Close

Krishi Vigyan Kendra Tarn Taran hosts agricultural loan event debt approval letter handed over by the Deputy Commissioner to 100 livestock borrowers

Publish Date : 10/03/2021
DC
ਕ੍ਰਿਸ਼ੀ ਵਿਗਿਆਨ ਕੇਂਦਰ ਤਰਨਤਾਰਨ ਵਿਖੇ ਖੇਤੀ ਕਰਜ਼ਾ ਸਮਾਗਮ ਦਾ ਆਯੋਜਨ
ਡਿਪਟੀ ਕਮਿਸ਼ਨਰ ਨੇ 100 ਪਸ਼ੂਧਨ ਕਰਜ਼ਾ ਲੈਣ ਵਾਲਿਆਂ ਨੂੰ ਸੌਂਪੇ ਕਰਜ਼ਾ ਮਨਜ਼ੂਰੀ ਪੱਤਰ
ਤਰਨ ਤਾਰਨ, 03 ਮਾਰਚ :
ਕ੍ਰਿਸ਼ੀ ਵਿਗਿਆਨ ਕੇਂਦਰ ਤਰਨ ਤਾਰਨ ਵੱਲੋਂ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਕੇ. ਵੀ. ਕੇ., ਤਰਨਤਾਰਨ ਪਿੰਡ ਬੂਹ ਵਿਖੇ ਕਿਸਾਨਾਂ ਨੂੰ ਖੇਤੀ ਕਰਜ਼ਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕ੍ਰੈਡਿਟ ਲਿੰਕੇਜ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿੱਚ ਡਾ: ਪ੍ਰਕਾਸ਼ ਸਿੰਘ ਬਰਾੜ, ਡਾਇਰੈਕਟਰ ਪਸਾਰ ਸਿੱਖਿਆ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਜਨਰਲ ਮੈਨੇਜਰ ਸ਼੍ਰੀ ਚੰਦਰ ਸ਼ੇਖਰ ਸ਼ਰਮਾ ਨੇ ਵਿਸ਼ੇਸ ਤੌਰ ‘ਤੇ ਪਹੁੰਚੇ। 
ਇਸ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਦੁਆਰਾ 100 ਪਸ਼ੂਧਨ ਕਰਜ਼ਾ ਲੈਣ ਵਾਲਿਆਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਸੌਂਪਿਆ ਗਿਆ। ਇਹ ਪਹਿਲਾ ਮੌਕਾ ਹੈ ਜਦੋਂ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੁਆਰਾ ਡੇਅਰੀ, ਸੂਰ ਪਾਲਣ, ਮੁਰਗੀ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਵਿੱਚ ਸਿੱਖਿਅਤ ਕੀਤੇ ਗਏ ਸਿਖਿਆਰਥੀਆਂ ਨੂੰ ਇਹਨਾਂ ਕੰਮਾਂ ਦੀ ਸ਼ੁਰੂਆਤ ਕਰਨ ਲਈ ਲੋਨ ਦੀ ਸੁਵਿਧਾ ਪ੍ਰਦਾਨ ਕੀਤੀ ਹੈ। ਬੈਂਕ ਨੇ ਕੇਵੀਕੇ, ਬੂਹ ਤੋਂ ਵੱਖ ਵੱਖ ਖੇਤਰਾਂ ਵਿਚ ਸਿਖਲਾਈ ਸਫਲਤਾਪੂਰਵਕ ਪੂਰੀ ਕਰ ਚੁੱਕੇ ਗਾਹਕਾਂ ਨੂੰ ਕਰਜ਼ੇ ਪ੍ਰਦਾਨ ਕੀਤੇ ਗਏ। 
ਡਿਪਟੀ ਕਮਿਸ਼ਨਰ ਨੇ ਅਜਿਹੀ ਪਹਿਲਕਦਮੀ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਬੈਂਕ ਦੇ ਉੱਦਮਾਂ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਨੂੰ ਆਪਣੀ ਖੇਤੀ ਅਤੇ ਹੋਰ ਧੰਦੇ ਦੀ ਸ਼ੁਰੂਆਤ ਕਰਨ ਲਈ ਬੈਂਕ ਦੀਆਂ ਸਹੂਲਤਾਂ ਲੈਣ ਲਈ ਸਲਾਹ ਦਿੱਤੀ। 
ਇਸ ਮੌਕੇ ‘ਤੇ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵੱਲੋਂ ਇੱਕ ਸਾਹਿਤ ਵੀ ਜਾਰੀ ਕੀਤਾ ਗਿਆ। ਡਾ: ਪ੍ਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਪਸ਼ੂ ਧਨ ਦੇ ਖੇਤਰ ਵਿੱਚ ਵਿਗਿਆਨਕ ਤਕਨੀਕਾਂ ਦੇ ਨਾਲ ਕੰਮ ਕਰਨ ਦੇ ਬਹੁਤ ਵਧੀਆ ਮੌਕੇ ਹਨ। ਉਨ੍ਹਾਂ ਦੱਸਿਆ ਕਿ ਕੇ. ਵੀ. ਕੇ., ਬੂਹ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਖੇਤੀਬਾੜੀ ਅਤੇ ਪਸ਼ੂਧਨ ਦੀ ਸਿਖਲਾਈ ਨਾਲ ਕਿਸਾਨਾਂ ਨੂੰ ਨਵੀਂ ਉਚਾਈਆਂ ਤੇ ਲੈ ਜਾ ਰਹੇ ਹਨ। 
ਸਟੇਟ ਬੈਂਕ ਆਫ਼ ਇੰਡੀਆ ਦੇ ਜਨਰਲ ਮੈਨੇਜਰ ਸ਼੍ਰੀ ਚੰਦਰ ਸ਼ੇਖਰ ਸ਼ਰਮਾ ਨੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਬੈਂਕ ਸਮਾਜ ਦੀ ਸੇਵਾ ਕਰ ਰਿਹਾ ਹੈ ਅਤੇ ਖੇਤੀਬਾੜੀ ਅਤੇ ਹੋਰ ਸਹਾਇਕ ਕੰਮਾਂ ਵਿੱਚ ਆਪਣੇ ਯਤਨਾਂ ਨੂੰ ਜਾਰੀ ਰੱਖੇਗਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਅਜਿਹੀਆਂ ਪਹਿਲ-ਕਦਮੀਆਂ ਜਨਤਾ ਅਤੇ ਬੈਂਕ ਦੇ ਸ੍ਰੇਸ਼ਠ ਹਿੱਤ ਵਿੱਚ ਜਾਰੀ ਰਹਿਣਗੀਆਂ, ਜਿਸ ਲਈ ਡਾ. ਬਲਵਿੰਦਰ ਕੁਮਾਰ, ਐਸੋਸੀਏਟ ਡਾਇਰੈਕਟਰ, ਕੇ.ਵੀ.ਕੇ. ਦੀ ਅਗਵਾਈ ਵਾਲੀ ਟੀਮ ਪ੍ਰਸ਼ੰਸਾ ਦੇ ਹੱਕਦਾਰ ਹੈ। ਬੈਂੱਕ ਦੇ ਬਾਕੀ ਅਫਸਰ, ਯੂਨੀਵਰਸਿਟੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਅਫਸਰ ਵੀ ਮੌਜੂਦ ਸਨ।