ਡਿਪਟੀ ਕਮਿਸ਼ਨਰ ਵੱਲੋਂ ਨਿਗਰਾਨ ਟੀਮਾਂ ਅਤੇ ਨੋਡਲ ਅਫ਼ਸਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖਤੀ ਨਾਲ ਨਜ਼ਰ ਰੱਖਣ ਦੀ ਹਦਾਇਤ
ਪ੍ਰਕਾਸ਼ਨ ਦੀ ਮਿਤੀ : 19/10/2019
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਨਿਗਰਾਨ ਟੀਮਾਂ ਅਤੇ ਨੋਡਲ ਅਫ਼ਸਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖਤੀ ਨਾਲ ਨਜ਼ਰ ਰੱਖਣ ਦੀ ਹਦਾਇਤ
ਵਾਤਾਵਰਣ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਲਾੳੇੁਣ ਤੋਂ ਗੁਰੇਜ਼ ਕਰਨ ਦੀ ਕਿਸਾਨਾਂ ਨੂੰ ਕੀਤੀ ਅਪੀਲ
ਤਰਨ ਤਾਰਨ, 19 ਅਕਤੂਬਰ :
ਝੋਨੇ ਦੇ ਕਟਾਈ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲੇ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਐੱਸ. ਪੀ. ਹੈੱਡਕੁਆਟਰ ਸ੍ਰੀ ਗੌਰਵ ਤੂਰਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਿੰਦਰਜੀਤ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਿਗਰਾਨ ਟੀਮਾਂ ਅਤੇ ਨੋਡਲ ਅਫ਼ਸਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖਤੀ ਨਾਲ ਨਜ਼ਰ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਨੈਸ਼ਨਲ ਗਰੀਨ ਟਿ੍ਰਬਿਊਨਲ ਦੀ ਹਦਾਇਤਾਂ ਮੁਤਾਬਿਕ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿਦ ਖੂੰਹਦ ਨੂੰ ਕਿਸੇ ਵੀ ਹਾਲਤ ਵਿੱਚ ਅੱਗ ਨਾ ਲਗਾਉਣ ਦਿੱਤੀ ਜਾਵੇ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਲਾੳੇੁਣ ਤੋਂ ਗੁਰੇਜ਼ ਕਰਨ ਅਤੇ ਇਸ ਲਈ ਹੋਰ ਢੁਕਵੇਂ ਬਦਲ ਅਪਣਾਉਣ।ਉਹਨਾਂ ਕਿਹਾ ਕਿ ਪਰਾਲੀ ਨੂੰ ���ੱਗ ਲਗਾਉਣ ਨਾਲ ਹੋਣ ਵਾਲੇ ਧੂੰਏ ਨਾਲ ਸਾਡੇ ਆਪਣੇ ਪਰਿਵਾਰਾਂ ਦੇ ਬਜ਼ੁਰਗ ਅਤੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ।ਇਸ ਲਈ ਸਾਨੂੰ ਅੱਗ ਨਹੀਂ ਲਗਾਉਣੀ ਚਾਹੀਦੀ।
ਉਨਾਂ ਨੇ ਨਿਗਰਾਨ ਕਮੇਟੀਆਂ ਅਤੇ ਨੋਡਲ ਅਫ਼ਸਰਾਂ ਨੂੰ ਕਿਸਾਨਾਂ ਨੂੰ ਇਸ ਗੱਲ ਲਈ ਪ੍ਰੇਰਿਤ ਕਰਨ ਲਈ ਵੀ ਆਖਿਆ ਕਿ ਉਹ ਝੋਨੇ ਦੀ ਕਟਾਈ ਸੁਪਰ ਐੱਸ. ਐੱਮ. ਐੱਸ. ਸਿਸਟਮ ਵਾਲੀ ਕੰਬਾਇਨ ਨਾਲ ਹੀ ਕਰਵਾਉਣ। ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਵੱਡੇ ਪੱਧਰ ’ਤੇ ਪਰਾਲੀ ਦੇ ਨਿਪਟਾਰੇ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਮਸ਼ੀਨਰੀ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।
ਉਹਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ 74 ਨਿਗਰਾਨ ਟੀਮਾਂ ਅਤੇ ਪਿੰਡ ਪੱਧਰ ’ਤੇ 505 ਨੋਡਲ ਅਫ਼ਸਰਾਂ ਦੀ ਤੈਨਾਤੀ ਕੀਤੀ ਗਈ ਹੈ।ਉਨਾਂ ਦੱਸਿਆ ਕਿ ਇਨਾਂ ਟੀਮਾਂ ਵਲੋਂ ਸਬੰਧਤ ਸਬ-ਡਵੀਜ਼ਨ ਦੇ ਐੱਸ. ਡੀ. ਐੱਮ. ਦੀ ਅਗਵਾਈ ਵਿੱਚ ਕੰਮ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਜ਼ਿਲੇ ਵਿੱਚ ਸਥਿਤ ਕੋਈ ਵੀ ਅਜਿਹਾ ਖੇਤ ਜਿਸ ਦੀ ਮਲਕੀਅਤ ਸਰਕਾਰੀ ਕਰਮਚਾਰੀ ਦੀ ਹੈ, ਉਸ ਵਿੱਚ ਪਰਾਲੀ ਨੂੰ ਅੱਗ ਲਗਾਏ ਜਾਣ ਦੀ ਘਟਨਾ ਸਾਹਮਣੇ ਆਉਣ ’ਤੇ ਸਬੰਧਤ ਸਰਕਾਰੀ ਕਰਮਚਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਉਨਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੀਆਂ ਪੰਚਾਇਤਾਂ ਨੂੰ ਪ੍ਰਣ ਦਿਵਾ ਕੇ, ਸਕੂਲੀ ਵਿਦਿਆਰਥੀਆਂ ਰਾਹੀਂ ਜਾਗਰੂਕਤਾ ਰੈਲੀਆਂ ਤੇ ਲੈਕਚਰ ਕਰਵਾ ਕੇ ਅਤੇ ਸਹਿਕਾਰੀ ਸਭਾਵਾਂ ’ਚ ਜਾਗਰੂਕਤਾ ਕਰਵਾ ਕੇ ਇਸ ਮੁਹਿੰਮ ਨੂੰ ਕਾਮਯਾਬ ਕਰਨ।