Close

Doordarshan’s program “New Steps” announcing the transformation of government schools from March 27

Publish Date : 30/03/2021
DD
ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਸੁਨੇਹਾ ਦਿੰਦਾ ਦੂਰਦਰਸ਼ਨ ਦਾ ਪ੍ਰੋਗਰਾਮ ` ਨਵੀਆਂ ਪੈੜਾਂ` 27 ਮਾਰਚ ਤੋਂ 
 ਹਰ ਸ਼ਨੀਵਾਰ ਅਤੇ ਐਤਵਾਰ ਪ੍ਰਸਾਰਿਤ ਹੋਵੇਗਾ ਪ੍ਰੋਗਰਾਮ
ਤਰਨਤਾਰਨ 26 ਮਾਰਚ : 
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ ਨਾਲ ਇਹਨਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਲਈ ਲਗਾਤਾਰ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਅਧਿਆਪਕ ਖੁਦ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਸਾਂਝੀਆਂ ਥਾਵਾਂ `ਤੇ ਜਾ ਕੇ ਸਰਕਾਰੀ ਸਕੂਲਾਂ ਦੇ ਅਤਿ-ਆਧੁਨਿਕ ਹੋਏ ਢਾਂਚੇ ਦਾ ਸੁਨੇਹਾ ਦੇ ਰਹੇ ਹਨ ,ਉੱਥੇ ਹੀ ਵਿਭਾਗ ਦੀ ਮੀਡੀਆ ਟੀਮ ਵੱਲੋਂ ਸੋਸ਼ਲ ਅਤੇ ਪ੍ਰਿੰਟ ਮੀਡੀਆ ਜਰੀਏ ਵੀ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਸਕੂਲ ਸਿੱਖਿਆ ਵਿਭਾਗ ਦੇ ਬੁਲਾਰਿਆਂ ਨੇ ਦੱਸਿਆ ਕਿ ਇਹਨਾਂ ਤਮਾਮ ਕੋਸ਼ਿਸ਼ਾਂ ਦੇ ਨਾਲ ਨਾਲ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਢਾਂਚੇ ਦੀ ਤਬਦੀਲੀ ਦਾ ਸੁਨੇਹਾ ਦੇਣ ਲਈ 27 ਮਾਰਚ ਤੋਂ ਦੂਰਦਰਸ਼ਨ ਤੋਂ ਵੀ ਪ੍ਰੋਗਰਾਮ ਪ੍ਰਸਾਰਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਹਰ ਸ਼ਨੀਵਾਰ ਅਤੇ ਐਤਵਾਰ ਸ਼ਾਮ 3.30 ਤੋਂ 4.00 ਵਜੇ ਤੱਕ ਪ੍ਰੋਗਰਾਮ `ਨਵੀਆਂ ਪੈੜਾਂ` ਰਾਹੀਂ ਜਿਲ੍ਹਾ ਵਾਰ ਸਰਕਾਰੀ ਸਕੂਲਾਂ ਦੀਆਂ ਆਕਰਸ਼ਿਕ ਇਮਾਰਤਾਂ, ਉਪਲਬਧ ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ,ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾਇਆ ਕਰੇਗੀ।
ਸ਼੍ਰੀ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ, ਸ਼੍ਰੀ ਸੁਸ਼ੀਲ ਕੁਮਾਰ ਤੁਲੀ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ, ਸ਼੍ਰੀ ਪਰਮਜੀਤ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਅਤੇ ਸ਼੍ਰੀ ਹਰਪਾਲ ਸਿੰਘ ਸੰਧਾਵਾਲੀਆ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਨੇ ਦੱਸਿਆ ਕਿ ਸਮਾਰਟ ਸਕੂਲ ਮੁਹਿੰਮ ਅਧੀਨ ਜਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਆਕਰਸ਼ਕ ਗੇਟਾਂ ਅਤੇ ਚਾਰਦੀਵਾਰੀਆਂ ਨਾਲ ਦਿੱਖ ਸੰਵਾਰਨ ਦੇ ਨਾਲ ਨਾਲ ਸਕੂਲਾਂ ਦੀਆਂ ਇਮਾਰਤਾਂ ਅਤੇ ਜਮਾਤ ਕਮਰਿਆਂ ਨੂੰ ਸਿੱਖਣ ਸਮੱਗਰੀ ਭਰਪੂਰ ਪੇਟਿੰਗਾਂ ਨਾਲ ਸ਼ਿੰਗਾਰਿਆ ਗਿਆ ਹੈ। ਸਮਾਰਟ ਕਲਾਸ ਕਮਰੇ ਬਣਾਉਣ ਦੇ ਨਾਲ ਨਾਲ ਪੜ੍ਹਾਉਣ ਦੇ ਆਧੁਨਿਕ ਸਾਧਨ ਪ੍ਰਾਜੈਕਟਰ,ਐਲਸੀਡੀ ਅਤੇ ਐਜੂਸੈਟ ਮੁਹੱਈਆ ਕਰਵਾਏ ਗਏ ਹਨ।ਵਿਦਿਆਰਥੀਆਂ ਲਈ ਰਸਮੀ ਸਿੱਖਿਆ ਦੇ ਨਾਲ ਨਾਲ ਕਿੱਤਾਮੁਖੀ ਸਿੱਖਿਆ ਉਪਲਬਧ ਕਰਵਾਈ ਜਾ ਰਹੀ ਹੈ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਸੈਂਕੜੇ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਕਾਮਯਾਬ ਹੋ ਰਹੇ ਹਨ।ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਡਿਊਟੀ ਸੰਭਾਲਣ ਲਈ ਭੇਜਣ ਤੋਂ ਪਹਿਲਾਂ ਪ੍ਰਵੇਸ਼ ਸਿਖਲਾਈ ਜਰੀਏ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਵਿੱਦਿਅਕ ਅਤੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਪ੍ਰੇਮ ਸਿੰਘ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਤਰਨਤਾਰਨ ਨੇ ਦੱਸਿਆ ਕਿ ਸਿੱਖਿਆ ਅਧਿਕਾਰੀਆਂ ਦੀ ਅਗਵਾਈ ਹੇਠ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ,ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ ਵਧੀਆ ਨੌਕਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਬਾਰੇ ਜਾਣਕਾਰੀ ਦੇਣ ਲਈ ਸਟੇਟ ਮੀਡੀਆ ਟੀਮ ਵੱਲੋਂ ਜਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਦੂਰਦਰਸ਼ਨ ਲਈ ਸ਼ੂਟਿੰਗ ਕੀਤੀ ਜਾਵੇਗੀ।ਇਹ ਸਮੁੱਚੀ ਸ਼ੂਟਿੰਗ ਜਲਦੀ ਹੀ ਦੂਰਦਰਸ਼ਨ ਦੇ ਪ੍ਰੋਗਰਾਮ ਪ੍ਰੋਗਰਾਮ ਜਰੀਏ ਦਰਸ਼ਕਾਂ ਦੇ ਰੂਬਰੂ ਕੀਤੀ ਜਾਵੇਗੀ।