Deputy Commissioner Mr. Rishipal Singh appealed to the people to ensure compliance with road safety rules
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ
ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 21 ਮਈ ਤੱਕ ਮਨਾਇਆ ਜਾ ਰਿਹਾ ਹੈ ਸੜਕ ਸੁਰੱਖਿਆ ਹਫਤਾ
ਸੜਕ ਸੁਰੱਖਿਆ ਹਫਤੇ ਦੌਰਾਨ ਵੱਖ-ਵੱਖ ਸਕੂਲਾਂ ਅਤੇ ਹੋਰ ਥਾਵਾਂ ‘ਤੇ ਕਰਵਾਏ ਜਾਣਗੇ ਜਾਗਰੂਕਤਾ ਸੈਮੀਨਾਰ
ਤਰਨ ਤਾਰਨ, 16 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਅਤੇ ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 7ਵਾਂ ਯੂ. ਐੱਨ. ਗਲੋਬਲ ਸੜਕ ਸੁਰੱਖਿਆ ਹਫਤਾ ਮਿਤੀ 21 ਮਈ, 2023 ਤੱਕ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਹਫਤੇ ਦੌਰਾਨ ਆਮ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਗੱਡੀ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਚਾਹੀਦੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਟ੍ਰੈਫਿਕ ਲਾਈਟਾਂ `ਤੇ ਹਰੀ ਬੱਤੀ ਹੋਣ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ ਅਤੇ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ `ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ, ਤਾਂ ਜੋ ਆਉਣ-ਜਾਣ ਵਾਲੀ ਟ੍ਰੈਫਿਕ ਵਿਚ ਵਿਘਨ ਨਾ ਪਵੇ।
ਉਨ੍ਹਾਂ ਮੋਟਰਸਾਈਕਲ ਚਾਲਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਵਾਹਨ ਦੇ ਸੱਜੇ ਖੱਬੇ ਵੇਖਣ ਵਾਲਾ ਸ਼ੀਸ਼ਾ ਜ਼ਰੂਰ ਲਗਾਉਣ ਤਾਂ ਜੋ ਉਨ੍ਹਾਂ ਨੂੰ ਵਾਹਨ ਦੇ ਪਿੱਛੋਂ ਆਉਣ ਦਾ ਪਤਾ ਲੱਗ ਸਕੇ। ਉਨ੍ਹਾਂ ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ਤੇ ਹਾਈ ਸਕਿਊਰਿਟੀ ਰਜਿਸਟਰਡ ਨੰਬਰ ਪਲੇਟਾਂ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਚਲਾਨ ਤੋਂ ਬਚ ਸਕਣ।
ਉਨ੍ਹਾਂ ਦੱਸਿਆ ਕਿ ਇਸ ਪੂਰੇ ਹਫਤੇ ਦੌਰਾਨ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰ ਨਾਗਰਿਕ ਲਈ ਅਤਿ ਜ਼ਰੂਰੀ ਹੈ ਕਿਉਂਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੀ ਕਈ ਤਰ੍ਹਾਂ ਦੇ ਸੜਕੀ ਹਾਦਸੇ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪੇ੍ਰਿਤ ਕਰਨ ਤੇ ਨਬਾਲਗ ਬੱਚਿਆਂ (18 ਸਾਲ ਤੋਂ ਘੱਟ) ਨੂੰ ਵਾਹਨ ਚਲਾਉਣ ਤੋਂ ਰੋਕਣ। ਉਨ੍ਹਾਂ ਕਿਹਾ ਕਿ ਜੇਕਰ ਬੱਚੇ ਇਨ੍ਹਾਂ ਨਿਯਮਾਂ ਸਬੰਧੀ ਜਾਗਰੂਕ ਹੋਣਗੇ, ਤਾਂ ਉਹ ਆਪਣੇ ਸੰਪਰਕ `ਚ ਆਉਣ ਵਾਲੇ ਹਰ ਵਿਅਕਤੀ ਨੂੰ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ। ਇਸ ਤਰ੍ਹਾਂ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇਗੀ।
ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਹਫਤੇ ਦੌਰਾਨ ਵੱਖ-ਵੱਖ ਸਕੂਲਾਂ ਅਤੇ ਹੋਰ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਵਿਚ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ।