Close

Deputy Commissioner visits Quarantine Center at Mai Bhago Nursing College

Publish Date : 28/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੋਆਰੰਟੀਨ ਸੈਂਟਰ ਦਾ ਦੌਰਾ
ਤਰਨ ਤਾਰਨ, 28 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੋਆਰੰਟੀਨ ਸੈਂਟਰ ਦਾ ਦੌਰਾ ਕੀਤਾ ਅਤੇ ਇੱਥੇ ਰਹਿ ਰਹੇ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਆਉਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਉਹਨਾਂ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਆਉਣ ਵਾਲੇ ਜ਼ਿਲ੍ਹੇ ਦੇ 167 ਸ਼ਰਧਾਲੂਆਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੋਆਰੰਟੀਨ ਸੈਂਟਰ ਵਿਖੇ ਰੱਖਿਆ ਗਿਆ ਹੈ।ਉਹਨਾਂ ਦੱਸਿਆ ਕਿ ਕੋਆਰੰਟੀਨ ਸੈਂਟਰ ਵਿੱਚ ਰਹਿ ਰਹੇ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਉਹਨਾਂ ਨੂੰ ਖਾਣ-ਪੀਣ ਅਤੇ ਮੈਡੀਕਲ ਸਹਾਇਤਾ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਸਾਰੇ ਸ਼ਰਧਾਲੂਆਂ ਦੀ ਜਾਂਚ ਲਈ ਸੈਂਪਲ ਲਏ ਗਏ ਹਨ।ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਸੈਂਪਲ ਪੋਜ਼ਟਿਵ ਆਇਆ ਤਾਂ ਉਸ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਜਿਹੜੇ ਵਿਅਕਤੀਆਂ ਦੇ ਟੈਸਟ ਨੈਗੇਟਿਵ ਆਉਣਗੇ ਤਾਂ ਉਹਨਾਂ ਵਿਅਕਤੀਆਂ ਨੂੰ 14 ਦਿਨ ਲਈ ਘਰ ਵਿੱਚ ਹੋਮ ਕੋਆਰੰਟੀਨ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਇੱਥੇ ਰਹਿਣ ਦੌਰਾਨ “ਸੋਸ਼ਲ ਡਿਸਟੈਸਿੰਗ” ਬਣਾਏ ਰੱਖਣ ਲਈ ਹਦਾਇਤ ਕੀਤੀ ਗਈ ਹੈ।ਸਾਫ਼-ਸਫਾਈ ਦਾ ਖਾਸ ਧਿਆਨ ਰੱਖਣ ਅਤੇ ਆਪਣੇ ਹੱਥ ਸਾਬਣ ਜਾਂ ਸੈਨੇਟਾਈਜ਼ਨ ਨਾਲ ਸਾਫ਼ ਰੱਖਣ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਸ਼ਰਧਾਲੂਆਂ ਦੀ ਦੇਖ-ਭਾਲ ਲਈ ਡਾਕਟਰੀ ਟੀਮਾਂ ਦੇ ਨਾਲ-ਨਾਲ ਸਿਵਲ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਇਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਵਾਇਰਸ ਨਾਲ ਲੜਨ ਲਈ ਹਰ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
————-