Incidents of setting paddy straw on fire in the district will be strictly controlled by the Deputy Commissioner

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਸਖਤੀ ਨਾਲ ਪਾਇਆ ਜਾਵੇਗਾ ਕਾਬੂ-ਡਿਪਟੀ ਕਮਿਸ਼ਨਰ
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਵਿਰੱਧ ਐੱਫ਼. ਆਈ. ਆਰ. ਦਰਜ ਕਰਕੇ ਕੀਤਾ ਜਾਵੇਗਾ ਜੁਰਮਾਨਾ
ਤਰਨ ਤਾਰਨ, 26 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਗੁਲਪ੍ਰੀਤ ਸਿੰਘ ਔਲ਼ਖ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਸਖਤੀ ਨਾਲ ਕਾਬੂ ਪਾਇਆ ਜਾਵੇਗਾ। ਉਹਨਾਂ ਕਿਹਾ ਇਸ ਲਈ ਸਮੂਹ ਸਿਵਲ ਤੇ ਪੁਲਿਸ ਅਧਿਕਾਰੀ ਰੋਜ਼ਾਨਾ ਫੀਲਡ ਵਿੱਚ ਰਹਿਣਗੇ ਅਤੇ ਪਰਾਲੀ ਨੰੁ ਅੱਗ ਲਾਉਣ ਵਾਲੇ ਲੋਕਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਉਣਗੇ।ਉਹਨਾਂ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਰਤਣ ਵਾਲਿਆਂ ਅਧਿਕਾਰੀਆਂ ਵਿਰੁੱਧ ਸਖਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਵਿਰੱਧ ਐੱਫ਼. ਆਈ. ਆਰ. ਦਰਜ ਕਰਕੇ ਬਣਦਾ ਜੁਰਮਾਨਾ ਵੀ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਜੇਕਰ ਕੋਈ ਪ੍ਰਸ਼ਾਸਨਿਕ ਕਾਰਵਾਈ ਵਿੱਚ ਰੁਕਾਵਟ ਪਾਉਂਦਾ ਹੈ ਤਾਂ ਉਸ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਸ਼ੱਕ ਪਿਛਲੇ ਸਮੇਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ, ਪਰਾਲੀ, ਨਾੜ ਨੂੰ ਸੰਭਾਲਣ ਦੇ ਸਾਧਨ ਸੀਮਤ ਸਨ ਪਰ ਅੱਜ ਸਰਕਾਰ ਵੱਲ਼ੋ ਇਸ ਸਮੱਸਿਆਵਾਂ ਦਾ ਹੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਜਾਗਰੂਕ ਹਨ ਅਤੇ ਸਰਕਾਰ ਵਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਅਗਾਂਹਵਧੂ ਕਿਸਾਨ ਵੀ ਹਨ, ਜੋ ਪਿਛਲੇ ਕਈ ਸਾਲਾ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਤੇ ਅਗਲੀ ਫਸਲ ਦੀ ਬਿਜਾਈ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਕਿਸਾਨ ਸਮਾਜ ਲਈ ਰਾਹ ਦਿਸੇਰਾ ਹਨ ਅਤੇ ਪ੍ਰਸ਼ਾਸਨ ਹਮੇਸ਼ਾਂ ਅਜਿਹੇ ਕਿਸਾਨਾਂ ਨਾਲ ਸਹਿਯੋਗ ਕਰਨ ਲਈ ਅੱਗੇ ਰਹਿੰਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ। ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਕਈ ਹਾਨੀਕਾਰਕ ਬਿਮਾਰੀਆਂ ਪੈਦਾ ਹੁੰਦੀਆਂ ਹਨ। ਜ਼ਮੀਨ ਦੀ ਉਪਜਾਊ ਸ਼ਕਤੀ ਖਤਮ ਹੁੰਦੀ ਹੈ। ਮਿੱਤਰ ਕੀੜੇ ਮਰਦੇ ਹਨ। ਸੜਕੀ ਹਾਦਸੇ ਵਾਪਰਨ ਨਾਲ ਜਾਨੀ ਨੁਕਸਾਨ ਹੁੰਦੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਾਨਵਤਾ ਦੀ ਭਲਾਈ ਲਈ ਪਰਾਲੀ/ਨਾੜ ਨੂੰ ਅੱਗ ਨਾ ਲਾਈ ਜਾਵੇ।
ਉਨ੍ਹਾਂ ਕਿਸਾਨਾ ਨੂੰ ਯਕੀਨ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੁਹਾਡੇ ਨਾਲ ਹੈ, ਇਸ ਲਈ ਪਰਾਲੀ ਨਾ ਸਾੜੀ ਜਾਵੇ।ਉਨ੍ਹਾ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਜ਼ਿਲ੍ਹੇ ਵਿੱਚ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਸੁਸਾਇਟੀਆਂ ਤੇ ਪੰਚਾਇਤਾਂ ਕੋਲੋ ਉਪਲੱਬਧ ਮਸ਼ੀਨਰੀ ਦਾ ਰੋਸਟਰ ਬਣਾਉਣ ਅਤੇ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਈ ਜਾਵੇ।