Close

Farmers will not face any difficulty in selling the paddy crop in the state markets – Mr. Kuldeep Singh Dhaliwal

Publish Date : 11/10/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਰਾਜ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਸ੍ਰੀ ਕੁਲਦੀਪ ਸਿੰਘ ਧਾਲੀਵਾਲ
ਦਾਣਾ ਮੰਡੀ ਤਰਨ ਤਾਰਨ ਅਤੇ ਹਰੀਕੇ ਪੱਤਣ ਦਾ ਦੌਰਾ ਕਰਨ ਦੌਰਾਨ ਕਿਸਾਨਾਂ ਅਤੇ ਆੜਤੀਆਂ ਦੀਆਂ ਸੁਣੀਆ ਮੁਸ਼ਕਿਲਾਂ
ਤਰਨ ਤਾਰਨ, 10 ਅਕਤੂਬਰ :
ਰਾਜ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇਗੀ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਪੰਜਾਬ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਦੀਆਂ ਦਾਣਾ ਮੰਡੀਆਂ ਤਰਨ ਤਾਰਨ ਅਤੇ ਹਰੀਕੇ ਪੱਤਣ ਦਾ ਦੌਰਾ ਕਰਨ ਦੌਰਾਨ ਕੀਤਾ।ਇਸ ਮੌਕੇ ਉਹਨਾਂ ਕਿਸਾਨਾਂ ਅਤੇ ਆੜਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆ।
ਇਸ ਮੌਕੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।ਉਹਨਾਂ ਕਿਹਾ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬਿਜਲੀ, ਪਾਣੀ ਅਤੇ ਸਫ਼ਾਈ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ।
ਖੇਤੀਬਾੜੀ ਮੰਤਰੀ ਪੰਜਾਬ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਫਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਉਹਨਾਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਪ੍ਰਬੰਧਨ ਨੂੰ ਤਰਜੀਹ ਦੇਣ।ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਸਾਡਾ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਸਾਡੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਹੁੰਦੀ ਹੈ।ਉਹਨਾਂ ਕਿਹਾ ਕਿ ਅੱਜ ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਵੀ ਵਾਤਾਵਰਣ ਦੀ ਸਾਂਭ ਸੰਭਾਲ ਲਈ ਸਹਿਯੋਗ ਦੀ ਮੰਗ ਕੀਤੀ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਹਰਜੋਤ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।