Close

Deputy Commissioner held Special meeting with district officials to review current situation due to curfew and Corona virus

Publish Date : 25/03/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਕਰਫਿਊ ਅਤੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਸਬੰਧੀ ਬਣੇ ਮੌਜੂਦਾ ਹਾਲਾਤਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ 
ਜ਼ਿਲਾਂ ਵਾਸੀਆਂ ਨੂੰ ਸਹਿਯੋਗ ਕਰਨ ਅਤੇ ਘਰਾਂ ਵਿੱਚ ਹੀ ਰਹਿਣ ਦੀ ਕੀਤੀ ਅਪੀਲ
ਤਰਨ ਤਾਰਨ, 25 ਮਾਰਚ :
ਜ਼ਿਲੇ ਦੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹੇ ਵਿੱਚ ਲਗਾਏ ਗਏ ਕਰਫਿਊ ਅਤੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਸਬੰਧੀ ਬਣੇ ਮੌਜੂਦਾ ਹਾਲਾਤਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿਦਰਪਾਲ ਸਿੰਘ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਰਨ ਤਾਰਨ ਸ਼ਹਿਰ ਵਿਚ ਰਾਸ਼ਨ, ਐਲ. ਪੀ. ਜੀ. ਗੈਸ, ਸਬਜੀਆਂ, ਦੁੱਧ, ਦਵਾਈਆਂ ਆਦਿ ਦੀ ਘਰੋ-ਘਰੀ ਸਪਲਾਈ ਸ਼ੁਰੂ ਕਰਨ ਦੀ ਵਿਵਸਥਾ ਕੀਤੀ ਗਈ ਹੈ, ਇਸ ਤੋਂ ਇਲਾਵਾ ਜ਼ਿਲੇ ਦੇ ਬਾਕੀ ਸਾਰੇ ਸ਼ਹਿਰਾਂ ਅਤੇ ਕਸਬਿਆਂ ਅਤੇ ਪਿੰਡਾਂ ਵਿੱਚ ਵੀ ਪੂਰੀ ਵਿਵਸਥਾ ਕੀਤੀ ਜਾ ਰਹੀ ਹੈ ਕਿ ਰੋਜ਼ਾਨਾ ਵਰਤੋਂ ਦੀਆਂ ਸਾਰੀਆਂ ਅਤਿ ਜ਼ਰੂਰੀ ਵਸਤਾਂ ਘਰੋਂ-ਘਰ ਪਹੰਚਾਈਆਂ ਜਾ ਸਕਣ। 
ਉਨਾਂ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਜ਼ਿਲੇ੍ਹ ਵਿਚ ਕਰਫਿਊ ਵਿਚ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਕਰਫ਼ਿਊ ਦੌਰਾਨ ਜ਼ਿਲ੍ਹੇ ਵਿੱਚ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ ਹਦਾਇਤਾਂ ਜਾਰੀ ਕੀਤੀ ਗਈਆਂ ਹਨ।ਉਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਰਫਿਊ ਦੌਰਾਨ ਲੋਕਾਂ ਨੂੰ ਜਰੂਰੀ ਵਸਤਾਂ ਦੀ ਘਾਟ ਨਾ ਆਵੇ ਪਰ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਲੋਕ ਆਪਣੇ ਘਰਾਂ ਤੋਂ  ਬਾਹਰ ਨਾ ਨਿਕਲਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਦੀ ਸਿਹਤ ਸੁਰੱਖਿਆ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਤੇ ਸਵੈ-ਜ਼ਾਬਤੇ ਨਾਲ ਪਾਲਣਾ ਕੀਤੀ ਜਾਵੇ।ਉਨਾਂ ਨੇ ਕਿਹਾ ਕਿ ਕਰੋਨਾ ਵਾਇਰਸ ਮਨੁੱਖਤਾ ਲਈ ਬਹੁਤ ਵੱਡਾ ਖਤਰਾ ਹੈ ਅਤੇ ਇਸ ਸਬੰਧੀ ਵਰਤੀ ਗਈ ਅਣਗਹਿਲੀ ਸਮੁੱਚੇ ਸਮਾਜ ਲਈ ਘਾਤਕ ਸਿੱਧ ਹੋ ਸਕਦੀ ਹੈ। ਉਨਾਂ ਨੇ ਜ਼ਿਲਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਸਹਿਯੋਗ ਕਰਨ ਅਤੇ ਘਰਾਂ ਵਿੱਚ ਹੀ ਰਹਿਣ।