਨਾਂ ’ਤੇ ਪਹਿਲਾਂ ਹੀ ਐੱਸ. ਐੱਮ. ਐੱਸ. ਲੱਗ ਚੁੱਕੇ ਹਨ।
ਉਨ੍ਹਾਂ ਕੰਬਾਈਨ ਮਾਲਕਾਂ ਨੂੰ ਆਪਣੀਆਂ ਕੰਬਾਈਨਾਂ ’ਤੇ ਸੁਪਰ ਐੱਸ. ਐੱਮ. ਐੱਸ. ਲਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੰਬਾਈਨ ਮਾਲਕਾਂ ਨੂੰ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ  1981 ਤਹਿਤ ਜਾਰੀ ਹੋਈਆਂ ਹਦਾਇਤਾਂ ਨੂੰ ਅਪਣਾਉਣਾ ਹੋਵੇਗਾ ਤਾਂ ਕਿ ਝੋਨੇ ਦੇ ਵਢਾਈ ਸੀਜ਼ਨ ਦੌਰਾਨ ਸਿਰਫ਼ ਐੱਸ. ਐੱਮ. ਐੱਸ.  ਵਾਲੀਆਂ ਮਸ਼ੀਨਾਂ ਚੱਲਣ ਨੂੰ ਯਕੀਨੀ ਬਣਾਇਆ ਜਾ ਸਕੇ।
ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਸਾੜਣ ਦੀ ਸਮੱਸਿਆ ਅਤੇ ਇਸ ਦੇ ਵਾਤਾਵਰਣ ’ਤੇ ਪੈ ਰਹੇ ਮਾਰੂ ਪ੍ਰਭਾਵ ਦੇ ਕਾਰਨ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ  1981 ਦੀ ਧਾਰਾ 31 ਤਹਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਜਿਸ ਅਨੁਸਾਰ ਝੋਨਾ ਵੱਢਣ ਲਈ ਕੰਬਾਈਨ ਮਾਲਕਾਂ ਨੂੰ ਆਪਣੀਆਂ ਮਸ਼ੀਨਾਂ ’ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਹੋਵੇਗਾ ਅਤੇ ਇਸ ਸਿਸਟਮ ਤੋਂ ਬਿਨਾਂ ਕਿਸੇ ਵੀ ਕੰਬਾਈਨ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਇੰਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਟਾਫ਼ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੀ ਕੰਬਾਈਨਾਂ ’ਤੇ ਸੁਪਰ ਐੱਸ. ਐੱਮ. ਐੱਸ. ਲਾਉਣ ਦੀਆਂ ਸਿਫ਼ਾਰਸ਼ਾਂ ਪਹਿਲਾਂ ਹੀ ਕਰ ਚੁੱਕੀ ਹੈ।ਇਹ ਸਿਸਟਮ ਝੋਨਾ ਵੱਢਣ ਮੌਕੇ ਮਸ਼ੀਨ ’ਚੋਂ ਨਿਕਲਦੀ ਪਰਾਲੀ ਦਾ ਕੁਤਰਾ ਕਰ ਕੇ ਉੱਥੇ ਹੀ ਖਿਲਾਰ ਦਿੰਦਾ ਹੈ ਜਿਸ ਨਾਲ ਕਿਸਾਨਾਂ ਨੂੰ ਅਗਲੀ ਫਸਲ ਬੀਜਣ ਤੋਂ ਪਹਿਲਾਂ ਪਰਾਲੀ ਸਾੜਣ ਦੀ ਲੋੜ ਨਹੀਂ ਰਹਿੰਦੀ।
——-