On March 03, a public convenience camp-deputy commissioner will be held in Khemkaran to provide government benefits to the people of the border area.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਉਣ ਲਈ 03 ਮਾਰਚ ਨੂੰ ਖੇਮਕਰਨ ਵਿਖੇ ਲੱਗੇਗਾ ਜਨ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਗੁਰੂਦੁਆਰਾ ਸ੍ਰੀ ਗੁਰੂਸਰ ਸਾਹਿਬ ਨੇੜੇ ਮਹਿੰਦੀਪੁਰ ਰੋਡ ਖੇਮਕਰਨ ਵਿਖੇ ਲਗਾਏ ਜਾਣ ਵਾਲੇ ਕੈਂਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਨੂੰ ਸੁਣ ਕੇ ਕੀਤਾ ਜਾਵੇਗਾ ਢੁਕਵਾਂ ਨਿਪਟਾਰਾ
ਸਰਕਾਰੀ ਸੇਵਾਵਾਂ ਸਬੰਧੀ ਆੱਨਲਾਈਨ ਅਪਲਾਈ ਕਰਨ ਲਈ ਆਰਜ਼ੀ ਤੌਰ ‘ਤੇ ਸਥਾਪਿਤ ਕੀਤਾ ਗਿਆ ਸੇਵਾ ਕੇਂਦਰ
ਖੇਮਕਰਨ (ਤਰਨ ਤਾਰਨ), 02 ਮਾਰਚ :
ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਬਣਦਾ ਲਾਭ ਮੁਹੱਈਆ ਕਰਵਾਉਣ ਲਈ 03 ਮਾਰਚ ਨੂੰ ਸਵੇਰੇ 09 ਵਜੇ ਤੋਂ ਗੁਰੂਦੁਆਰਾ ਸ੍ਰੀ ਗੁਰੂਸਰ ਸਾਹਿਬ ਨੇੜੇ ਮਹਿੰਦੀਪੁਰ ਰੋਡ ਖੇਮਕਰਨ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਨੂੰ ਸੁਣ ਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਢੁਕਵਾਂ ਨਿਪਟਾਰਾ ਕੀਤਾ ਜਾਵੇਗਾ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਇੱਥੇ ਪਹੁੰਚ ਕੇ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ “ਪੰਜਾਬ ਸਰਕਾਰ, ਤੁਹਾਡੇ ਦੁਆਰ” ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਜਨ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਸਮੇਂ ਸਿਰ ਢੁਕਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੋਕ ਭਲਾਈ ਦੀਆਂ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਸਬੰਧਤ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਸਿਹਤ ਵਿਭਾਗ, ਪੰੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਖੇਤੀਬਾੜੀ ਵਿਭਾਗ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਕਰਜ਼ਾ ਆਦਿ ਲੈਣ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ੳੱੁਚਿਤ ਕਾਰਵਾਈ ਕਰਨਗੇ।
ਉਹਨਾਂ ਕਿਹਾ ਕਿ ਜਨ ਸੁਵਿਧਾ ਕੈਂਪ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਿੰਨ੍ਹਾਂ ਵਿਦਿਆਰਥੀਆਂ ਦੇ ਜਾਤੀ ਸਰਟੀਫਿਕੇਟ ਜਾਂ ਆਮਦਨ ਸਬੰਧੀ ਸਰਟੀਫਿਕੇਟ ਬਨਣ ਵਾਲੇ ਹਨ, ਉਹਨਾਂ ਦੇ ਕੈਂਪ ਦੌਰਾਨ ਬਣਾਏ ਗਏ ਸੇਵਾ ਕੇਂਦਰ ਰਾਹੀਂ ਸਰਟੀਫਿਕੇਟ ਅਪਲਾਈ ਕਰਵਾਏ ਜਾਣਗੇ।ਇਸ ਤੋਂ ਇਲਾਵਾ ਲੇਬਰ ਵਿਭਾਗ ਵੱਲੋਂ ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨਾਲ ਸਬੰਧਿਤ ਸ਼ਿਕਾਇਤਾਂ ਵੀ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀ ਵੋਟਰ ਕਾਰਡ ਤੇ ਆਧਾਰ ਕਾਰਡ ਸਬੰਧੀ ਮੁਸ਼ਕਿਲਾਂ ਦੇ ਨਾਲ-ਨਾਲ ਪੈਨਸ਼ਨ ਸਕੀਮਾਂ ਸਬੰਧੀ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਵੀ ਲਗਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਹਲਕਾ ਖੇਮਕਰਨ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਂਪ ਦੌਰਾਨ ਪ੍ਰਾਰਥੀ ਵੱਖ-ਵੱਖ ਸੇਵਾਵਾਂ ਜਿਵੇਂ ਕਿ ਬਾਰਡਰ ਏਰੀਆ ਸਰਟੀਫਿਕੇਟ, ਪੇਂਡੂ ਏਰੀਆ ਸਰਟੀਫਿਕੇਟ, ਮਗਨਰੇਗਾ ਜਾੱਬ ਕਾਰਡ, ਲੇਬਰ ਕਾਰਡ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਦਿਵਿਆਂਗ ਸਰਟੀਫਿਕੇਟ ਅਪਲਾਈ ਕਰਨ ਲਈ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਪਹਿਚਾਣ ਪੱਤਰ, ਆਧਾਰ ਕਾਰਡ, ਫੋਟੋਆਂ ਆਦਿ ਨਾਲ ਲੈ ਕੇ ਆਉਣ।ਉਹਨਾਂ ਕਿਹਾ ਕਿ ਇਸ ਮੌਕੇ ਆਰਜ਼ੀ ਤੌਰ ‘ਤੇ ਸੇਵਾ ਕੇਂਦਰ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਮੌਕੇ ‘ਤੇ ਆੱਨਲਾਈਨ ਅਪਲਾਈ ਕੀਤਾ ਜਾ ਸਕੇ।
ਇਸ ਮੌਕੇ ਐੱਸ. ਡੀ. ਐੱਮ. ਭਿੱਖੀਵਿੰਡ ਵਾਧੂ ਚਾਰਜ ਸ੍ਰੀ ਰਜਨੀਸ਼ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਕੁਮਾਰ ਸ਼ਰਮਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵਲਟੋਹਾ ਸ਼੍ਰੀਮਤੀ ਸ਼ੁਕਲਾ ਦੇਵੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੰਡਰੀ ਸ੍ਰੀ ਗੁਰਬਚਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਸਿੰਘ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪ੍ਰਭਜੋਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।