In view of COVID, pass will be issued to prevent congestion in mandis during wheat procurement process – Deputy Commissioner
Publish Date : 09/04/2021

ਕੋਵਿਡ ਦੇ ਮੱਦੇਨਜ਼ਰ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿਚ ਭੀੜ ਰੋਕਣ ਲਈ ਜਾਰੀ ਕੀਤੇ ਜਾਣਗੇ ਪਾਸ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀ ਵਿਚ ਸੁੱਕੀ ਫਸਲ ਲੈ ਕੇ ਆਉਣ ਦੀ ਅਪੀਲ
ਤਰਨ ਤਾਰਨ, 08 ਅਪ੍ਰੈਲ :
ਜਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਕਰਵਾਉਣ ਲਈ ਕਰੋਨਾ ਵਾਇਰਸ ਦੇ ਤੇਜ਼ੀ ਨਾਲ ਵਧਦੇ ਮਾਮਲਿਆਂ ਕਾਰਨ ਇਸ ਵਾਰ ਵੀ ਕਿਸਾਨਾਂ ਨੂੰ ਕਣਕ ਮੰਡੀ ਵਿਚ ਲਿਆਉਣ ਲਈ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਮੰਡੀਆਂ ਵਿਚ ਭੀੜ ਨਾ ਹੋਵੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਦੀ ਸਾਫ ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਬਾਰਦਾਨੇ ਆਦਿ ਦਾ ਢੁਕਵਾਂ ਪ੍ਰਬੰਧ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਮੂਹ ਖਰੀਦ ਕੇਂਦਰਾਂ ‘ਤੇ ਮੰਡੀ ਬੋਰਡ ਵੱਲੋਂ ਹੱਥ ਧੋਣ ਲਈ ਪਾਣੀ, ਸੈਨੇਟਾਈਜੇਸ਼ਨ ਅਤੇ ਮਾਸਕ ਆਦਿ ਦਾ ਵੀ ਢੁਕਵਾਂ ਪ੍ਰਬੰਧ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਸਰਕਾਰੀ ਖਰੀਦ 10 ਅ੍ਰਪੈਲ, 2021 ਤੋਂ ਸ਼ੁਰੂ ਹੋ ਰਹੀ ਹੈ, ਜਿਸ ਤਹਿਤ ਜਿਲ੍ਹੇ ਦੀਆਂ ਮੰਡੀਆਂ ਵਿਚ ਖਰੀਦ ਲਈ ਲੱਗਭੱਗ 6. 80 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਣ ਦਾ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ। ਇਸ ਤੋਂ ਇਲਾਵਾ ਕੰਬਾਇਨ ਮਾਲਕਾਂ ਨੂੰ ਵੀ ਕਿਹਾ ਗਿਆ ਕਿ ਉਹ ਨਮੀ ਵੇਲੇ ਕਣਕ ਦੀ ਕਟਾਈ ਨਾ ਕਰਨ।
ਜਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਕਣਕ ਦੀ ਵੱਖ-ਵੱਖ ਏਜੰਸੀਆਂ ਵਲੋਂ ਖਰੀਦ ਅਤੇ ਭੰਡਾਰਨ ਦਾ ਪ੍ਰਬੰਧ ਕਰ ਲਿਆ ਗਿਆ ਹੈ ਤਾਂ ਜੋ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਜਿਲ੍ਹਾ ਮੰਡੀ ਅਫਸਰ ਤਰਨ ਤਾਰਨ ਸ੍ਰੀ ਅਜੈਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਜ਼ਿਲ੍ਹੇ ਦੀਆਂ 60 ਪੱਕੀਆਂ ਮੰਡੀਆਂ ਤੋਂ ਇਲਾਵਾ 35 ਖਰੀਦ ਕੇਂਦਰ ਬਣਾਏ ਗਏ ਹਨ।