C. R. M. Awareness camp organized at Nagoke village regarding stubble management under the scheme- Agriculture Officer
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸੀ. ਆਰ. ਐਮ. ਸਕੀਮ ਅਧੀਨ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਨਾਗੋਕੇ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ-ਖੇਤੀਬਾੜੀ ਅਫਸਰ
ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ- ਯਾਦਵਿੰਦਰ ਸਿੰਘ
ਤਰਨਤਾਰਨ, 27 ਸਤੰਬਰ:
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਨਾਗੋਕੇ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ।
ਇਹ ਕੈਂਪ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਦੀ ਪ੍ਰਧਾਨਗੀ ਤੇ ਖੇਤੀਬਾੜੀ ਅਫ਼ਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਵੱਲੋਂ ਲਗਾਇਆ ਗਿਆ। ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ ਅਤੇ ਜ਼ਹਿਰੀਲੇ ਧੂਏ ਨਾਲ ਗਰਭਵਤੀ ਮਹਿਲਾਵਾਂ ਅਤੇ ਬਜ਼ੁਰਗਾਂ ਦਾ ਵਾਤਾਵਰਨ ਵਿੱਚ ਸਾਹ ਲੈਣਾ ਔਖਾ ਹੋ ਜਾਂਦਾ ਹੈ। ਉਹਨਾਂ ਨੇ ਦੱਸਿਆ ਕਿ ਜਿੰਨਾ ਕਿਸਾਨਾਂ ਨੇ ਆਲੂ ਅਤੇ ਮਟਰ ਦੀ ਬਿਜਾਈ ਕਰਨੀ ਹੈ ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ ਜਾਂ ਫਿਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਨ ਤੋਂ ਬਾਅਦ ਰਿਵਰਸੀਬਲ ਪਲੋਅ ਨਾਲ ਪਰਾਲੀ ਨੂੰ ਜਮੀਨ ਵਿੱਚ ਦਬਾਇਆ ਜਾ ਸਕਦਾ ਹੈ । ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ, ਫਾਸਫੋਰਸ, ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ, ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਇਕ ਏਕੜ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਤਕਰੀਬਨ ਤਿੰਨ ਹਜਾਰ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ । ਦਸ ਕੁਇੰਟਲ ਜਾਂ ਇਕ ਟਨ ਪਰਾਲੀ ਨੂੰ ਅੱਗ ਲਾਉਣ ਨਾਲ 400 ਕਿਲੋ ਜੈਵਿਕ ਮਾਦਾ 5.5 ਕਿਲੋ ਨਾਈਟਰੋਜਨ 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼,1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ।
ਇਸ ਮੌਕੇ ਯਾਦਵਿੰਦਰ ਸਿੰਘ ਨੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਦੇ ਨਾਲ ਨਾਲ ਝੋਨੇ ਤੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਨੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਦੱਸਿਆ। ਇਸ ਮੌਕੇ ਤੇ ਸਿਮਰਨਜੀਤ ਸਿੰਘ, ਸਤਨਾਮ ਸਿੰਘ ਖੇਤੀਬਾੜੀ ਉਪ ਨਿਰੀਖਕ ,ਗੁਰ ਪ੍ਰਤਾਪ ਸਿੰਘ ਬੇਲਦਾਰ, ਕਿਰਨਬੀਰ ਸਿੰਘ, ਸ਼ਰਮਾ ਖਾਦ ਸਟੋਰ ਨਾਗੋਕੇ, ਹਰਦਿਆਲ ਸਿੰਘ, ਪ੍ਰਗਟ ਸਿੰਘ, ਅਮਰਜੀਤ ਸਿੰਘ, ਜਸਪਾਲ ਸਿੰਘ, ਸੁਖਚੈਨ ਸਿੰਘ, ਸਕੱਤਰ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ ।