ਡਿਪਟੀ ਕਮਿਸ਼ਨਰ ਦੀ ਪ੍ਧਾਨਗੀ ਹੇਠ ਟੀਕਾਕਰਨ ਸਬੰਧੀ ਜਿਲਾ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ

ਡਿਪਟੀ ਕਮਿਸ਼ਨਰ ਦੀ ਪ੍ਧਾਨਗੀ ਹੇਠ ਟੀਕਾਕਰਨ ਸਬੰਧੀ ਜਿਲਾ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ
ਬੱਚਿਆਂ ਦੀ ਟੀਕਾਕਰਨ ਪ੍ਰਤੀ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਹੋਵੇਗੀ ਬਰਦਾਸ਼ਤ-ਡਿਪਟੀ ਕਮਿਸ਼ਨਰ
ਡੀਸੀ ਵੱਲੋਂ ਸਿਹਤ ਅਧਿਕਾਰੀਆਂ ਨੂੰ ਦਿੱਤੇ ਗਏ ਸਖਤ ਨਿਰਦੇਸ਼ਾਂ, ਟੀਕਾ ਕਰਨ ਦੇ ਟੀਚਿਆਂ ਨੂੰ ਕੀਤਾ ਜਾਵੇ ਤੁਰੰਤ ਪ੍ਰਾਪਤ
ਤਰਨ ਤਾਰਨ, ਜਨਵਰੀ 22: ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਜ਼ਿਲੇ ਦੇ ਟੀਕਾਕਰਨ ਪ੍ਰੋਗਰਾਮ ਸਬੰਧੀ ਗਠਿਤ ਜ਼ਿਲਾ ਟਾਸਕ ਫੋਰਸ ਦੇ ਮੇਂਬਰਾਂ ਦੀ ਅਹਿਮ ਮੀਟਿੰਗ ਹੋਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ, ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ, ਵਿਸ਼ਵ ਸਿਹਤ ਸੰਸਥਾ ਦੇ ਨੁਮਾਇੰਦੇ ਡਾ. ਈਸ਼ਿਤਾ ਅਤੇ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਹਿੱਸਾ ਲਿਆ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਏ ਜਾ ਰਹੇ ਟੀਕਾਕਰਨ ਪ੍ਰੋਗਰਾਮ ਦੀ ਬੜੀ ਹੀ ਬਰੀਕੀ ਨਾਲ ਸਮੀਖਿਆ ਕੀਤੀ। ਉਨਾਂ ਵੱਲੋਂ ਸਿਹਤ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਇੱਕ ਇੱਕ ਟੀਕੇ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਅਤੇ ਜਿਹੜੇ ਵੀ ਬਲਾਕਾਂ ਦੇ ਵਿੱਚ ਟੀਕਾਕਰਨ ਦੀ ਔਸਤ ਘਟ ਪਾਈ ਗਈ ਉਹਨਾਂ ਨੂੰ ਟੀਕਾਕਰਨ ਪ੍ਰੋਗਰਾਮ ਵਿੱਚ ਸੁਧਾਰ ਕਰਨ ਲਈ ਸਖਤ ਹਦਾਇਤ ਕੀਤੀ ਗਈ।
ਡੀਸੀ ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਲੇ ਦੇ ਵਿੱਚ ਟੀਕਾਕਰਨ ਪ੍ਰੋਗਰਾਮ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਬੱਚੇ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਟੀਕਾਕਰਨ ਬਹੁਤ ਲਾਜ਼ਮੀ ਹੈ ਅਤੇ ਸਿਹਤ ਕਰਮੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਜ਼ਿਲੇ ਦੇ ਵਿੱਚ ਕੋਈ ਵੀ ਯੋਗ ਬੱਚਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ। ਉਹਨਾਂ ਕਿਹਾ ਕਿ ਮੀਟਿੰਗ ਦੌਰਾਨ ਟੀਕਿਆਂ ਦੀ ਕੀਤੀ ਗਈ ਸਮੀਖਿਆ ਵਿੱਚ ਕਈ ਬਲਾਕਾਂ ਦੇ ਟੀਕਾਕਰਨ ਪ੍ਰੋਗਰਾਮ ਨੂੰ ਵਾਚਿਆ ਗਿਆ ਅਤੇ ਜਿਹੜੇ ਵੀ ਬਲਾਕਾਂ ਦੇ ਵਿੱਚ ਪੈਂਤਾਵੇਲੰਟ ਅਤੇ ਮੀਜਲਜ਼ ਰੁਬੇਲਾ ਟੇਕਿਆਂ ਦੀ ਔਸਤ ਘੱਟ ਪਾਈ ਗਈ ਉਹਨਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਹਨਾਂ ਕਿਹਾ ਜ਼ਿਲੇ ਦੇ ਸਿਵਲ ਸਰਜਨ ਅਤੇ ਜ਼ਿਲਾ ਟੀਕਾਕਰਨ ਅਫ਼ਸਰ ਨੂੰ ਇਨਾ ਬਲਾਕਾਂ ਦ ਨਿਰਖਣ ਸਮੇਂ ਸਮੇਂ ਕਰਨ ਲਈ ਕਿਹਾ ਗਿਆ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਅਜਿਹੀਆਂ ਮੀਟਿੰਗਾਂ ਕਰਕੇ ਟੀਕਾਕਰਨ ਪ੍ਰੋਗਰਾਮ ਨੂੰ ਵਾਚਦੇ ਰਹਿਣਗੇ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਟੀਕਾਕਰਨ ਪ੍ਰੋਗਰਾਮ ਬੰਦੀ ਮਿਥੇ ਗਏ ਟੀਚੀਆਂ ਨੂੰ ਸਿਹਤ ਕਰਮੀ ਬਿਨਾਂ ਕਿਸੇ ਦੇਰੀ ਦੇ ਪ੍ਰਾਪਤ ਕਰਨ।
ਮੀਟਿੰਗ ਦੌਰਾਨ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਹਫਤੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਜ਼ਿਲ੍ੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭ ਦੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ ਟੀਕਾਕਰਨ ਪ੍ਰੋਗਰਾਮ ਦਾ ਵਿਸ਼ੇਸ਼ ਤੌਰ ਤੇ ਨਿਰੀਖਣ ਕਰਨ ਅਤੇ ਮਾਸ ਮੀਡੀਆ ਵਿੰਗ ਰਾਹੀਂ ਟੀਕਾਕਰਨ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ।
ਉਹਨਾਂ ਕਿਹਾ ਕਿ ਜਿਹੜੇ ਵੀ ਬਲਾਕਾਂ ਦੇ ਵਿੱਚ ਟੀਕਾ ਪ੍ਰੋਗਰਾਮ ਦੀ ਔਸਤ ਘੱਟ ਪਾਈ ਗਈ ਹੈ ਉਹਨਾਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਵਿਸ਼ੇਸ਼ ਟੀਕਾਕਰਨ ਹਫਤੇ ਲਗਾ ਕੇ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਬੀਤੇ ਦਿਨੀ ਵਿਭਾਗ ਵੱਲੋਂ ਪੈਂਟਾਵੇਲੇੰਟ ਅਤੇ ਮੀਜਲਜ਼ ਰੁਬੇਲਾ ਟੀਕੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸ ਦੌਰਾਨ ਉਨਾਂ ਸਾਰੇ ਹੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਗਿਆ ਜਿਨਾਂ ਨੂੰ ਇਹ ਟੀਕੇ ਨਹੀਂ ਲੱਗੇ ਸਨ।
ਉਹਨਾਂ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਹਾਈ ਰਿਸਕ ਖੇਤਰਾਂ ਜਿਵੇਂ ਇੱਟਾਂ ਦੇ ਭੱਠਿਆਂ, ਝੁੱਗੀਆਂ, ਗੁਜਰਾਂ ਦੇ ਡੇਰਿਆਂ, ਉਸਾਰੀ ਅਧੀਨ ਖੇਤਰਾਂ ਵਿੱਚ ਰਹਿ ਰਹੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਵਿਸ਼ੇਸ਼ ਟੀਕਾਕਰਨ ਕੀਤਾ ਜਾਂਦਾ ਹੈ। ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਵੱਖ ਵੱਖ ਬਲਾਕਾਂ ਦੇ ਵਿੱਚ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾ ਕੇ ਪ੍ਰੋਗਰਾਮ ਸਬੰਧੀ ਟੀਚਿਆਂ ਨੂੰ ਪ੍ਰਾਪਤ ਕੀਤਾ ਜਾਵੇਗਾ।