District Magistrate issues ban order on burning paddy stubble/cane waste

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਪਰਾਲੀ/ਨਾੜ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਪਾਬੰਦੀ ਦੇ ਹੁਕਮ ਜਾਰੀ
ਤਰਨ ਤਾਰਨ, 16 ਸਤੰਬਰ :
ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸੰਦੀਪ ਕੁਮਾਰ, ਆਈ. ਏ. ਐੱਸ., ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਪਰਾਲੀ/ਨਾੜ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 13 ਨਵੰਬਰ, 2024 ਤੱਕ ਲਾਗੂ ਰਹਿਣਗੇ।
ਜਿਲ੍ਹਾ ਮੈਜਿਸਟਰੇਟ ਨੇ ਹੁਕਮਾਂ ਵਿੱਚ ਕਿਹਾ ਕਿ ਸਾਲ 2024 ਦੀ ਝੋਨੇ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੇ ਕੱਟਣ ਉਪਰੰਤ ਨਾੜ/ਪਰਾਲੀ ਦੀ ਰਹਿੰਦ ਖੂੰਹਦ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾਉਣ ਦੀ ਪ੍ਰਥਾ ਹੋਣ ਕਰਕੇ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਨਾੜ/ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਸੰਭਾਵਨਾ ਬਣੀ ਰਹਿੰਦੀ ਹੈ। ਹਵਾ ਵਿੱਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਨਾੜ/ਪਰਾਲੀ ਦੀ ਰਹਿੰਦ ਖੂੰਹਦ ਅੱਗ ਲਗਾਉਣ ਨਾਲ ਜਮੀਨ ਦਾ ਉਪਯੋਗੀ ਜੀਵਕ ਮਾਦਾ ਜੋ ਕਿ ਜਮੀਨ ਲਈ ਬਹੁਤ ਲਾਭਦਾਇਕ ਹੈ, ਉਸ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਇਸ ਲਈ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਜ਼ਮੀਨ ਦੀ ਉੱਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ‘ਤੇ ਅਸਰ ਦੇਸ਼ ਦੇ ਉਤਪਾਦਨ ‘ਤੇ ਪੈਂਦਾ ਹੈ। ਸੜਕਾਂ ਦੁਆਲੇ ਮੌਜੂਦ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਨਾਲ ਪਿੰਡਾਂ ਵਿੱਚ ਲੜਾਈ ਹੋਣ ਦਾ ਵੀ ਡਰ ਰਹਿੰਦਾ ਹੈ।