ਬੰਦ ਕਰੋ

ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 16/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ-ਡਿਪਟੀ ਕਮਿਸ਼ਨਰ
ਆਯੁਰਵੈਦਿਕ ਵਿਭਾਗ ਦੇ ਯੋਗਾ ਦੇ ਮਾਹਿਰਾਂ ਵੱਲੋਂ ਕਰਵਾਏ ਜਾਣਗੇ ਯੋਗ ਦੇ ਆਸਣ
ਯੋਗ ਸਮਾਗਮ ਵਿੱਚ ਆਮ ਸ਼ਹਿਰੀ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਕਰਮਚਾਰੀ ਅਤੇ ਵਿਦਿਆਰਥੀ ਲੈਣਗੇ ਭਾਗ
ਤਰਨ ਤਾਰਨ, 16 ਜੂਨ :
ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ 21 ਜੂਨ ਨੂੰ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾੲਤਿ ਅਫ਼ਸਰ ਸ੍ਰੀ ਅਭਿਨਵ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਤਨਾਮ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਸਤਵੰਤ ਕੌਰ, ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ, ਆਯੂਰਵੈਦਿਕ ਮੈਡੀਕਲ ਅਫ਼ਸਰ ਤੋਂ ਡਾ. ਮਨਿੰਦਰ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਸੀ. ਐੱਮ. ਦੀ ਯੋਗਸ਼ਾਲਾ ਸ੍ਰੀ ਹਰਮਨਦੀਪ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਸਵੇਰੇ 6:00 ਵਜੇ ਸ਼ੁਰੂ ਹੋਵੇਗਾ।ਉਨ੍ਹਾਂ ਦੱਸਿਆ ਕਿ ਇਸ ਯੋਗ ਸਮਾਗਮ ਵਿੱਚ ਆਮ ਸ਼ਹਿਰੀ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਿਦਿਆਰਥੀ ਭਾਗ ਲੈਣਗੇ, ਜਿੰਨ੍ਹਾਂ ਨੂੰ ਆਯੁਰਵੈਦਿਕ ਵਿਭਾਗ ਦੇ ਯੋਗਾ ਦੇ ਮਾਹਿਰਾਂ ਵੱਲੋਂ ਯੋਗ ਦੇ ਆਸਣ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਤੋਂ ਇਲਾਵਾ ਜ਼ਿਲ੍ਹੇ ਵਿੱਚ ਹੋਰ ਵੱਖ-ਵੱਖ ਸਥਾਨਾਂ, ਤਰੇਹਨ ਪਾਰਕ ਪੱਟੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ, ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਚੋਹਲਾ ਸਾਹਿਬ, ਸ੍ਰੀ ਗੁਰੂ ਅੰਗਦ ਦੇਵ ਪਾਰਕ ਗੋਇੰਦਵਾਲ ਸਾਹਿਬ, ਬਾਬਾ ਦੀਪ ਸਿੰਘ ਸਕੂਲ ਪਾਰਕ ਭਿੱਖੀਵਿੰਡ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਸਟੇਡੀਅਮ ਖਡੂਰ ਸਾਹਿਬ ਵਿਖੇ ਵੀ ਯੋਗ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਆਪਣੇ ਗਲੀ, ਮੁਹੱਲੇ, ਪਿੰਡਾਂ ਅਤੇ ਸ਼ਹਿਰਾਂ ਵਿੱਚ ਯੋਗ ਸਮਾਗਮ ਕਰਨ।ਉਨ੍ਹਾਂ ਕਿਹਾ ਕਿ ਯੋਗ ਨਿਰੋਗ ਤੇ ਤੰਦਰੁਸਤ ਜੀਵਨ ਦਾ ਅਧਾਰ ਹੈ ਅਤੇ ਸਾਨੂੰ ਯੋਗ ਨੂੰ ਆਪਣੀ ਰੋਜ਼ਮਰਾਂ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।