Close

Food Safety Wing inspects dairies: Civil Surgeon Dr. Gurpreet Singh Rai

Publish Date : 18/06/2025

ਖੁਰਾਕ ਸੁਰੱਖਿਆ ਵਿੰਗ ਵੱਲੋਂ ਡੇਅਰੀਆਂ ਦੀ ਕੀਤੀ ਗਈ ਜਾਂਚ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਦੁੱਧ, ਘਿਓ, ਦਹੀ, ਪਨੀਰ, ਰਸ ਮਲਾਈ, ਵੇਸਣ ਬਰਫੀ ਅਤੇ ਸਪਰਿੰਗ ਰੋਲ ਦੇ 27 ਸੈਂਪਲਾਂ ਨੂੰ ਅਗਲੇਰੀ ਜਾਂਚ ਲਈ ਖਰੜ ਲੈਬੋਰੇਟਰੀ ਭੇਜਿਆ

ਤਰਨ ਤਾਰਨ, ਜੂਨ 17

ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਸਿਹਤ ਅਫਸਰ ਡਾ ਸੁਖਬੀਰ ਕੌਰ ਔਲਖ ਦੀ ਅਗਵਾਈ ਹੇਠ ਜਿਲੇ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਸੋਮਵਾਰ ਅਤੇ ਮੰਗਲਵਾਰ ਨੂੰ ਤਰਨ ਤਾਰਨ ਸ਼ਹਿਰ ਤੋਂ ਇਲਾਵਾ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਦੇ ਵਿੱਚ ਡੇਅਰੀਆਂ, ਦੁੱਧ ਢੋਣ ਵਾਲੇ ਵਾਹਨਾ ਅਤੇ ਫਾਸਟ ਫੂਡ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲੇ ਦੇ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਇਸੇ ਲੜੀ ਤਹਿਤ ਵਿੰਗ ਵੱਲੋਂ ਡੇਅਰੀਆਂ ਅਤੇ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਉਹਨਾਂ ਕਿਹਾ ਕਿ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਦੁਕਾਨਦਾਰ ਜਾਂ ਫਿਰ ਡੇਅਰੀ ਮਾਲਕ ਘੱਟੀਆ ਪੱਧਰ ਦਾ ਸਮਾਨ ਵੇਚਦੇ ਪਾਇਆ ਜਾਵੇਗਾ, ਤਾਂ ਉਸ ਵਿਰੁੱਧ ਢੁੱਕਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 ਜਿਲਾ ਸਿਹਤ ਅਫਸਰ ਡਾ ਸੁਖਬੀਰ ਕੌਰ ਨੇ ਦੱਸਿਆ ਕਿ ਖੁਰਾਕ ਸੁਰੱਖਿਆ ਵਿੰਗ ਵੱਲੋਂ ਤਰਨ ਤਾਰਨ ਸ਼ਹਿਰ ਤੋਂ ਇਲਾਵਾ ਜ਼ਿਲੇ ਦੇ ਪਿੰਡ ਕਾਲਵਾਂ, ਦਿਲਾਵਲੀਪੁਰ, ਭੱਠਲ, ਚੌਲਾ ਸਾਹਿਬ, ਡੇਰਾ ਸਾਹਿਬ, ਘੜਕਾ, ਚੰਬਾ, ਧੱਤਲ, ਗੰਡੀਵਿੰਡ, ਨੌਸ਼ਹਿਰਾ ਪੰਨੂਆਂ ਵਿਖੇ ਡੇਅਰੀਆਂ ਅਤੇ ਦੁੱਧ ਢੋਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ। ਉਹਨਾਂ ਦੱਸਿਆ ਕਿ ਖੁਰਾਕ ਸੁਰੱਖਿਆ ਵਿੰਗ ਵੱਲੋਂ ਦੁੱਧ, ਦਹੀਂ, ਪਨੀਰ, ਦੇਸੀ ਘਿਓ, ਵੇਸਨ ਦੀ ਬਰਫੀ ਅਤੇ ਰਸ ਮਲਾਈ  ਦੇ 25 ਸੈਂਪਲ ਅਗਲੇਰੀ ਜਾਂਚ ਲਈ ਖਰੜ ਲੈਬੋਰੇਟਰੀ ਵਿਖੇ ਭੇਜੇ ਗਏ ਹਨ। ਉਹਨਾਂ ਦੱਸਿਆ ਕਿ ਡੇਅਰੀਆਂ ਤੋਂ ਇਲਾਵਾ ਫਾਸਟ ਫੂਡ ਸਮਾਨ ਵੇਚਣ ਵਾਲੀਆਂ ਦੁਕਾਨਾਂ ਦੀ ਵੀ ਜਾਂਚ ਕੀਤੀ ਗਈ ਅਤੇ ਟੀਮ ਵੱਲੋਂ ਸਪਰਿੰਗ ਰੋਲ ਦੇ 2 ਸੈਂਪਲ ਵੀ ਲੈਬੋਰੇਟਰੀ ਵਿਖੇ ਜਾਂਚ ਲਈ ਭੇਜੇ ਗਏ ਹਨ।

ਜ਼ਿਲਾ ਸਿਹਤ ਅਫਸਰ ਡਾ ਸੁਖਬੀਰ ਕੌਰ ਨੇ ਦੱਸਿਆ ਕਿ ਜਾਂਚ ਦੌਰਾਨ ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋਂ ਇੱਕ ਡੇਅਰੀ ਮਾਲਕ ਨੂੰ ਸੁਧਾਰ ਨੋਟਿਸ ਜਾਰੀ ਕਰਦਿਆਂ ਸਾਫ ਸਫਾਈ ਦੇ ਸਾਰੇ ਮਾਪਦੰਡਾ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਡਾ ਸੁਖਬੀਰ ਕੌਰ ਨੇ ਕਿਹਾ ਕਿ ਮੌਜੂਦਾ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡੇਅਰੀ ਮਾਲਕਾਂ ਅਤੇ ਦੁਕਾਨਦਾਰਾਂ ਨੂੰ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ ਕਿ ਕੰਮ ਕਾਜ ਵਾਲੇ ਸਥਾਨ ਤੇ ਪਾਣੀ ਨੂੰ ਇਕੱਠਾ ਨਾ ਹੋਣ ਦੇਣ ਤਾਂ ਜੋ ਮੱਖੀ ਮੱਛਰ ਦੇ ਪੈਦਾ ਹੋਣ ਦਾ ਖਦਸਾ ਨਾ ਬਣੇ। ਇਸ ਮੌਕੇ ਫੂਡ ਸੇਫਟੀ ਅਫਸਰ ਸਾਕਸ਼ੀ ਖੋਸਲਾ ਅਤੇ ਅਸ਼ਵਨੀ ਕੁਮਾਰ ਵੀ ਮੌਜੂਦ ਰਹੇ।