Deputy Commissioner, MLA Dr. Dharmbir Agnihotri and Mr. Sukhpal Singh Bhullar laid the foundation stone of a special project to be set up at village Bhuchar Kalan
Publish Date : 02/02/2021

ਡਿਪਟੀ ਕਮਿਸ਼ਨਰ, ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਸ੍ਰੀ ਸੁਖਪਾਲ ਸਿੰਘ ਭੁੱਲਰ ਨੇ ਪਿੰਡ ਭੁੱਚਰ ਕਲਾਂ ਵਿਖੇ ਬਨਣ ਵਾਲੇ ਵਿਸ਼ੇਸ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਜ਼ਿਲ੍ਹੇ ਦੇ 99 ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ
ਪ੍ਰੋਜੈਕਟ ‘ਤੇ ਆਵੇਗੀ ਲੱਗਭੱਗ 188.65 ਕਰੋੜ ਰੁਪਏ ਦੀ ਲਾਗਤ
ਤਰਨ ਤਾਰਨ, 01 ਫਰਵਰੀ :
ਜ਼ਿਲ੍ਹੇ ਦੇ ਪਿੰਡ ਭੁੱਚਰ ਕਲਾਂ ਵਿਖੇ ਨਹਿਰੀ ਪਾਣੀ ਨੂੰ ਪੀਣ ਯੋਗ ਬਣਾ ਕੇ ਜ਼ਿਲ੍ਹੇ ਦੇ 99 ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਲੱਗਭੱਗ 188.65 ਕਰੋੜ ਰੁਪਏ ਦੀ ਲਾਗਤ ਬਨਣ ਵਾਲੇ ਵਿਸ਼ੇਸ ਪ੍ਰੋਜੈਕਟ ਦਾ ਨੀਂਹ ਪੱਥਰ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ ਨੇ ਸਾਂਝੇ ਤੌਰ ‘ਤੇ ਰੱਖਿਆ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ 99 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਹੋਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ 212.65 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿੰਨ੍ਹਾਂ ਵਿੱਚੋਂ ਅੱਜ ਜ਼ਿਲ੍ਹੇ ਦੇ 13 ਪਿੰਡਾਂ ਵਿੱਚ 569.54 ਲੱਖ ਰੁਪਏ ਦੇ ਪ੍ਰੋਜੈਕਟ ਤਿਆਰ ਹੋ ਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।
ਇਸ ਤੋਂ ਪਹਿਲਾ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੂਅਲ ਸਮਾਗਮ ਰਾਹੀਂ ਰਾਜ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ।
ਇਸ ਸਬੰਧੀ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿਚ ਵਰਚੂਅਲ ਸਮਾਗਮ ਕਰਵਾਏ ਗਏ, ਜਿਨਾਂ ਵਿਚ ਜਨਤਕ ਆਗੂਆਂ, ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ, ਪੰਚਾਂ-ਸਰਪੰਚਾਂ ਅਤੇ ਸਬੰਧਤ ਇਲਾਕਾ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ, ਜਿਸ ਦੌਰਾਨ ਸਮੂਹ ਹਾਜ਼ਰੀਨ ਨੇ ਰਾਜ ਪੱਧਰੀ ਸਮਾਗਮ ਨਾਲ ਸਿੱਧੇ ਤੌਰ ’ਤੇ ਜੁੜਦਿਆਂ ਮੁੱਖ ਮੰਤਰੀ, ਮੰਤਰੀ ਸਾਹਿਬਾਨ ਅਤੇ ਹੋਰਨਾਂ ਸ਼ਖਸੀਅਤਾਂ ਦੇ ਵਿਚਾਰ ਸੁਣੇ।
ਇਸ ਸਬੰਧੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ ਅਗਰਵਾਲ ਅਤੇ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਰਜਤ ਕੁਮਾਰ ਵੱਲੋਂ ਵੀ ਇਸ ਪ੍ਰੋਗਰਾਮ ਵਿੱਚ ਆੱਨਲਾਈਨ ਸ਼ਿਰਕਤ ਕੀਤੀ ਗਈ।