Close

No matter how powerful drug dealers are, they will end up in jails – S. Laljit Singh Bhullar

Publish Date : 28/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਸ਼ਾ ਵੇਚਣ ਵਾਲੇ ਚਾਹੇ ਕਿੰਨੀ ਵੀ ਤਾਕਤ ਰੱਖਦੇ ਹੋਣ, ਉਨ੍ਹਾਂ ਦਾ ਅੰਤ ਜੇਲ੍ਹਾਂ ਵਿੱਚ ਹੀ ਹੋਵੇਗਾ-ਸ. ਲਾਲਜੀਤ ਸਿੰਘ ਭੁੱਲਰ
“ਨਸ਼ਾ ਮੁਕਤੀ ਯਾਤਰਾ” ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ
ਕੈਬਨਿਟ ਮੰਤਰੀ ਨੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਆਯੋਜਿਤ ਕੀਤੇ ਗਏ ਜਾਗਰੂਕਤਾ ਸਮਾਗਮਾਂ ਨੂੰ ਕੀਤਾ ਸੰਬੋਧਨ
ਤਰਨ ਤਾਰਨ, 27 ਮਈ :
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੀ ਭੈੜੀ ਬਿਮਾਰੀ ਦਾ ਸ਼ਿਕਾਰ ਹੋ ਚੁੱਕੇ ਨੌਜਵਾਨ ਵੀ ਸਵੈ-ਇੱਛਾ ਇਲਾਜ ਕਰਵਾਉਣ ਲਈ ਅੱਗੇ ਆ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਨਦੋਹਰ, ਦਦੇਹਰ ਸਾਹਿਬ, ਖਾਰਾ, ਰੂੜੀਵਾਲਾ ਅਤੇ ਬਿੱਲਿਆਂਵਾਲਾ ਵਿਖੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਆਯੋਜਿਤ ਕੀਤੇ ਗਏ ਜਾਗਰੂਕਤਾ ਸਮਾਗਮਾਂ ਦੌਰਾਨ ਕੀਤਾ।
ਇੰਨਾ ਸਮਾਗਮਾਂ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੁਆਰਡੀਨੇਟਰ ਸੋਨੀਆ ਮਾਨ ਅਤੇ ਚੇਅਰਮੈਨ ਸ. ਦਿਲਬਾਗ ਸਿੰਘ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ “ਨਸ਼ਾ ਮੁਕਤੀ ਯਾਤਰਾ” ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ, ਵਾਰਡ ਤੇ ਗਲੀ ਨੂੰ ਨਸ਼ਾ ਮੁਕਤ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ `ਤੇ ਖਾਤਮਾ ਕਰ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ‘ਤੇ ਖੜ੍ਹੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।
ਸ੍ਰ. ਭੁੱਲਰ ਨੇ ਕਿਹਾ ਕਿ ਪੰਜਾਬ ਦੀ ਇਸ ਪਵਿੱਤਰ ਧਰਤੀ ਉੱਤੇ ਨਸ਼ੇ ਦੀ ਤਸਕਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਚਾਹੇ ਕਿੰਨੀ ਵੀ ਤਾਕਤ ਰੱਖਦੇ ਹੋਣ, ਉਨ੍ਹਾਂ ਦਾ ਅੰਤ ਜੇਲ੍ਹਾਂ ਵਿੱਚ ਹੀ ਹੋਵੇਗਾ।ਉਹਨਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਨਸ਼ੇ ਦਾ ਧੰਦਾ ਛੱਡ ਜਾਣ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੇ ਸਾਡੀ ਸਮੁੱਚੀ ਲੀਡਰਸ਼ਿੱਪ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਦ੍ਰਿੜ੍ਹਸੰਕਲਪ ਹੈ।
ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੋ ਵਿਅਕਤੀ ਨਸ਼ਾ ਕਰਦੇ ਹਨ, ਉਹ ਇਸ ਰੋਗ ਦੇ ਪੀੜ੍ਹਤ ਹਨ, ਉਨ੍ਹਾਂ ਨਾਲ ਵਿਤਕਰਾ ਨਾ ਕਰੋ, ਉਨ੍ਹਾਂ ਨਾਲ ਹਮਦਰਦੀ ਰੱਖਦੇ ਹੋਏ, ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਲੈ ਕੇ ਜਾਓ, ਜਿੱਥੇ ਉਨ੍ਹਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਉਸ ਦਾ ਸਾਰਾ ਖ਼ਰਚ ਕਰੇਗੀ।
ਇਸ ਮੌਕੇ ਉਨ੍ਹਾਂ ਸਮੂਹ ਵਰਗਾਂ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਉਪਰੰਤ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਮੂਹ ਹਾਜ਼ਰੀਨ ਨੂੰ ਆਪਣੇ ਪਿੰਡਾਂ `ਚ ਨਸ਼ਾ ਨਾ ਵਿਕਣ ਦੇਣ ਅਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੀ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪਿੰਡਾਂ ਦੇ ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।