Close

New School Admission Awareness Campaign Reaching Village Places

Publish Date : 30/03/2021
Edu
ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚੀ ਸਰਕਾਰੀ ਸਕੂਲਾਂ ਦੀ ਨਵੇਂ ਸੈਸ਼ਨ ਦੀ ਦਾਖਲਾ ਜਾਗਰੂਕਤਾ ਮੁਹਿੰਮ
ਤਰਨਤਾਰਨ, 26 ਮਾਰਚ :
ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਹਰ ਪੱਖੋਂ ਬਦਲੀ ਨੁਹਾਰ ਦਾ ਲਾਹਾ ਹਰ ਬੱਚੇ ਅਤੇ ਮਾਪੇ ਤੱਕ ਪਹੁੰਚਾਉਣ ਲਈ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਸ਼੍ਰੀ ਸੁਸ਼ੀਲ ਕੁਮਾਰ ਤੁਲੀ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਅਤੇ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਨੇ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਬਾਰੇ ਦੱਸਦਿਆਂ ਕਿਹਾ ਕਿ ਅੱਠਵੀਂ ਜਮਾਤ ਤੱਕ ਬਿਲਕੁੱਲ ਮੁਫ਼ਤ ਅਤੇ ਨੌਵੀਂ ਤੋਂ ਗਿਆਰਵੀਂ ਜਮਾਤਾਂ ਲਈ ਨਾ-ਮਾਤਰ ਫੀਸ ਖਰਚੇ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣ ਦੇ ਸਮਰੱਥ ਬਣੇ ਸਰਕਾਰੀ ਸਕੂਲਾਂ ਬਾਰੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਫਲੈਕਸਾਂ ਅਤੇ ਪੈਂਫਲਿਟਾਂ ਸਮੇਤ ਤਮਾਮ ਹੋਰਨਾਂ ਤਰੀਕਿਆਂ ਦਾ ਇਸਤੇਮਾਲ ਕਰਨ ਦੇ ਨਾਲ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਸਿਆਣੇ ਬੰਦਿਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਕੋਲ ਸਕੂਲੀ ਸਿੱਖਿਆ ਦੇ ਨਾਲ ਨਾਲ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਦਾ ਵੀ ਬਿਹਤਰੀਨ ਢਾਂਚਾ ਉਪਲਬਧ ਹੈ।ਕੋਰੋਨਾ ਪਾਬੰਦੀਆਂ ਦੌਰਾਨ ਸਕੂਲਾਂ ਦੀ ਤਾਲਾਬੰਦੀ ਸਮੇਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ਦੇ ਤਮਾਮ ਸਾਧਨਾਂ ਰਾਹੀਂ ਮੁਹੱਈਆ ਕਰਵਾਈ ਆਨਲਾਈਨ ਸਿੱਖਿਆ ਸਰਕਾਰੀ ਸਕੂਲਾਂ ਦਾ ਆਪਣੇ ਆਪ ਵਿੱਚ ਵੱਡਾ ਹਾਸਿਲ ਰਿਹਾ ਹੈ।ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਫੈਸਲੇ ਅਨੁਸਾਰ ਇਹਨੀਂ ਦਿਨੀਂ ਵਿਦਿਆਰਥੀਆਂ ਲਈ ਸਕੂਲ ਬੰਦ ਹੋਣ ਦੇ ਸਮੇਂ ਦੌਰਾਨ ਵੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀਆਂ ਜ਼ੂਮ ਜਮਾਤਾਂ ਲਗਾ ਕੇ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ।ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਫ਼ੋਨ ਕਰਕੇ ਪੜ੍ਹਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਪ੍ਰਿੰਸੀਪਲ ਸ੍ਰੀਮਤੀ ਅੰਜੂ ਰਾਣੀ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿੱਚ ਹੋਰਨਾਂ ਜਮਾਤਾਂ ਦੀ ਪੜ੍ਹਾਈ ਦੇ ਨਾਲ ਨਾਲ ਗਿਆਰਵੀਂ ਅਤੇ ਬਾਰਵੀਂ ਜਮਾਤਾਂ ਲਈ ਸਾਇੰਸ ਵਿਸ਼ਿਆਂ ਦੀ ਪੜ੍ਹਾਈ ਵੀ ਉਪਲਬਧ ਹੈ।ਸਰਕਾਰੀ ਹਾਈ ਸਕੂਲ ਬੋਪਾਰਾਏ ਦੇ ਸਕੂਲ ਮੁਖੀ ਸ਼੍ਰੀ ਜਤਿੰਦਰ ਸਿੰਘ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਖੁਦ ਨਜ਼ਦੀਕੀ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਸਕੂਲ ਦੀ ਬਿਹਤਰ ਪੜ੍ਹਾਈ ਬਾਰੇ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਕੱਦ ਗਿੱਲ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸਿਕੰਦਰ, ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਪੱਟੀ ਨੰਬਰ 1, ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਤਖ਼ਤ ਮੱਲ ਦੇ ਸਕੂਲ ਮੁਖੀ ਸਾਹਿਬਾਨ ਨੇ ਵੱਖ-ਵੱਖ ਤੌਰ ਤੇ ਨੇ ਦੱਸਿਆ ਕਿ ਸਕੂਲ ਦੀ ਬਦਲੀ ਨੁਹਾਰ ਦਾ ਸੁਨੇਹਾ ਮਾਪਿਆਂ ਤੱਕ ਪਹੁੰਚਾਉਣ ਲਈ ਪਿੰਡ ਦੀਆਂ ਸੱਥਾਂ ਵਿੱਚ ਘਰਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਇਸ ਦੌਰਾਨ ਪਿੰਡ ਵਾਸੀਆਂ ਸਾਹਮਣੇ ਸਕੂਲ ਦੀ ਪ੍ਰਗਤੀ ਬਾਰੇ ਚਰਚਾ ਕੀਤੀ ਗਈ। ਸਰਕਾਰੀ ਹਾਈ ਸਕੂਲ ਪੰਜਵੜ੍ਹ ਦੇ ਹੈਡਮਿਸਟ੍ਰੈਸ ਸ੍ਰੀਮਤੀ ਜੀਤ ਕੌਰ ਨੇੇ ਦੱਸਿਆ ਕਿ ਉਹਨਾਂ ਦੇ ਸਕੂਲ ਵੱਲੋਂ ਵੀ ਪਿੰਡਾਂ ਦੀਆਂ ਸੱਥਾਂ ਲਈ ਜਾਗਰੂਕਤਾ ਨੁੱਕੜ ਨਾਟਕ ਤਿਆਰ ਕੀਤਾ ਗਿਆ ਹੈ।