Deputy Commissioner appeals to people to take precautions to avoid heatstroke

ਡਿਪਟੀ ਕਮਿਸ਼ਨਰ ਵੱਲੋਂ ਲੂਅ ਤੋਂ ਬਚਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ
ਤਰਨ ਤਾਰਨ, 19 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਆਈ. ਏ. ਐਸ. ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਲੋਕਾਂ ਨੂੰ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।
ਸੀ੍ ਰਾਹੁਲ ਨੇ ਕਿਹਾ ਕਿ ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ ਤੋਂ ਬਚਣ ਲਈ ਜਾਗਰੂਕਤਾ ਤੇ ਸਾਵਧਾਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਗਰਮੀ ਹੋਣ ’ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ, ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ।
ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਪਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਹੈ। ਬੱਚਿਆਂ ਅਤੇ ਬਜ਼ੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕਾਂ ਨੂੰ ਗਰਮੀ ਲੱਗਣ ਦਾ ਜ਼ਿਆਦਾ ਖਤਰਾ ਹੁੰਦਾ ਹੈ। ਇਸ ਤੋਂ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਆਦਿ ਉੱਤੇ ਰਹਿਣ ਵਾਲੇ ਲੋਕ ਇਸ ਦਾ ਜਲਦ ਸ਼ਿਕਾਰ ਹੋ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਲੂਅ ਲੱਗਣ ਨਾਲ ਸਰੀਰ ਨੂੰ ਬੇਚੈਨੀ ਅਤੇ ਘਬਰਾਹਟ ਹੋ ਸਕਦੀ ਹੈ ਅਤੇ ਜ਼ਿਆਦਾ ਸਮਾਂ ਧੁੱਪ ਵਿਚ ਰਹਿਣ ਨਾਲ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਗੱਲ ਸਮਝਣ ਵਿਚ ਮੁਸ਼ਕਲ ਆਉਣੀ, ਚਿੜਚਿੜਾਪਣ, ਜੁਬਾਨ ਦਾ ਲੜਖੜਾਉਣਾ, ਤੁਰਨ ਸਮੇਂ ਲੜਖੜਾਉਣਾ, ਦੌਰਾ ਪੈਣਾ ਆਦਿ ਹੋ ਸਕਦੇ ਹਨ।
ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ’ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਜਾਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ, ਓ. ਆਰ. ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ ਅਤੇ ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਬਹੁਤ ਜ਼ਿਆਦਾ ਜ਼ਰੂਰੀ ਹੋਣ ’ਤੇ ਹੀ ਨਿਕਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਸਾਵਧਾਨੀ ਵਰਤ ਕੇ ਜ਼ਿਲ੍ਹਾ ਵਾਸੀ ਲੂਅ ਤੋਂ ਆਪਣਾ ਬਚਾਅ ਕਰ ਸਕਦੇ ਹਨ।