Close

On the occasion of Republic Day, Deputy Commissioner unfural the national flag

Publish Date : 26/01/2020
DC
ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਗਣਤੰਤਰ ਦਿਵਸ ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ 
ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਅਤੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਿਸ਼ੇਸ ਤੌਰ ‘ਤੇ ਸਮਾਗਮ ‘ਚ ਹੋਏ ਸ਼ਾਮਿਲ
ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਕੀਤਾ ਗਿਆ ਸਨਮਾਨਿਤ
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਪੀ. ਟੀ ਸ਼ੋਅ ਅਤੇ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ 
ਤਰਨ ਤਾਰਨ 26 ਜਨਵਰੀ:
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਗਣਤੰਤਰ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤ ਮਾਰਚ ਪਾਸਟ ਪਾਸੋਂ ਸਲਾਮੀ ਲਈ।ਇਸ  ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਸ਼੍ਰੀਮਤੀ ਨੀਰੂ ਸੱਭਰਵਾਲ ਧਰਮ ਪਤਨੀ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵਿਸ਼ੇਸ ਤੌਰ ‘ਤੇ ਸ਼ਾਮਿਲ ਹੋਏ।
ਇਸ ਮੌਕੇ ‘ਤੇ ਜ਼ਿਲ੍ਹਾ ਤੇ ਸ਼ੈਸਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਵ ਦਹੀਆਂ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਜ਼ਿਲਾ ਮਾਲ ਅਫ਼ਸਰ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਸ੍ਰੀ ਜਗਤਾਰ ਸਿੰਘ ਬੁਰਜ ਅਤੇ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀਮਤੀ ਹਰਚਰਨਜੀਤ ਕੌਰ ਅਤੇ ਹੋਰ ਜ਼ਿਲਾ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ । 
ਇਸ ਸਮਾਗਮ ਦੌਰਾਨ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ. ਸੀ. ਸੀ. ਕੈਡਿਟਾਂ, ਐਨ. ਐਸ. ਐਸ. ਸਕਾਊਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ ਅਤੇ ਸਕੂਲੀ ਬੈਂਡ ਵੱਲੋਂ ਸ਼ਾਨਦਾਰ ਪਰੇਡ ਦਾ ਪ੍ਰਦਸ਼ਰਨ ਕੀਤਾ ਗਿਆ।ਪਰੇਡ ਕਮਾਂਡਰ ਸ੍ਰੀ ਤੁਸ਼ਾਰ ਗੁਪਤਾ ਆਈ. ਪੀ. ਐੱਸ. ਨੇ ਪ੍ਰੇਡ ਦੀ ਅਗਵਾਈ ਕੀਤੀ।ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀ. ਟੀ ਸ਼ੋਅ ਅਤੇ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਾਈਆਂ। ਇਸ ਮੌਕੇ ‘ਤੇ ਵੱਖ-ਵੱਖ ਵਿਭਾਗਾਂ ਵੱਲੋਂ ਸ਼ਾਨਦਾਰ ਝਾਕੀਆਂ ਦੀ ਪੇਸ਼ਕਾਰੀ ਕੀਤੀ ਗਈ ।
ਇਸ ਮੌਕੇ ‘ਤੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ, ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਲੋੜਵੰਦ ਲੋਕਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ।ਇਸ ਮੌਕੇ ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਬਣਦੇ ਲਾਭ ਵੀ ਦਿੱਤੇ ਗਏ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੀਆਂ ਪੰਚਾਇਤਾਂ ਅਤੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਦੌਰਾਨ ਗਣਤੰਤਰ ਦਿਵਸ ਦੇ ਮੌਕੇ ‘ਤੇ ਸਮੂਹ ਪੰਜਾਬੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਾਂ ਦਿੱਤੀ।ਉਹਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਨੇ ਦੇਸ਼ ਨੂੰ ਇੱਕ ਅਜਿਹਾ ਸੰਵਿਧਾਨ ਦਿੱਤਾ ਅਤੇ ਸਾਨੂੰ ਅਨੇਕਾਂ ਅਧਿਕਾਰ ਦਿੱਤੇ ਅਤੇ ਨਾਲ ਹੀ ਦੇਸ਼ ਦੇ ਹਰੇਕ ਨਾਗਰਿਕ ਨੂੰ ਸਮਾਨਤਾ ਦਾ ਅਧਿਕਾਰ ਵੀ ਦਿੱਤਾ।ਉਹਨਾਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਖਾਸੀਅਤ ਕਰਕੇ ਹੀ ਸਾਡਾ ਮਹਾਨ ਦੇਸ਼ ਅੱਜ ਵਿਸ਼ਵ ਦੇ ਸਭ ਤੋਂ ਵੱਡੇ ਲੋਕਤਾਂਤਰਿਕ ਦੇਸ਼ ਵੱਜੋਂ ਉੱਭਰ ਕੇ ਸਾਹਮਣੇ ਆਇਆ ਹੈ।   
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 70 ਪਿੰਡਾਂ ਦੇ ਸਮੂਹਿਕ ਵਿਕਾਸ ਲਈ 300 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ 11 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 1-1 ਕਰੋੜ ਰੁਪਏ ਖਰਚ ਕਰਕੇ ਵਿਸ਼ੇਸ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 2,11,000 ਲਾਭਪਾਤਰੀਆਂ ਪਰਿਵਾਰਾਂ ਨੂੰ ਈ-ਕਾਰਡ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 82 ਰੋਜ਼ਗਾਰ ਮੇਲੇ ਤੇ ਪਲੇਸਮੈਂਟ ਕੈਂਪ ਲਗਾਏ ਗਏ ਹਨ, ਜਿੰਨ੍ਹਾਂ ਵਿੱਚ 14418 ਯੋਗ ਉਮੀਦਵਾਰਾਂ ਨੂੰ ਵੱਖ-ਵੱਖ ਕੰਪਨੀਆਂ ਰਾਹੀਂ ਨੌਕਰੀ ਮੁਹੱਈਆ ਕਰਵਾਈ ਗਈ।ਪੰਜਾਬ ਵਿੱਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਰਾਹੀਂ ਗਰੀਬ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫਤ ਕਿੱਤਾ ਮੁੱਖੀ ਕੋਰਸ ਕਰਵਾਏ ਜਾ ਰਹੇ ਹਨ।
ਉਹਨਾਂ ਕਿਹਾ ਕਿ  ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ 11 “ਓਟ ਕਲੀਨਿਕ ਸ਼ੁਰੂ ਕੀਤੇ ਗਏ ਹਨ।ਇਸ ਤੋਂ ਇਲਾਵਾ ਭਿੱਖੀਵਿੰਡ, ਹਰੀਕੇ ਪੱਤਣ ਅਤੇ ਪੱਟੀ ਵਿਖੇ ਵੀ ਨਵੇਂ “ਓਟ ਕਲੀਨਿਕ” ਜਲਦੀ ਸ਼ੁਰੂ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਚੱਲ “ਓਟ” ਕਲੀਨਿਕਾਂ, ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਹੁਣ ਤੱਕ ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੱਗੱਭਗ 27 ਹਜ਼ਾਰ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਪੁਲਿਸ ਤਰਨ ਤਾਰਨ ਵੱਲੋਂ ਨਸ਼ੇ ਦੇ ਸਮੱਗਲਰਾਂ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ 29 ਸਮੱਗਲਰਾਂ ਦੀ 21 ਕਰੋੜ 87 ਲੱਖ 48 ਹਜ਼ਾਰ ਰੁਪਏ ਦੀ ਪ੍ਰਾਪਰਟੀ ਜ਼ਬਤ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ 66714 ਯੋਗ ਲਾਭਪਾਤਰੀਆਂ ਨੂੰ ਬਣਦੇ ਲਾਭ ਮੁਹੱਈਆ ਕਰਵਾਏ ਗਏ ਹਨ।ਜ਼ਿਲ੍ਹਾ ਤਰਨ ਤਾਰਨ ਵਿੱਚ “ਸਮਾਰਟ ਵਿਲੇਜ਼” ਮੁਹਿੰਮ ਤਹਿਤ 388 ਪੰਚਾਇਤਾਂ ਵਿੱਚ 725 ਕੰਮਾਂ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚ ਅੰਦਾਜ਼ਨ 37 ਕਰੋੜ 81 ਲੱਖ 12 ਹਜ਼ਾਰ 889 ਰੁਪਏ ਦੇ ਪ੍ਰੋਜੈਕਟ ਤਿਆਰ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਰਾਜ ਦੇ 5730 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵੱਜੋਂ ਅੱਪਗ੍ਰੇਡ ਕੀਤਾ ਗਿਆ ਹੈ।ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 268 ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਹਨ, ਜਿੰਨ੍ਹਾਂ ਵਿੱਚੋਂ 248 ਸਕੂਲ ਸਮਾਰਟ ਸਕੂਲ ਬਣਾਏ ਗਏ ਹਨ।ਇਸ ਤੋਂ ਇਲਾਵਾ 508 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚੋਂ 455 ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ।
ਸਮਾਗਮ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਦੇ ਪਿੰਡ ਠੱਠੀ ਵਿਖੇ ਵਾਟਰ ਸਪਲਾਈ ਸਕੀਮ ਅਧੀਨ 27.22 ਲੱਖ ਰੁਪਏ ਦੀ ਲਾਗਤ ਨਾਲ ਬਣੀ ਪੀਣ ਵਾਲੇ ਪਾਣੀ ਦੀ ਟੈਂਕੀ ਦਾ ਉਦਘਾਟਨ ਕੀਤਾ ਅਤੇ ਪਿੰਡ ਸਰਾਏ ਅਮਾਨਤ ਖਾਂ ਵਿਖੇ 32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਵੀ ਰੱਖਿਆ ਰੱਖਿਆ।