ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਨੈਸ਼ਨਲ ਡਿਵਰਮਿੰਗ ਡੇ ਅਤੇ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਨੈਸ਼ਨਲ ਡਿਵਰਮਿੰਗ ਡੇ ਅਤੇ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ
ਤਰਨ ਤਾਰਨ, 26 ਨਵੰਬਰ:
ਜਿਲਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ. ਏ. ਐੱਸ. ਦੀ ਪ੍ਰਧਾਨਗੀ ਹੇਠ ਨੈਸ਼ਨਲ ਡਿਵਰਮਿੰਗ ਡੇ ਅਤੇ ਆਗਾਮੀ ਪਲਸ ਪੋਲੀਓ ਮੁਹਿੰਮ ਦੇ ਮੱਦੇਨਜ਼ਰ ਜ਼ਿਲਾ ਟਾਸਕ ਫੋਰਸ ਦੀ ਅਹਿਮ ਮੀਟਿੰਗ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ। ਇਸ ਮੀਟਿੰਗ ਦੇ ਵਿੱਚ ਸਿਹਤ ਵਿਭਾਗ, ਸਿੱਖਿਆ ਵਿਭਾਗ, ਬਾਲ ਵਿਕਾਸ ਵਿਭਾਗ ਤੋਂ ਇਲਾਵਾ ਹੋਰ ਸਰਕਾਰੀ ਅਦਾਰਿਆਂ ਦੇ ਨੁਮਾਇੰਦਿਆਂ ਵੱਲੋਂ ਹਿੱਸਾ ਲਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਦੇ ਲਈ ਨੈਸ਼ਨਲ ਡਿਵੋਰਮਿੰਗ ਡੇ ਅਤੇ ਪਲਸ ਪੋਲੀਓ ਮੁਹਿੰਮ ਸਿਹਤ ਵਿਭਾਗ ਦੇ ਬਹੁਤ ਹੀ ਅਹਿਮ ਪ੍ਰੋਗਰਾਮ ਹਨ। ਉਹਨਾਂ ਦੱਸਿਆ ਕਿ 28 ਨਵੰਬਰ ਨੂੰ ਨੈਸ਼ਨਲ ਡੀ ਵਾਰਮਿੰਗ ਦੇ ਮਨਾਇਆ ਜਾਵੇਗਾ, ਜਿਸ ਤਹਿਤ ਜ਼ਿਲੇ ਦੇ ਸਾਰੇ ਹੀ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿੱਚ ਵਿਦਿਆਰਥੀਆਂ ਨੂੰ ਅਧਿਆਪਕਾਂ ਅਤੇ ਸਿਹਤ ਕਰਮੀਆਂ ਦੀ ਦੇਖ-ਰੇਖ ਹੇਠ ਅਲਬੈਂਡਾਜੋਲ ਗੋਲੀਆਂ ਦਿੱਤੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਸਿਹਤ ਵਿਭਾਗ ਅਤੇ ਬਾਕੀ ਸਾਰੇ ਹੀ ਸਹਿਯੋਗੀ ਵਿਭਾਗ ਇਸ ਪ੍ਰੋਗਰਾਮ ਦੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਣ ਤਾਂ ਜੋ ਬੱਚਿਆਂ ਦੇ ਮਾਪਿਆਂ ਨੂੰ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਬਾਰੇ ਸਹੀ ਜਾਣਕਾਰੀ ਮਿਲ ਸਕੇ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਦਸੰਬਰ 08 ਨੂੰ ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਦਿਵਸ ਮਨਾਇਆ ਜਾਵੇਗਾ ਅਤੇ ਜ਼ਿਲੇ ਦੇ ਵਿੱਚ ਤਿੰਨ ਦਿਨਾਂ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ 0 ਤੋਂ 5 ਸਾਲਾਂ ਦੇ ਬੱਚਿਆਂ ਨੂੰ ਪੋਲੀਓ ਰੋਕੋ ਬੂੰਦਾਂ ਪਿਲਾਈਆਂ ਜਾਣਗੀਆਂ।
ਉਹਨਾਂ ਸਹਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਆ ਕਿਹਾ ਕਿ ਇਹਨਾਂ ਦਿਵਸਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਇੱਕ ਬਲਾਕ ਤੇ ਐਮਰਜੈਂਸੀ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੇ ਵਿੱਚ ਹਰ ਇੱਕ ਯੋਗ ਲਾਭਪਾਤਰੀ ਬੱਚੇ ਨੂੰ ਇਹਨਾਂ ਪ੍ਰੋਗਰਾਮਾਂ ਦਾ ਲਾਭ ਪ੍ਰਾਪਤ ਹੋ ਸਕੇ।
ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੌਰਾਨ 10 ਦਸੰਬਰ ਨੂੰ ਆਸ਼ਾ ਵਰਕਰਾਂ ਵੱਲੋਂ ਆਪਣੇ-ਆਪਣੇ ਪਿੰਡਾਂ ਦੇ ਸਰਕਾਰੀ ਤੇ ਪ੍ਰਾਇਮਰੀ ਸਕੂਲਾਂ ਵਿੱਚ ਪੋਲੀਓ ਬੂੰਦਾਂ ਪਿਲਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇ। ਉਹਨਾਂ ਕਿਹਾ ਕਿ ਬੂੰਦਾਂ ਪਿਲਾਉਣ ਲਈ ਵਿਸ਼ੇਸ਼ ਸੈਸ਼ਨ ਸਵੇਰੇ 9 ਤੋਂ 11 ਵਜੇ ਤੱਕ ਲਗਾਇਆ ਜਾਵੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੱਲੋਂ ਜਿਲੇ ਦੇ ਕੀਤੇ ਜਾਣ ਵਾਲੇ ਟੀਕਾਕਰਨ ਪ੍ਰੋਗਰਾਮ ਦੀ ਵੀ ਸਮੀਖਿਆ ਕੀਤੀ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਿਦਾਇਤ ਕਰਦੇ ਆ ਕਿਹਾ ਕਿ ਜ਼ਿਲੇ ਦੇ ਵਿੱਚ ਹਰੇਕ ਬਲਾਕ ਬੱਚਿਆਂ ਦੇ 100 ਫੀਸਦੀ ਟੀਕਾਕਰਨ ਦਾ ਟੀਚਾ ਪ੍ਰਾਪਤ ਕਰੇ ਅਤੇ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਕੋਈ ਵੀ ਬੱਚਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਕਾਰਜਕਾਰੀ ਸਿਵਲ ਸਰਜਨ-ਕਮ-ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨੈਸ਼ਨਲ ਡਿਵਰਮਿੰਗ ਡੇ ਅਤੇ ਪਲਸ ਪੋਲੀਓ ਦਿਵਸ ਲਈ ਮਾਈਕਰੋਪਲੈਨ ਮੰਗ ਲਏ ਗਏ ਹਨ। ਉਹਨਾਂ ਕਿਹਾ ਕਿ ਡਿਵਰਮਿੰਗ ਡੇ ਦੇ ਸਬੰਧ ਵਿੱਚ ਵਿਭਾਗ ਵੱਲੋਂ ਆਈਈਸੀ ਗਤੀਵਿਧੀਆਂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਇਹਨਾਂ ਪ੍ਰੋਗਰਾਮਾਂ ਦਾ ਲਾਭ ਮਿਲ ਸਕੇ।
ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਅਲਬੈਂਡਾਜੋਲ ਦੀਆਂ ਗੋਲੀਆਂ ਸਾਰੇ ਹੀ ਬਲਾਕਾਂ ਵਿੱਚ ਵੰਡ ਦਿੱਤੀਆਂ ਗਈਆਂ ਹਨ ਅਤੇ ਨੈਸ਼ਨਲ ਡਿਵਰਮਿੰਗ ਦੇ ਵਾਲੇ ਦਿਨ ਅਧਿਆਪਕਾਂ ਅਤੇ ਸਿਹਤ ਕਰਮੀਆਂ ਦੀ ਦੇਖਰੇਖ ਹੇਠ ਇਹ ਗੋਲੀਆਂ ਬੱਚਿਆਂ ਨੂੰ ਖਵਾਈਆਂ ਜਾਣਗੀਆਂ।
ਇਸ ਮੌਕੇ ਐੱਸ, ਡੀ. ਐੱਮ. ਤਰਨ ਤਰਨ ਸ੍ਰੀ ਅਰਵਿੰਦਰਪਾਲ ਸਿੰਘ, ਡੀ. ਐੱਸ. ਪੀ. ਹੈੱਡਕੁਆਟਰ ਸ੍ਰੀ ਕੇ. ਐੱਸ. ਔਲਖ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਜਗਵਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।