ਬੰਦ ਕਰੋ

ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਲਾਮਬੰਦ-ਚੇਅਰਮੈਨ ਸ੍ਰ. ਦਿਲਬਾਗ ਸਿੰਘ

ਪ੍ਰਕਾਸ਼ਨ ਦੀ ਮਿਤੀ : 04/06/2025

ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਲਾਮਬੰਦ-ਚੇਅਰਮੈਨ ਸ੍ਰ. ਦਿਲਬਾਗ ਸਿੰਘ
ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਸੂਲਪੁਰ, ਝੁੱਗੀਆਂ ਪੀਰ ਬਖਸ਼ ਅਤੇ ਪਾਰਲੇ ਜੱਲੋਕੇ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦਿਆਂ ਜਾਗਰੂਕਤਾ ਸਭਾਵਾਂ ਨੂੰ ਕੀਤਾ ਸੰਬੋਧਨ
ਪੱਟੀ, 30 ਮਈ :
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ।ਇਸ ਤਹਿਤ ਅੱਜ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰ. ਦਿਲਬਾਗ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਸੂਲਪੁਰ, ਝੁੱਗੀਆਂ ਪੀਰ ਬਖਸ਼ ਅਤੇ ਪਾਰਲੇ ਜੱਲੋਕੇ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ ਗਈ ਅਤੇ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕੀਤਾ।ਇਸ ਦੌਰਾਨ ਉਹਨਾਂ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ ਦੀ ਸਹੁੰ ਵੀ ਚੁਕਵਾਈ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰ. ਦਿਲਬਾਗ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਨਾਲ ਆਰ ਪਾਰ ਦੀ ਲੜਾਈ ਲੜ ਰਹੀ ਹੈ, ਜਿਸ ਵਿੱਚ ਸੂਬਾ ਵਾਸੀਆਂ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬੜੇ ਤਸੱਲੀਬਖ਼ਸ਼ ਨਤੀਜੇ ਸਾਹਮਣੇ ਆ ਰਹੇ ਹਨ।
ਉਹਨਾਂ ਕਿਹਾ ਕਿ ਨਸ਼ਾ ਤਸਕਰੀ ਦੇ ਕਾਲੇ ਧੰਦੇ ‘ਚ ਲੱਗੇ ਸਮਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ, ਘਰਾਂ ਨੂੰ ਸੀਲ ਕਰਨ ਤੇ ਡਰੱਗ ਮਨੀ ਨਾਲ ਬਣਾਈਆਂ ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਚਲਾ ਕੇ ਤਹਿਸ ਨਹਿਸ ਕੀਤਾ ਗਿਆ।
ਉਨਾਂ ਕਿਹਾ ਕਿ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦਾ ਮੁਕੰਮਲ ਖਾਤਮਾ ਕਰਨ ਦਾ ਇਹ ਸਹੀ ਸਮਾਂ ਹੈ, ਜਿਸ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸਾਰੇ ਲੋਕਾਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਮਿਸਾਲੀ ਕਾਰਵਾਈ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਹਲਕਾ ਵਾਸੀਆਂ ਕੋਲੋਂ ਭਰਵੇਂ ਸਹਿਯੋਗ ਦੀ ਮੰਗ ਵੀ ਕੀਤੀ।
ਉਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਦੀ ਭਰਪੂਰ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਲੋਕ ਖੁਦ ਨਸ਼ਿਆਂ ਵਰਗੀ ਭੈੜੀ ਲਾਹਣਤ ਦਾ ਸਫਾਇਆ ਕਰਨ ਲਈ ਸਰਗਰਮ ਹਨ। ਇਸ ਮੌਕੇ ਪਿੰਡਾਂ ਦੇ ਨਿਵਾਸੀਆਂ ਨੇ ਨਸ਼ੇ ਦਾ ਖਾਤਮਾ ਕਰਨ ਦਾ ਪ੍ਰਣ ਵੀ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।