Close

Due to the flood situation, the Deputy Commissioner and SSP Tarn Taran visited villages along the banks of the river ..Appeal to people in lower places to come to safer places

Publish Date : 19/08/2019
dc
 
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਦਰਿਆ ਕਿਨਾਰੇ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਦੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਵੱਲੋਂ ਧੁੱਸੀ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਦੌਰਾ
ਨੀਵੇਂ ਥਾਵਾਂ ‘ਤੇ ਵੱਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਆ ਜਾਣ ਦੀ ਕੀਤੀ ਅਪੀਲ 
ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਲੋੜੀਂਦੇ ਪ੍ਰਬੰਧ
ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਾਰਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਉਚਿਤ ਮੁਆਵਜ਼ਾ
ਹਰੀਕੇ ਪੱਤਣ, ਕੋਟ ਬੁੱਢਾ (ਤਰਨ ਤਾਰਨ), 19 ਅਗਸਤ :
ਸਤਲੁਜ ਦਰਿਆ ਵਿੱਚ ਪਾਣੀ ਦੇ ਪੱਧਰ ‘ਚ ਲਗਾਤਾਰ ਹੋ ਰਹੇ ਵਾਧੇ ਕਾਰਨ ਨਾਲ ਸਬ-ਡਵੀਜ਼ਨ ਪੱਟੀ ਦੇ ਦਰਿਆ ਕਿਨਾਰੇ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਦੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਐੱਸ. ਐੱਸ. ਪੀ. ਸ੍ਰੀ ਧਰੁਵ ਦਾਹੀਆ ਨੇ ਧੁੱਸੀ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।
ਅੱਜ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕੋਟ ਬੁੱਢਾ, ਝੁੱਗੀਆਂ ਪੀਰ ਬਖਸ਼, ਮੁੱਠਿਆਂਵਾਲਾ, ਜੱਲੋਕੇ, ਸਭਰਾ ਅਤੇ ਕੁੱਤੀਵਾਲ ਆਦਿ ਪਿੰਡਾਂ ਅਤੇ ਹਰੀਕੇ ਪੱਤਣ ਹੈੱਡ ਵਰਕਸ ਦਾ ਦੌਰਾ ਕਰਦਿਆਂ ਇੱਥੇ ਨੀਵੇਂ ਥਾਵਾਂ ‘ਤੇ ਵੱਸੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਥਾਵਾਂ ‘ਤੇ ਆ ਜਾਣ।ਉਹਨਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖਣ ਲਈ ਰਾਹਤ ਕੈਂਪ ਬਣਾਏ ਗਏ ਹਨ।ਉਹਨਾਂ ਕਿਹਾ ਕਿ ਲੋਕਾਂ ਘਰਾਂ ਦੀ ਰਾਖੀ ਲਈ ਪੁਲਿਸ ਵਿਭਾਗ ਵੱਲੋਂ ਲੋੜੀਂਦੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਲੋਕਾਂ ਦੀ ਜਾਨ ਅਤੇ ਮਾਲ ਦੀ ਰਾਖੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਰ ਸਮੇਂ ਤਤਪਰ ਹੈ।
ਉਹਨਾਂ ਦੱਸਿਆ ਕਿ ਬੀਤੇ ਦਿਨ ਪਿੰਡ ਕੁੱਤੀਵਾਲ ਅਤੇ ਸਭਰਾ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਰੀ ਕਾਰਵਾਈ ਕਰਦੇ ਹੋਏ ਲੱਗਭਗ 34 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੰੁਚਾਇਆ ਗਿਆ ਹੈ।ਉਹਨਾਂ ਕਿਹਾ ਕਿ ਆਉਂਦੇ 48 ਘੰਟਿਆਂ ਵਿੱਚ ਪਾਣੀ ਦੇ ਪੱਧਰ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ, ਇਸ ਲਈ ਵਧੇਰੇ ਚੌਕਸ ਰਹਿਣ ਦੀ ਲੋੜ ਹੈ।ਉਹਨਾਂ ਕਿਹਾ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬ-ਡਵੀਜ਼ਨ ਪੱਧਰ ‘ਤੇ ਰਾਹਤ ਕੈਂਪ ਬਣਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਡਾਕਟਰੀ ਸਹਾਇਤਾ ਲਈ 14 ਮੈਡੀਕਲ ਟੀਮਾਂ ਗਠਨ ਕੀਤਾ ਗਿਆ ਅਤੇ ਪਸ਼ੂ ਪਾਲਣ ਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੂੰ ਵੀ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਰਹਿਣ ਲਈ ਹੁਕਮ ਜਾਰੀ ਕੀਤੇ ਗਏ ਹਨ।
ਇਸ ਡਿਪਟੀ ਕਮਿਸ਼ਨਰ ਨੇ ਇਲਾਕੇ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਾਰਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।ਉਹਨਾਂ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਉਪਰੰਤ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੀ ਜਾਵੇ ਤਾਂ ਜੋ ਸਮੇਂ ਸਿਰ ਸਰਕਾਰ ਨੂੰ ਭੇਜੀ ਜਾ ਸਕੇ।ਉਹਨਾਂ ਦੱਸਿਆ ਕਿ ਅਜੇ ਤੱਕ ਲੱਗਭੱਗ 4000 ਏਕੜ ਫਸਲ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਰਿਸ਼ੀ, ਐੱਸ. ਡੀ. ਐੱਮ. ਪੱਟੀ ਸ੍ਰੀ ਨਵਰਾਜ ਸਿੰਘ ਬਰਾੜ, ਐੱਸ. ਈ. ਡਰੇਨੇਜ਼ ਅੰਮ੍ਰਤਸਰ ਸ੍ਰੀ ਮਨਜੀਤ ਸਿੰਘ ਅਤੇ ਐਕਸੀਅਨ ਡਰੇਨੇਜ਼ ਸ੍ਰੀ ਮਹੇਸ਼ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।
————–