Close

During the harvest season farmers of the state will not face any problems

Publish Date : 07/04/2020
DC
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੰਜਾਬ ਸਰਕਾਰ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ-ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ 
ਵਾਢੀ ਦੇ ਸੀਜ਼ਨ ਦੌਰਾਨ ਰਾਜ ਦੇ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ
ਸਿਹਤ ਵਿਭਾਗ ਨਾਲ ਸਬੰਧਿਤ ਅਮਲੇ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਮੈਡੀਕਲ ਉਪਕਰਣਾਂ ਦੀ ਕਮੀ 
ਤਰਨ ਤਾਰਨ, 7 ਅਪਰੈਲ :
ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਲਗਾਏ ਕਰਫ਼ਿਊ ਤੇ ਤਾਲਾਬੰਦੀ ਦੌਰਾਨ ਲੋਕਾਂ ਨੂੰ ਰਾਹਤ ਦੇਣ ਅਤੇ ਕਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲ ਸਰੋਤ, ਹਾੳੂਸਿੰਗ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਐੱਸ. ਐੱਸ. ਪੀ. ਸ੍ਰੀ ਧਰੁਵ  ਦਾਹੀਆ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਵਿਸ਼ੇਸ ਤੌਰ ‘ਤੇ ਸ਼ਾਮਿਲ ਹੋਏ।
        ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕਰਵਾਈਆਂ ਗਈਆਂ 200 ਸੇਫ਼ਟੀ ਕਿੱਟਾਂ ਵੀ ਸਫ਼ਾਈ ਕਰਮਚਾਰੀਆਂ ਨੂੰ ਦਿੱਤੀਆਂ ਗਈਆਂ।
ਮੀਟਿੰਗ ਨੰੁ ਸੰਬੋਧਨ ਕਰਦਿਆਂ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਨਾਲ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉੁਹਨਾਂ ਕਿਹਾ ਕਿ ਸਿਹਤ ਵਿਭਾਗ ਨਾਲ ਸਬੰਧਿਤ ਸਮੂਹ ਭਾਈਚਾਰਾ ਆਪਣੀ ਤਨਦੇਹੀ ਨਾਲ ਡਿਊਟੀ ਨਿਭਾ ਰਿਹਾ ਹੈ। ਉਹਨਾਂ ਕਿਹਾ ਕਿ ਰਾਜ ਭਰ ਵਿੱਚ ਮੈਡੀਕਲ ਅਮਲੇ ਲਈ ਲੋੜੀਂਦੀਆਂ ਸਹੂਲਤਾਂ ਤੇ ਉਪਕਰਣਾਂ ਦੀ ਵੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁਸ਼ਕਲ ਦੀ ਇਸ ਘੜ੍ਹੀ ਵਿੱਚ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।ਪੰਜਾਬ ਸਰਕਾਰ ਵੱਲੋਂ  ਮੁਫਤ ਰਾਸ਼ਨ ਵੰਡ ਸਕੀਮ ਤਹਿਤ ਲੋੜਵੰਦਾਂ ਨੂੰ ਮੁਫਤ ਰਾਸ਼ਨ ਮੁਹੱਈਆ ਕਰਾਇਆ ਜਾ ਰਿਹਾ ਹੈ।ਇਸ ਦੇ ਨਾਲ ਹੀ ਹਾੜ੍ਹੀ ਦੇ ਸੀਜ਼ਨ ਦੇ ਮੱਦੇਨਜ਼ਰ ਉਨਾਂ ਆਖਿਆ ਕਿ ਕਿਸਾਨਾਂ ਨੂੰ ਕਣਕ ਦੀ ਵਾਢੀ ਲਈ ਕਰਫਿੳੂ ਵਿੱਚ ਲੋੜੀਂਦੀਆਂ ਛੋਟਾਂ ਦਿੱਤੀਆਂ ਗਈ ਹਨ।ਉਹਨਾਂ ਕਿਹਾ ਕਿ ਕਣਕ ਆਉਣ ਤੋਂ ਬਾਅਦ ਕਿਸਾਨ ਮੰਡੀਆਂ ਵੱਲ ਇੱਕੋ-ਦਮ ਰੁਖ ਨਾ ਕਰਨ, ਕੋਵਿਡ-19 ਦੇ ਮੱਦੇਨਜ਼ਰ ਸਮਾਜਿਕ ਦੂਰੀ ਨੂੰ ਬਣਾਏ ਰੱਖਣਾ ਬਹੁਤ ਜ਼ਰੂਰੀ ਹੈ, ਇਸ ਲਈ ਸਰਕਾਰ ਵੱਲੋਂ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਅਤੇ ਵਾਢੀ ਦੇ ਸੀਜ਼ਨ ਦੌਰਾਨ ਰਾਜ ਦੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।  
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਲੋੜੀਂਦੇ ਕਦਮ ਚੁੱਕੇ ਗਏ ਹਨ।ਸਿਵਲ ਹਸਪਤਾਲ ਤਰਨ ਤਾਰਨ ਅਤੇ ਗੂਰੂ ਨਾਨਕ ਦੇਵ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿੱਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ।ਇਸ ਤੋਂ ਇਲਾਵਾ 12 ਵੱਖ-ਵੱਖ ਥਾਵਾਂ ‘ਤੇ ਕੁਆਰਨਟੀਨ ਹੋਮ ਵੀ ਬਣਾਏ ਗਏ ਹਨ।ਉਨਾਂ ਕਿਹਾ ਕਿ ਬਾਹਰੋਂ ਆਉੁਣ ਵਾਲੇ ਵਿਅਕਤੀਆਂ ਦਾ ਲਗਾਤਾਰ ਚੈਕਅਪ ਕੀਤਾ ਜਾ ਰਿਹਾ ਹੈ।ਜ਼ਿਲ੍ਹੇ ਦੇ ਲੱਗਭੱਗ ਸਾਰੇ ਪਿੰਡਾਂ ਨੂੰ ਸੈੱਲਫ ਲੌਕਡਾਊਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰਫ਼ਿਊ ਦੌਰਾਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਆਉਣ-ਜਾਣ ਲਈ ਛੋਟ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਕੰਬਾਇਨ ਮਾਲਕਾਂ ਨੂੰ ਕੰਬਾਇਨਾਂ ਚਲਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਪਾਸ ਜਾਰੀ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ 318 ਕੰਬਾਇਨਾਂ ਨੂੰ ਕਰਫ਼ਿਊ ਪਾਸ ਜਾਰੀ ਕਰ ਦਿੱਤੇ ਗਏ ਹਨ।ਉਹਨਾਂ ਦੱਸਿਆ ਕਿ ਨੇ  ਕੰਬਾਇਨਾ ਰਿਪੇਅਰ ਦੀਆਂ ਦੁਕਾਨਾਂ ਸਵੇਰੇ 8:00 ਵਜੇ ਤੋ ਸ਼ਾਮ 6:00 ਵਜੇ ਤੱਖ ਖੁੱਲੀਆਂ ਰੱਖਣ ਦਾ ਹੁਕਮ ਦਿੱਤਾ ਗਿਆ ਹੈ।ਇਸ ਵਿੱਚ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਅਨੂਪ ਕੁਮਾਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਕੁਲਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਹਨ।
—————-