ਬੰਦ ਕਰੋ

ਡਿਪਟੀ ਕਮਿਸ਼ਨਰ ਵੱਲੋਂ ਫਤਿਆਬਾਦ ਅਤੇ ਗੋਇੰਦਵਾਲ ਸਾਹਿਬ ਦਾਣਾ ਮੰਡੀਆਂ ਦਾ ਦੌਰਾ

ਪ੍ਰਕਾਸ਼ਨ ਦੀ ਮਿਤੀ : 19/04/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਫਤਿਆਬਾਦ ਅਤੇ ਗੋਇੰਦਵਾਲ ਸਾਹਿਬ ਦਾਣਾ ਮੰਡੀਆਂ ਦਾ ਦੌਰਾ
ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਕਰਵਾਈ ਰਸਮੀਂ ਸ਼ੁਰੂਆਤ
ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣ ਅਤੇ ਕਣਕ ਦੀ ਨਿਰਵਿਘਨ ਤੇ ਸੁਚੱਜੀ ਖ਼ਰੀਦ ਲਈ ਸਮੂਹ ਅਧਿਕਾਰੀ ਨੂੰ ਦਿੱਤੀਆਂ ਸਖਤ ਹਦਾਇਤਾਂ
ਗੋਇੰਦਵਾਲ ਸਾਹਿਬ (ਤਰਨ ਤਾਰਨ), 19 ਅਪ੍ਰੈਲ :
ਪੰਜਾਬ ਸਰਕਾਰ ਦੀ ਸੂਬੇ ਵਿੱਚ ਕਣਕ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਦੀ ਵਚਨਬੱਧਤਾ ਅਤੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇ ਨਜ਼ਰ ਸਮਾਜਿਕ ਦੂਰੀ ਨੂੰ ਬਣਾਈ ਰੱਖਣ ਅਤੇ ਸਿਹਤ ਵਿਭਾਗ ਦੀਆਂ ਹੋਰ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਦਾਣਾ ਮੰਡੀ ਫਤਿਆਬਾਦ ਅਤੇ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਅਤੇ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਰਸਮੀਂ ਸ਼ੁਰੂਆਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਪਹਿਲੀ ਢੇਰੀ ਦੀ ਬੋਲੀ ਮੌਕੇ ਸੰਬਧਿਤ ਕਿਸਾਨ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ।ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਤੋਂ ਇਲਾਵਾ ਸਬੰਧਿਤ ਵਿਭਾਗਾਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਮੰਡੀਆਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਖ਼ਰੀਦੀ ਫ਼ਸਲ ਨੂੰ ਮੰਡੀਆਂ ਵਿੱਚੋਂ 48 ਘੰਟਿਆਂ ਵਿੱਚ ਚੁਕਾਈ ਕਰਨ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਇਸੇ ਤਰ੍ਹਾਂ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਨੂੰ ਵੀ 48 ਘੰਟਿਆਂ ਵਿੱਚ ਕਰਨਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੰਡੀਆਂ ਵਿੱਚ 1 ਮੀਟਰ ਦੀ ਸਮਾਜਿਕ ਦੂਰੀ ਨੂੰ ਵੀ ਬਣਾ ਕੇ ਰੱਖਿਆ ਜਾਵੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚ ਲੇਬਰ ਦੇ ਰਾਤ ਨੂੰ ਸੌਣ ਵੇਲੇ ਘੱਟੋ-ਘੱਟ 2 ਮੀਟਰ ਦੀ ਦੂਰੀ ਹੋਣੀ ਚਾਹੀਦੀ ਹੈ।ਇਸ ਮੌਕੇ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਦੀ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਤੋਂ ਇਲਾਵਾ ਸੁਚਾਰੂ ਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ 19 ਦੇ ਚੱਲਦੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਮੰਡੀਆਂ ਵਿੱਚ ਹੱਥ ਧੋਣ ਦੀ ਸਹੂਲਤ, ਸਾਬਣ ਅਤੇ ਕਿਸਾਨਾਂ ਤੇ ਮਜ਼ਦੂਰਾਂ ਅਤੇ ਹੋਰਨਾਂ ਲਈ ਮਾਸਕ ਪਹਿਨਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਇਹ ਸਾਰੇ ਕਦਮ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਫਸਲ ਦੀ ਸਮੇਂ ਸਿਰ ਅਦਾਇਗੀ ਹੋਣ ਨੂੰ ਦੇਖਦਿਆਂ ਉਠਾਏ ਗਏ ਹਨ। ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਉਹਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
———————