Office District Public Relations Officer, Tarn Taran Arrangements completed for counting of votes in four assembly constituencies of the district Counting will begin at 8 a.m. on March 10 More than 400 officers and staff deployed for the counting of votes.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਦੀ ਗਿਣਤੀ ਲਈ ਪ੍ਰਬੰਧ ਮੁਕੰਮਲ
10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ
ਵੋਟਾਂ ਦੀ ਗਿਣਤੀ ਲਈ ਤਾਇਨਾਤ ਕੀਤੇ ਗਏ 400 ਤੋਂ ਵੱਧ ਅਧਿਕਾਰੀ ਅਤੇ ਕਰਮਚਾਰੀ
ਤਰਨ ਤਾਰਨ, 08 ਮਾਰਚ
ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਕਰਵਾਉਣ ਲਈ 400 ਤੋਂ ਵੱਧ ਅਧਿਕਾਰੀ ਤੇ ਕਰਮਚਾਰੀ ਤਇਨਾਤ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਤਾਇਨਾਤ ਕੀਤੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਰੇਂਡੇਮਾਈਜੇਸ਼ਨ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਚੋਣ ਅਬਜ਼ਰਬਰਾਂ ਦੀ ਮੌਜੂਦਗੀ ਵਿੱਚ ਕਰਵਾਈ ਗਈ ਹੈ।
ਉਨਾਂ ਦੱਸਿਆ ਕਿ ਚਾਰਾਂ ਵਿਧਾਨ ਸਭਾ ਹਲਕਿਆਂ ਤਰਨ ਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਲਈ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਬਣਾਏ ਗਏ ਗਿਣਤੀ ਕੇਂਦਰਾਂ ‘ਤੇ ਸ਼ੁਰੂ ਹੋਵੇਗੀ। ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਖੇਮਕਰਨ ਲਈ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਨੂਰਦੀ ਰੋਡ ਤਰਨ ਤਾਰਨ, ਵਿਧਾਨ ਸਭਾ ਹਲਕਾ ਪੱਟੀ ਲਈ ਪੰਜਾਬ ਲਾਅ ਕਾਲਜ, ਉਸਮਾ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਲਈ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਵਿਖੇ ਬਣਾਏ ਗਏ ਗਿਣਤੀ ਕੇਂਦਰ ਬਣਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਦੀ ਗਿਣਤੀ ਲਈ 400 ਤੋਂ ਵੱਧ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਸ ਵਿਚ ਹਰੇਕ ਗਿਣਤੀ ਟੇਬਲ ਲਈ ਕਾਊਂਟਿੰਗ ਸੂਪਰਵਾਈਜ਼ਰ, ਕਾਊਂਟਿੰਗ ਸਹਾਇਕਾ, ਮਾਈਕਰੋ ਆਬਜ਼ਰਵਰ ਅਤੇ ਅਟੈਂਡੇਂਟ ਨੂੰ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਗਿਣਤੀ ਵਾਲੇ ਦਿਨ ਭਾਰਤੀ ਚੋਣ ਕਮਿਸ਼ਨ ਜਾਂ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜਾਰੀ ਫੋਟੋ ਸ਼ਾਨਖਤੀ ਕਾਰਡ ਤੋਂ ਬਿਨ੍ਹਾਂ ਕਿਸੇ ਵੀ ਵਿਅਕਤੀ ਦਾ ਗਿਣਤੀ ਕੇਂਦਰ ਅੰਦਰ ਦਾਖਲਾ ਨਹੀਂ ਹੋ ਸਕੇਗਾ ਅਤੇ ਗਿਣਤੀ ਕੇਂਦਰ ਮੋਬਾਇਲ ਫ਼ੋਨ ਲਿਜਾਉਣ ਦੀ ਆਗਿਆ ਨਹੀਂ ਹੋਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਚਾਰਾਂ ਹਲਕਿਆਂ ਦੇ ਰਿਟਰਨਿੰਗ ਅਫ਼ਸਰ ਗਿਣਤੀ ਕੇਂਦਰਾਂ ਅੰਦਰ ਮੌਜੂਦ ਰਹਿਣਗੇ ਅਤੇ ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਵਲੋਂ ਤਾਇਨਾਤ ਕਾਊਂਟਿੰਗ ਆਬਜ਼ਰਵਰ ਦੀ ਨਿਗਰਾਨੀ ਹੇਠ ਗਿਣਤੀ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਨਤੀਜਿਆਂ ਦੇ ਐਲਾਨ ਤੋਂ ਬਾਅਦ ਕੋਈ ਵੀ ਜਿੱਤ ਦਾ ਜਲੂਸ ਨਹੀਂ ਕੱਢਣ ਦਿੱਤਾ ਜਾਵੇਗਾ।