Deputy Commissioner meets with all officials on Green Diwali celebrations
Publish Date : 24/10/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਸਹੁੰ ਚੁਕਾ ਕੇ ਪਟਾਕਿਆਂ ਤੋਂ ਰਹਿਤ ਗਰੀਨ ਦਿਵਾਲੀ ਮਨਾਉਣ ਲਈ ਕੀਤਾ ਜਾਵੇਗਾ ਪ੍ਰੇਰਿਤ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਗਰੀਨ ਦਿਵਾਲੀ ਮਨਾਉਣ ਸਬੰਧੀ ਸਮੂਹ ਅਧਿਕਾਰੀਆਂ ਨਾਲ ਮੀਟਿੰਗ
ਤਰਨ ਤਾਰਨ, 24 ਅਕਤੂਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਜ਼ਿਲ੍ਹੇ ਵਿੱਚ ਗਰੀਨ ਦਿਵਾਲੀ ਮਨਾਉਣ ਸਬੰਧੀ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ ਅਤੇ ਐੱਸ. ਡੀ. ਐੱਮ. ਪੱਟੀ ਡਾ. ਅਮਿਤ ਮਹਾਜਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਗਰੀਨ ਦਿਵਾਲੀ ਦੇ ਸਬੰਧ ਵਿੱਚ ਹਦਾਇਤਾਂ ਜਾਰੀ ਕੀਤੀਆਂ ਗਈਆਂ ਅਤੇ ਗਰੀਨ ਦਿਵਾਲੀ ਮਨਾਉਣ, ਜਿਆਦਾ ਸ਼ੋਰ/ਪ੍ਰਦੂਸ਼ਣ ਵਾਲੇ ਪਟਾਕੇ ਨਾ ਚਲਾਉਣ ਸਬੰਧੀ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਵੱਲੋਂ ਹਦਾਇਤ ਕੀਤੀ ਗਈ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਜਿਲ੍ਹਾ ਤਰਨ ਤਾਰਨ, ਉਪ ਕਪਤਾਨ ਪੁਲਿਸ ਜ਼ਿਲ੍ਹਾ ਤਰਨ ਤਾਰਨ ਵੱਲੋਂ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਗਰੀਨ ਦਿਵਾਲੀ ਮਨਾਉਣ ਸਬੰਧੀ ਨਿਰਧਾਰਿਤ ਕੀਤੇ ਗਏ ਸਥਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਜਿੰਨ੍ਹਾਂ ਵਿਅਕਤੀਆਂ ਨੂੰ ਦਿਵਾਲੀ ਵਾਲੇ ਦਿਨ ਮਿਤੀ 27.10.2019 ਨੂੰ ਇੱਕ ਦਿਨ ਲਈ ਪਟਾਕੇ ਵੇਚਣ ਦਾ ਲਾਇਸੰਸ ਜਾਰੀ ਕੀਤਾ ਗਿਆ ਹੈ, ਉਹ ਨਿਰਧਾਰਿਤ ਸਥਾਨ ‘ਤੇ ਪਟਾਕੇ ਵੇਚ ਰਹੇ ਹਨ।
ਉਹਨਾਂ ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ ਨੂੰ ਹਦਾਇਤ ਕੀਤੀ ਕਿ ਜਿੰਨ੍ਹਾ ਵਿਅਕਤੀਆਂ ਕੋਲ ਪਟਾਕੇ ਵੇਚਣ ਦਾ ਲਾਇਸੰਸ ਨਹੀਂ ਹੈ, ਜਾਂ ਜੋ ਨਿਰਧਾਰਿਤ ਥਾਵਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾ ਤੇ ਪਟਾਕੇ ਵੇਚ ਰਹੇ ਹਨ, ਉਹਨਾਂ ਦੇ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦਿਵਾਲੀ ਮਨਾਉਣ/ ਜ਼ਿਆਦਾ ਸ਼ੋਰ/ਪ੍ਰਦੂਸ਼ਣ ਵਾਲੇ ਪਟਾਕੇ ਨਾ ਚਲਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਸਹੁੰ ਚੁਕਾ ਕੇ ਉਹਨਾਂ ਨੂੰ ਪਟਾਕਿਆਂ ਤੋਂ ਰਹਿਤ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਜਾਵੇ।ਉਹਨਾਂ ਦੱਸਿਆ ਕਿ ਗਰੀਨ ਦਿਵਾਲੀ ਮਨਾਉਣ ਸਬੰਧੀ ਹਰ ਅਧਿਕਾਰੀ ਦੀ ਡਿਊਟੀ ਲਗਾਈ ਗਈ ਹੈ ਕਿ ਉਹ ਸਕੂਲਾਂ ਵਿੱਚ ਜਾ ਕੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਐਂਟੀ ਡਰੱਗ, ਪਰਾਲੀ ਨਾ ਸਾੜਨ, ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਗਰੀਨ ਦਿਵਾਲੀ ਮਨਾਉਣ ਸਬੰਧੀ ਸਹੁੰ ਚੁਕਾਉਣਗੇ ਅਤੇ ਇਸ ਤੋਂ ਹੋਣ ਵਾਲੇ ਪ੍ਰਦੂਸ਼ਣ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੁੰ ਕਰਵਾੳਣਗੇ।
ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਅਤੇ ਉਸ ਤੋਂ ਇਲਾਵਾ ਜਿਹੜੇ ਵਿਭਾਗ ਕੰਪਲੈਕਸ ਤੋਂ ਬਾਹਰ ਸਥਿਤ ਹਨ, ਉਹਨਾਂ ਦੇ ਮੁੱਖੀ ਵੀ ਆਪਣੇ ਅਧੀਨ ਆਉਂਦੇ ਸਟਾਫ਼ ਸਮੇੇਤ 25 ਅਕਤੂਬਰ, 2019 (ਸ਼ੁੱਕਰਵਾਰ) ਨੂੰ ਸਵੇਰੇ 10:00 ਵਜੇ ਐਂਟੀ ਡਰੱਗ, ਪਰਾਲੀ ਨਾ ਸਾੜਨ, ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਗਰੀਨ ਦਿਵਾਲੀ ਮਨਾਉਣ ਸਬੰਧੀ ਸਹੁੰ ਚੁੱਕਣਗੇ ਅਤੇ ਬਾਕੀ ਸਟਾਫ਼ ਮੈਂਬਰਾਂ ਨੂੰ ਸਹੁੰ ਚੁਕਾਉਣਗੇ।
—————–