District Red Cross Society is playing an important role in social work in view of COVID-19 – Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਿਸ਼ਨ ਫਤਿਹ
ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਮਾਜ-ਸੇਵੀ ਕੰਮਾਂ ਵਿੱਚ ਨਿਭਾਈ ਜਾ ਰਹੀ ਹੈ ਅਹਿਮ ਭੂਮਿਕਾ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ
ਤਰਨ ਤਾਰਨ, 2 ਜੂਨ :
ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵੱਲੋਂ ਸਮਾਜ-ਸੇਵੀ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਮੁਸ਼ਕਿਲ ਦੀ ਇਸ ਘੜੀ ਵਿੱਚ ਖੂਨਦਾਨ ਕੈਂਪ ਲਗਾ ਕੇ ਪੰਜਾਬ ਦੇ ਸਾਰੇ ਜਿਲਿਆਂ ਤੋਂ ਮੋਹਰੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ, ਸ੍ਰੀ ਵਿਨੋਦ ਕੁਮਾਰ ਪਟਵਾਰੀ, ਸ੍ਰੀ ਜਗਦੀਸ਼ ਸਿੰਘ ਵਾਲੀਆ ਅਤੇ ਕਾਰਜਕਾਰੀ ਸਕੱਤਰ ਸ੍ਰੀ ਟੀ. ਐਸ. ਰਾਜਾ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਮੈਂਬਰ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਅਹਿਮ ਮੁੱਦੇਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਹਨਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਜ਼ਿਲੇ੍ਹ ਵਿੱਚ ਸਮਾਜ ਭਲਾਈ ਦੇ ਕੰਮਾਂ ਵਿੱਚ ਸਭ ਤੋਂ ਅੱਗੇ ਹੋ ਕੇ ਕੰਮ ਕਰਦੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਮੈਂਬਰ ਸਾਹਿਬਾਨਾਂ ਨੂੰ ਵੱਧ ਤੋਂ ਵੱਧ ਲਾਈਫ ਮੈਂਬਰ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਗਰੀਬ ਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਹਮੇਸ਼ਾ ਤੱਤਪਰ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸਮਾਜ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੋਵਿਡ-19 ਦੇ ਮੱਦੇਨਜ਼ਰ ਸੰਕਟ ਦੀ ਇਸ ਘੜੀ ਵਿੱਚ ਗਰੀਬ ਪਰਿਵਾਰਾਂ ਨੂੰ 2,60,000 ਪੈਕੇਟ ਖਾਣੇ ਦੇ ਮੁਹੱਈਆ ਕਰਵਾਏ ਗਏ।ਲੱਾਕਡਾਊਨ ਦੌਰਾਨ ਲਗਾਏ ਗਏ ਖੂਨਦਾਨ ਕੈਂਪਾਂ ਦੌਰਾਨ 760 ਯੂਨਿਟ ਤੋਂ ਵੱਧ ਖੂਨ ਦਾ ਯੋਗਦਾਨ ਬਲੱਡ ਬੈਂਕ ਤਰਨ ਤਾਰਨ ਲਈ ਦਿੱਤਾ ਗਿਆ।ਇਸ ਤੋਂ ਇਲਾਵਾ ਜ਼ਿਲ੍ਹਾ ਰੈਡ ਕਰਾਸ ਵੱਲੋਂ 65000 ਕੱਪੜੇ ਦੇ ਮਾਸਕ, 3000 ਰਾਸ਼ਨ ਦੀਆਂ ਕਿੱਟਾਂ, 12000 ਪੀ. ਪੀ. ਈ. ਕਿੱਟਾਂ, ਅਤੇ 20,500 ਸੈਨੇਟਾਈਜਰ ਦੀਆਂ ਬੋਤਲਾਂ ਆਦਿ ਵੀ ਵੰਡੀਆਂ ਜਾ ਚੁੱਕੀਆਂ ਹਨ।
ਉਹਨਾਂ ਕਿਹਾ ਕਿ ਜ਼ਿਲੇ੍ਹ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਰੈਡ ਕਰਾਸ ਸੋਸਾਇਟੀ ਨੂੰ ਹਰੇਕ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।ਉਹਨਾਂ ਸਮਾਜ ਸੇਵੀ ਸੰਸਥਾਵਾਂ ਅਤੇ ਵਪਾਰਕ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਿੱਚ ਆਪਣਾ ਵਢਮੁੱਲਾ ਯੋਗਦਾਨ ਪਾਉਣ।
————-