Financial assistance of Rs. 1500 per acre will be provided to farmers who sow paddy directly – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਦਾਨ ਕੀਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀ. ਐੱਸ. ਆਰ. ਤਕਨੀਕ ਰਾਹੀਂ ਝੋਨੇ ਦੀ ਬਿਜਾਈ ਕਰਨ ਦੀ ਕੀਤੀ ਅਪੀਲ
ਤਰਨ ਤਾਰਨ, 08 ਮਈ :
ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਸਾਉਣੀ ਸੀਜ਼ਨ ਵਿੱਚ ਝੋਨੇ ਦੀ ਬਿਜਾਈ ਡੀ. ਐੱਸ. ਆਰ. (ਡਾਇਰੈਕਟ ਸੀਡਿੰਗ ਆਫ਼ ਰਾਈਸ) ਤਕਨੀਕ ਨਾਲ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡੀ. ਐੱਸ. ਆਰ. ਤਕਨੀਕ ਅਧੀਨ ਰਕਬੇ ਦੀ ਤਸਦੀਕ ਰਿਮੋਟ ਸੈਂਸਿੰਗ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਖੇਤੀਬਾੜੀ ਵਿਭਾਗ ਵੱਲੋਂ ਆਨਲਾਈਨ ਪੋਰਟਲ ਦੇ ਮਾਧਿਅਮ ਨਾਲ ਡੀ. ਬੀ. ਟੀ. ਰਾਹੀਂ ਸਿੱਧੀ ਖਾਤਿਆਂ ਵਿੱਚ ਭੇਜੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਸਰਕਾਰੀ ਵੱਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਬੰਧੀ ਜਾਗਰੂਕਤਾ ਫੈਲਾਉਣ ਦੀਆਂ ਹਦਾਇਤ ਕਰਦਿਆਂ ਕਿਹਾ ਕਿ ਮਾਹਰਾਂ ਮੁਤਾਬਕ ਇਸ ਤਕਨੀਕ ਜ਼ਰੀਏ ਝੋਨੇ ਦੀ ਬਿਜਾਈ ਕਰਨ ਨਾਲ 20 ਫੀਸਦੀ ਜ਼ਮੀਨੀ ਪਾਣੀ ਦੀ ਬੱਚਤ ਹੁੰਦੀ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾਗਰੂਕਤਾ ਕੈਂਪਾਂ, ਪ੍ਰਦਰਸ਼ਨੀਆਂ, ਸਕੂਲੀ ਬੱਚਿਆਂ ਅਤੇ ਧਾਰਮਿਕ ਸਥਾਨਾਂ ਜ਼ਰੀਏ ਅਨਾਊਂਸਮੈਂਟ ਰਾਹੀਂ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ. ਤਕਨੀਕ) ਅਤੇ ਮਾਲੀ ਮੱਦਦ ਸਬੰਧੀ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਵੱਡਮੁੱਲੇ ਖਜ਼ਾਨੇ ਦੀ ਸੰਭਾਲ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀ. ਐੱਸ. ਆਰ. ਤਕਨੀਕ ਰਾਹੀਂ ਝੋਨੇ ਦੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ ਹੈ।ਉਨ੍ਹਾਂ ਪੰਚਾਇਤ ਅਫ਼ਸਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਚਾਇਤ ਦੀਆਂ ਜ਼ਮੀਨਾਂ ਨੂੰ ਚਕੌਤੇ ’ਤੇ ਦੇਣ ਮੌਕੇ ਜ਼ਮੀਨਾਂ ਨੂੰ ਠੇਕੇ ’ਤੇ ਲੈਣ ਵਾਲੇ ਚਕੌਤੇਦਾਰਾਂ ਨੂੰ ਝੋਨੇ ਦੀ ਬਿਜਾਈ ਡੀ. ਐੱਸ. ਆਰ. ਪ੍ਰਣਾਲੀ ਨਾਲ ਕਰਨ ਦੀ ਹਦਾਇਤ ਕੀਤੀ ਜਾਵੇ।