Close

District Administration Complete all arrangements to ensure smooth procurement of wheat in the district.

Publish Date : 15/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲੇ੍ਹ ਵਿੱਚ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ
ਕਣਕ ਦੀ ਸੁਚਾਰੂ ਖਰੀਦ ਲਈ ਜ਼ਿਲ੍ਹੇ ਦੀਆਂ 59 ਮੰਡੀਆਂ ਅਤੇ 19 ਸ਼ੈੱਲਰਾਂ ਦੇ ਨਾਲ-ਨਾਲ ਬਣਾਏ ਗਏ 95 ਆਰਜ਼ੀ ਫੜ੍ਹ 
ਜਿਲੇ ਦੀਆਂ ਮੰਡੀਆਂ ਵਿੱਚ ਲੱਗੱਭਗ 7 ਲੱਖ ਮੀਟਰਕ ਟਨ ਕਣਕ ਪਹੁੰਚਣ ਦੀ ਸੰਭਾਵਨਾ
ਕਣਕ ਦੀ ਖਰੀਦ ਦੌਰਾਨ ਕੋਵਿਡ-19 ਦੇ ਚੱਲਦੇ “ਸ਼ੋਸ਼ਲ ਡਿਸਟੈਂਸਿੰਗ” ਨੂੰ ਹਰ ਹਾਲਤ ਵਿੱਚ ਬਣਾਇਆ ਜਾਵੇਗਾ ਯਕੀਨੀ
ਤਰਨ ਤਾਰਨ, 14 ਅਪ੍ਰੈਲ :
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ ਵਿੱਚ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੌਰਾਨ ਕੋਵਿਡ-19 ਦੇ ਚੱਲਦੇ “ਸ਼ੋਸ਼ਲ ਡਿਸਟੈਂਸਿੰਗ”  ਨੂੰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਪੀ. ਡੀ. ਸ੍ਰੀ ਜਗਜੀਤ ਸਿੰਘ ਵਾਲੀਆਂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ।ਕਣਕ ਦੀ ਸੁਚਾਰੂ ਖਰੀਦ ਲਈ ਜ਼ਿਲ੍ਹੇ ਦੀਆਂ 59 ਮੰਡੀਆਂ ਅਤੇ 19 ਸ਼ੈੱਲਰਾਂ ਦੇ ਨਾਲ-ਨਾਲ 95 ਹੋਰ ਆਰਜ਼ੀ ਫੜ੍ਹ ਵੀ ਬਣਾਏ ਗਏ ਹਨ। ਉਨਾਂ ਕਿਹਾ ਕਿ ਆੜ੍ਹਤੀਆਂ ਨੂੰ ਫੜ੍ਹ ਅਲਾਟ ਕੀਤੇ ਜਾ ਚੁੱਕੇ ਹਨ।ਇਸ ਤੋਂ ਇਲਾਵਾ ਵੀ ਜੇਕਰ ਲੋੜ ਮਹਿਸੂਸ ਹੋਈ ਤਾਂ ਹੋਰ ਆਰਜ਼ੀ ਖਰੀਦ ਕੇਂਦਰਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ, ਪਰ ਕਣਕ ਦੀ ਖਰੀਦ ਮੌਕੇ ਕੋਵਿਡ-19 ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਦਿੱਤੀਆਂ ਸਾਵਧਾਨੀਆਂ ਦਾ ਪਾਲਣ ਕਰਨਾ ਯਕੀਨੀ ਬਣਾਇਆ ਜਾਵੇਗਾ।
ਉਨਾਂ ਦੱਸਿਆ ਕਿ ਜਿਲੇ ਦੀਆਂ ਮੰਡੀਆਂ ਵਿੱਚ ਲੱਗੱਭਗ 7 ਲੱਖ ਮੀਟਰਕ ਟਨ ਕਣਕ ਪਹੁੰਚਣ ਦੀ ਸੰਭਾਵਨਾ ਹੈ ਅਤੇ ਇਸ ਲਈ ਸਰਕਾਰੀ ਖਰੀਦ ਏਜੰਸੀਆਂ ਪਨਸਪ, ਮਾਰਕਫੈਡ, ਪਨਗਰੇਨ, ਪੰਜਾਬ ਸਟੇਟ ਵੇਅਰ ਹਾੳੂਸ ਕਾਰਪੋਰੇਸ਼ਨ, ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਬਾਰਦਾਨੇ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ।ਉਨਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਇਸ ਸਾਲ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 1925 ਰੁਪਏ ਤੈਅ ਕੀਤਾ ਹੈ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਅਤੇ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਜ਼ਿਆਦਾ ਇਕੱਠ ਹੋਣ ਤੋਂ ਰੋਕਣ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਆੜ੍ਹਤੀਆ ਦੁਆਰਾ ਕਿਸਾਨਾਂ ਨੂੰ ਪਾਸ ਜਾਰੀ ਕਰਕੇ ਮੰਡੀਆਂ ਵਿੱਚ ਕਣਕ ਦੀ ਆਮਦ ਵਾਸਤੇ ਵਿਸਥਾਰਤ ਯੋਜਨਾ ਬਣਾਈ ਗਈ ਹੈ। ਉਹਨਾਂ ਕਿਹਾ ਕਿਸਾਨ ਜਾਰੀ ਕੀਤੇ ਗਏ ਪਾਸ ਰਾਹੀਂ ਹੀ ਕਣਕ ਦੀ ਟਰਾਲੀ ਮੰਡੀ ਵਿੱਚ ਲਿਆਉਣ ਦਾ ਹੱਕਦਾਰ ਹੋਵੇਗਾ।ਉਨਾਂ ਕਿਹਾ ਕਿ ਪਾਸ ਮਾਰਕੀਟ ਕਮੇਟੀਆਂ ਵੱਲੋਂ ਆੜ੍ਹਤੀਆ ਨੂੰ ਜਾਰੀ ਕੀਤੇ ਜਾਣਗੇ।
ਉਨਾਂ ਦੱਸਿਆ ਕਿ ਕੋਰੋਨਾਵਾਇਰਸ ਦੇ ਖ਼ਤਰੇ ਨੂੰ ਰੋਕਣ ਲਈ ਲੋੜੀਂਦੀਆਂ ਸਾਰੀਆਂ ਸੁਰੱਖਿਆ ਵਿਧੀਆਂ, ਸਫਾਈ ਦੇ ਪ੍ਰੋਟੋਕਲ, ਸਮਾਜਿਕ ਦੂਰੀ ਦੇ ਨਿਯਮਾਂ, ਮਾਸਕ ਪਾਉਣ ਤੇ ਸੈਨੀਟਾਈਜ਼ਰਾਂ ਦੀ ਵਰਤੋਂ ਸਖਤੀ ਨਾਲ ਲਾਗੂ ਕਰਨੀ ਯਕੀਨੀ ਬਣਾਇਆ ਜਾਵੇ।ਉਨਾਂ ਦੱਸਿਆ ਕਿ ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਬਿਜਲੀ, ਸਫਾਈ ਆਦਿ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। 
—————–