Covid vaccine administered to 12962 persons in district Tarn Taran – Deputy Commissioner
Publish Date : 18/03/2021
ਜ਼ਿਲ੍ਹਾ ਤਰਨ ਤਾਰਨ ਵਿੱਚ 12962 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 916 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 80 ਹਜ਼ਾਰ 868 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 17 ਮਾਰਚ :
ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 12962 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 916 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 180868 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 177188 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 867 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2512 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2197 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਮਾਰਚ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 737 ਨਮੂਨਿਆਂ ਵਿੱਚੋਂ 16 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 721 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 48 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 07 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 41 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 193 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 138 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 06 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 12 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 02 ਮਰੀਜ਼ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।