Farmers should adopt the new technologies mentioned by the agricultural experts to make agriculture profitable – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਿਸਾਨਾਂ ਨੂੰ ਖੇਤੀ ਮਾਹਰਾਂ ਵੱਲੋਂ ਦੱਸੀਆਂ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਖੇਤੀ ਨੂੰ ਲਾਹੇਵੰਦ ਬਣਾਉਣਾ ਚਾਹੀਦਾ ਹੈ-ਡਿਪਟੀ ਕਮਿਸ਼ਨਰ
ਕੁਦਰਤ ਦੀ ਅਨਮੋਲ ਦਾਤ ਪਾਣੀ ਦੀ ਬੱਚਤ ਕਰਨ ਲਈ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਛੱਡ ਕੇ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ-ਡਾ. ਕਸ਼ਮੀਰ ਸਿੰਘ ਸੋਹਲ
ਕਿਸਾਨਾਂ ਨੰੁ ਸਾਉਣੀ ਦੀਆਂ ਫ਼ਸਲਾਂ ਅਤੇ ਖੇਤੀ ਦੇ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕੈਂਪ
ਤਰਨ ਤਾਰਨ, 03 ਅਪ੍ਰੈਲ :
ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਖੇਤੀ ਦੇ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨਤਾਰਨ ਵੱਲੋਂ ਸਥਾਨਕ ਆਰ. ਕੇ. ਰਿਜ਼ੌਰਟ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਡਾ. ਕਸ਼ਮੀਰ ਸਿੰਘ ਸੋਹਲ ਐੱਮ. ਐੱਲ. ਏ. ਤਰਨਤਾਰਨ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕੁਦਰਤ ਦੀ ਅਨਮੋਲ ਦਾਤ ਪਾਣੀ ਦੀ ਬੱਚਤ ਕਰਨ ਲਈ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਛੱਡ ਕੇ ਬਦਲਵੀਆਂ ਫ਼ਸਲਾਂ ਜਿਵੇਂ ਕਿ ਮੱਕੀ, ਮੂੰਗੀ ਅਤੇ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਜਿਵੇਂ ਕਿ ਬਾਸਮਤੀ ਦੀ ਕਾਸ਼ਤ ਕਰਨੀ ਚਾਹੀਦੀ ਹੈ। ਇਸ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ।
ਇਸ ਮੌਕੇ ਤੇ ਵੱਖ-ਵੱਖ ਮਹਿਕਮਿਆਂ ਅਤੇ ਸਵੈ ਸਹਾਇਤਾ ਗਰੁੱਪਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਤਰਨਤਾਰਨ ਡਾ. ਰਿਸ਼ੀਪਾਲ ਸਿੰਘ ਨੇ ਕੀਤਾ । ਉਨ੍ਹਾਂ ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਪਾਣੀ ਦੇ ਡਿਗਦੇ ਪੱਧਰ ਨੂੰ ਵੀ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤਾਂ ਵਿੱਚ ਹੀ ਮਿਲਾਉਣ ਦੀ ਅਪੀਲ ਕੀਤੀ।ਉਹਨਾਂ ਨੇ ਖੇਤੀ ਮਾਹਰਾਂ ਵੱਲੋਂ ਲਗਾਏ ਗਏ ਕਿਸਾਨ ਭਲਾਈ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਮਾਹਰਾਂ ਵੱਲੋਂ ਦੱਸੀਆਂ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਖੇਤੀ ਨੂੰ ਲਾਹੇਵੰਦ ਬਣਾਉਣਾ ਚਾਹੀਦਾ ਹੈ।
ਇਸ ਮੌਕੇ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਬਾਸਮਤੀ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਸਾਲ ਪੰਦਰਾਂ ਸੌ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਾਸ਼ੀ ਦਿੱਤੀ ਗਈ ਸੀ ਜਿਹੜੀ ਕਿ ਇਸ ਸਾਲ ਵੀ ਝੋਨੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ।ਇਸ ਸਾਲ ਪੰਜਾਬ ਸਰਕਾਰ ਵੱਲੋਂ ਬਾਸਮਤੀ ਹੇਠ ਰਕਬਾ ਵਧਾਉਣ ਲਈ ਕਿਸਾਨ ਮਿੱਤਰਾਂ ਦੀ ਚੋਣ ਵੀ ਕੀਤੀ ਗਈ ਹੈ। ਇਹ ਕਿਸਾਨ ਮਿੱਤਰ ਖੁਦ ਸਿੱਖਿਅਤ ਹੋ ਕੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕਿਸਾਨਾਂ ਨੂੰ ਬਾਸਮਤੀ ਦੀ ਕਾਸ਼ਤ ਕਰਨ ਲਈ ਉਤਸ਼ਾਹਤ ਕਰਨਗੇ। ਉਹਨਾਂ ਨੇ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਹੋਇਆ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪੀਏ ਦਿਲਬਾਗ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਬਦਲਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਕਿਸਾਨਾਂ ਨੂੰ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ।
ਇਸ ਮੌਕੇ ਜਿਲ੍ਹਾ ਸਿਖਲਾਈ ਅਫਸਰ ਡਾ. ਹਰਪਾਲ ਸਿੰਘ ਪੰਨੂੰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਲਵਾਈ 20 ਜੂਨ ਤੋਂ ਬਾਅਦ ਕੀਤੀ ਜਾਵੇ ਤਾਂ ਜੋ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਈ ਜਾ ਸਕੇ।
ਸਟੇਜ ਸੰਚਾਲਨ ਕਰਦਿਆਂ ਡਾ. ਭੁਪਿੰਦਰ ਸਿੰਘ ਖੇਤੀਬਾੜੀ ਅਫ਼ਸਰ ਨੇ ਹਾਜ਼ਰੀਨ ਨੂੰ ਮੋਟੇ ਅਨਾਜ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮੋਟੇ ਅਨਾਜਾਂ ਦੀ ਵਰਤੋਂ ਕਿਸਾਨਾਂ ਲਈ, ਵਾਤਾਵਰਣ ਲਈ, ਮਿੱਟੀ ਅਤੇ ਮਨੁੱਖੀ ਸਿਹਤ ਸਾਰਿਆਂ ਦੇ ਲਈ ਲਾਭਦਾਇਕ ਹੈ।
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਚੇਅਰਮੈਨ ਰਜਿੰਦਰ ਸਿੰਘ ਉਸਮਾ, ਚੇਅਰਮੈਨ ਗੁਰਿੰਦਰ ਸਿੰਘ ਬਹਿੜਵਾਲ, ਮਧੂ ਵਰਮਾ, ਜਿਲ੍ਹਾ ਪ੍ਰਧਾਨ ਇਸਤਰੀ ਵਿੰਗ, ਜਤਿੰਦਰ ਸਿੰਘ ਮੁੰਡਾ ਪਿੰਡ, ਪ੍ਰਭਪਾਲ ਸਿੰਘ ਢਿੱਲੋਂ, ਡਾ. ਹਰਦਿਆਲ ਸਿੰਘ ਘਰਿਆਲਾ, ਗੁਰਬਚਨ ਸਿੰਘ ਬੁਰਜ ਦੇਵਾ ਸਿੰਘ, ਬਾਬਾ ਸ਼ੇਰ ਸਿੰਘ ਕੋਟ ਬੁੱਢਾ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ ।
ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਜਿਲ੍ਹਾ ਪਸਾਰ ਮਾਹਿਰ, ਕ੍ਰਿਸ਼ੀ ਵਿਗਿਆਨ ਕੇਂਦਰ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ, ਖ਼ਾਲਸਾ ਕਾਲਜ ਸਿਖਲਾਈ ਕੇਂਦਰ ਦੇ ਮਾਹਰਾਂ ਨੇ ਵੱਖ ਵੱਖ ਵਿਸ਼ਿਆਂ ਤੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਵਿਕਰਮ ਸੂਦ, ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ , ਖੇਤੀਬਾੜੀ ਅਫ਼ਸਰ ਗੰਡੀਵਿੰਡ ਡਾ. ਗੁਰਿੰਦਰਜੀਤ ਸਿੰਘ, ਖੇਤੀਬਾੜੀ ਅਫਸਰ ਖਡੂਰ ਸਾਹਿਬ ਡਾ. ਮਲਵਿੰਦਰ ਸਿੰਘ, ਖੇਤੀਬਾੜੀ ਅਫਸਰ ਤਰਨਤਾਰਨ ਡਾ. ਰੁਲਦਾ ਸਿੰਘ, ਖੇਤੀਬਾੜੀ ਅਫ਼ਸਰ ਭਿੱਖੀਵਿੰਡ ਡਾ ਤੇਜਬੀਰ ਸਿੰਘ, ਡਾ. ਹਰਮੀਤ ਸਿੰਘ ਏਡੀਓ ਵਲਟੋਹਾ, ਡਾ. ਰਮਨਦੀਪ ਸਿੰਘ ਏਡੀਓ ਨੌਸ਼ਹਿਰਾ ਪੰਨੂਆਂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ।
ਜ਼ਿਲ੍ਹਾ ਪੱਧਰੀ ਕੈਂਪ ਵਿੱਚ ਲਗਾਏ ਸਟਾਲਾਂ ਪ੍ਰਦਰਸ਼ਨੀ ਤੇ ਆਏ ਹੋਏ ਕਿਸਾਨਾਂ ਨੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਤ ਵੀ ਕੀਤਾ ਗਿਆ।