Meeting with the cluster officers of the teams appointed by the Deputy Commissioner regarding non-burning of wheat stubble.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਲਗਾਈਆਂ ਗਈਆਂ ਟੀਮਾਂ ਦੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ
ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੀਤਾ ਜਾਵੇਗਾ ਜੁਰਮਾਨਾ
ਤਰਨ ਤਾਰਨ, 04 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਲਗਾਈਆਂ ਗਈਆਂ ਟੀਮਾਂ ਦੇ ਕਲੱਸਟਰ ਅਫ਼ਸਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ । ਇਸ ਮੌਕੇ ਐੱਸ, ਡੀ. ਐੱਮ .ਪੱਟੀ ਸ਼੍ਰੀਮਤੀ ਅਲਕਾ ਕਾਲੀਆਂ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸਾਰੀਆਂ ਟੀਮਾਂ ਦੇ ਕਲੱਸਟਰ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਇਸ ਵਿੱਚ ਕੋਈ ਅਣਗਹਿਲੀ ਨਾ ਕੀਤੀ ਜਾਵੇ ।
ਇਸ ਮੌਕੇ ‘ਤੇ ਮੌਜੂਦ ਬਲਾਕ ਖੇਤੀਬਾੜੀ ਅਫ਼ਸਰ ਡਾ. ਕੁਲਦੀਪ ਸਿੰਘ ਮੱਤੇਵਾਲ ਅਤੇ ਡਾ. ਹਰਪਾਲ ਸਿੰਘ ਪੰਨੂ ਵੱਲੋਂ ਵੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਵੀਰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ ।
ਉਨ੍ਹਾਂ ਦੱਸਿਆ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜੁਰਮਾਨਾ ਕੀਤਾ ਜਾਵੇਗਾ ਅਤੇ ਰੈੱਡ ਐਂਟਰੀਆਂ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ 2 ਏਕੜ ਤੱਕ ਅੱਗ ਲਾਉਣ ਵਾਲੇ ਕਿਸਾਨ ਨੂੰ 2500 ਰੁਪਏ ਜੁਰਮਾਨਾ, 2 ਤੋਂ 5 ਏਕੜ ਤੱਕ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 5000 ਰੁਪਏ ਜੁਰਮਾਨਾ ਅਤੇ 5 ਏਕੜ ਤੋਂ ਵੱਧ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 15000 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਇੱਥੇ ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਵੀਰ ਜਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦਾ ਸਾਥ ਦੇਣ ਅਤੇ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ।