ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਤਾਲਮੇਲ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨ ਦੇ ਦਿੱਤੇ ਨਿਰਦੇਸ਼
ਪ੍ਰਕਾਸ਼ਨ ਦੀ ਮਿਤੀ : 10/10/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਤਾਲਮੇਲ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨ ਦੇ ਦਿੱਤੇ ਨਿਰਦੇਸ਼
ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਹੋਵੇਗਾ ਜੁਰਮਾਨਾ
ਬਿਨਾਂ ਸੁਪਰ ਐੱਸ. ਐੱਮ. ਐਸ. ਤੋਂ ਚੱਲਦੀਆਂ ਕੰਬਾਈਨਾਂ ਨੂੰ ਵੀ ਕੀਤਾ ਜਾਵੇਗਾ ਜੁਰਮਾਨਾ
ਤਰਨ ਤਾਰਨ, 09 ਅਕਤੂਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡੋ-ਪਿੰਡੀ ਪਹੁੰਚ ਕੇ ਕਿਸਾਨਾਂ ਨਾਲ ਰਾਬਤਾ ਕਰਨ ਅਤੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਪ੍ਰੇਰਤ ਕਰਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਇਹ ਬੇਹੱਦ ਜ਼ਰੂਰੀ ਹੈ ਕਿ ਵਾਤਾਵਰਣ ਅਤੇ ਮਨੁੱਖੀ ਸਿਹਤ ਦੀ ਸੰਭਾਲ ਲਈ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਅੱਗ ਮਨੁੱਖੀ ਫੇਫੜਿਆਂ ਲਈ ਹਾਨੀਕਾਰਕ ਹੈ ਜੋ ਕਿ ਕੋਰੋਨਾ ਦੇ ਇਸ ਦੌਰ ਵਿੱਚ ਬੇਹੱਦ ਖਤਰਨਾਕ ਹੈ। ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਬੁਰਾਈ ਨੂੰ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਪੰਚਾਇਤ ਵਿਭਾਗ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਦੀਆਂ ਪੰਚਾਇਤਾਂ ਰਾਹੀਂ ਜਾਗਰੂਕਤਾ ਮੁਹਿੰਮ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਵਾਉਣ ਤਾਂ ਜੋ ਕਿਸਾਨ ਇਸ ਕਾਰਵਾਈ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਹੋ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੈਸ਼ਨਲ ਗਰਨਿ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਝੋਨੇ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ’ਤੇ ਮਨਾਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਇਨਾਂ ਹੁਕਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਐਨ. ਜੀ. ਟੀ. ਦੀਆਂ ਹਦਾਇਤਾਂ ਮੁਤਾਬਕ ਜ਼ੁਰਮਾਨਾ ਕੀਤਾ ਜਾਵੇਗਾ, ਜਿਸ ਤਹਿਤ 2 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ 2500 ਰੁਪਏ, 2 ਤੋਂ 5 ਏਕੜ ਤੱਕ ਵਾਲੇ ਕਿਸਾਨਾਂ ਨੂੰ 5000 ਹਜ਼ਾਰ ਰੁਪਏ ਅਤੇ 5 ਏਕੜ ਤੋਂ ਵੱਧ ਵਾਲੇ ਕਿਸਾਨਾਂ ਨੂੰ 15 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜਿਹੜੀਆਂ ਕੰਬਾਈਨਾਂ ਬਿਨਾਂ ਸੁਪਰ ਐੱਸ. ਐੱਮ. ਐਸ. ਤੋਂ ਚੱਲਦੀਆਂ ਪਾਈਆਂ ਗਈਆਂ, ਉਨਾਂ ਨੂੰ ਵੀ ਜੁਰਮਾਨਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਵੱਖ-ਵੱਖ ਖੇਤੀ ਮਸ਼ੀਨਰੀ ਨਾਲ ਖੇਤ ਵਿੱਚ ਵਾਹ ਕੇ ਜਜ਼ਬ ਕੀਤਾ ਜਾ ਸਕਦਾ ਹੈ। ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ, ਓਥੇ ਕੋਈ ਪ੍ਰਦੂਸ਼ਣ ਵੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਡੇਰੇ ਮਾਨਵੀ ਹਿੱਤਾਂ ਨੂੰ ਮੁੱਖ ਰੱਖਦਿਆਂ ਪਰਾਲੀ ਨੂੰ ਅੱਗ ਬਿਲਕੁਲ ਨਹੀਂ ਲਗਾਉਣੀ ਚਾਹੀਦੀ।