ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਵਿਖੇ ਬਣਾਏ ਗਏ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਦਾ ਦੌਰਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਵਿਖੇ ਬਣਾਏ ਗਏ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਦਾ ਦੌਰਾ
ਜ਼ਿਲ੍ਹਾ ਤਰਨ ਤਾਰਨ ਦੇ ਸ਼ੱਕੀ ਮਰੀਜਾਂ ਦੇ 78 ਸੈਂਪਲ ਜਾਂਚ ਲਈ ਭੇਜੇ ਗਏ ਮੈਡੀਕਲ ਕਾਲਜ ਅੰਮ੍ਰਿਤਸਰ
169 ਸੈਂਪਲਾਂ ਦੀ ਰਿਪੋਟਰ ਆਈ ਨੈਗੇਟਿਵ
ਤਰਨ ਤਾਰਨ, 24 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਦਾ ਦੌਰਾ ਕੀਤਾ।ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ, ਡੀ. ਐੱਮ. ਸੀ. ਡਾ. ਸਵਰਨਜੀਤ ਧਵਨ ਅਤੇ ਐੱਸ. ਐੱਮ. ਓ. ਡਾ. ਇੰਦਰ ਮੋਹਨ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ 100 ਬੈੱਡ ਦਾ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਬਣਾਇਆ ਗਿਆ ਹੈ। ਇਸ ਸੈਂਟਰ ਵਿੱਚ ਮਰੀਜ਼ਾਂ ਲਈ ਹਰ ਤਰ੍ਹਾਂ ਦੀਆਂ ਮੈਡੀਕਲ ਸਹੂਲਤਾਂ ਦੇ ਨਾਲ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਅਨੂਪ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਦਿਨ ਰਾਤ ਕੰਮ ਕਰ ਰਹੀਆਂ ਹਨ।
ਉਹਨਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਅੱਜ ਜ਼ਿਲ੍ਹੇ ਦੇ ਸ਼ੱਕੀ ਮਰੀਜਾਂ ਦੇ 78 ਹੋਰ ਸੈਂਪਲ ਜਾਂਚ ਕਰਨ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਜਾਂਚ ਲਈ ਭੇਜੇ ਗਏ ਹਨ।ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾ 209 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿੰਨ੍ਹਾਂ ਵਿੱਚੋਂ 169 ਦੀ ਰਿਪੋਟਰ ਨੈਗੇਟਿਵ ਆਈ ਹੈ।ਵੀਰਵਾਰ ਨੂੰ ਜਾਂਚ ਲਈ ਭੇਜੇ ਗਏ 40 ਸੈਂਪਲਾਂ ਦੀ ਰਿਪੋਟਰ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ‘ਚ ਬਣੇ ਫਲੂ ਕਾਰਨਰ ਵਿੱਚ ਆਏ ਮਰੀਜ਼ਾਂ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਸਕਰੀਨਿੰਗ ਦੌਰਾਨ ਇਹ ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਹਰ ਤਰ੍ਹਾਂ ਦੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਚੱਲ ਰਹੀਆਂ ਕੰਬਾਇਨਾਂ ਦੇ ਡਰਾਈਵਰਾਂ ਤੇ ਕਾਮਿਆਂ ਦਾ ਵੀ ਸਿਹਤ ਚੈੱਕ-ਅੱਪ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਚੈੱਪ-ਅੱਪ ਦੌਰਾਨ 6 ਸ਼ੱਕੀ ਨਮੂਨੇ ਲਏ ਗਏ ਸਨ, ਜਿਨ੍ਹਾਂ ਦੀ ਰਿਪੋਟਰ ਵੀ ਨੈਗੇਟਿਵ ਪਾਈ ਗਈ ਹੈ।
ਸ੍ਰੀ ਸੱਭਰਵਾਲ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਵਾਸੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਦਾ ਸਦਕਾ ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਤੱਕ ਕੋਈ ਵੀ ਕਰੋਨਾ ਵਾਇਰਸ (ਕੋਵਿਡ-19) ਤੋਂ ਪ੍ਰਭਾਵਿਤ ਕੋਈ ਕੇਸ ਨਹੀਂ ਹੈ।ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸੇ ਤਰ੍ਹਾਂ ਹੀ ਇਸ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਤੇ ਕਰਫ਼ਿਊ ਦੌਰਾਨ ਆਪਣੇ ਘਰਾਂ ਵਿੱਚ ਬਣੇ ਰਹਿਣ।
————–