ਬੰਦ ਕਰੋ

ਪੰਜਾਬ ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਉਪਲੱਬਧ ਕਰਵਾ ਰਹੀ ਹੈ ਮਸ਼ੀਨਰੀ-ਲਾਲਜੀਤ ਸਿੰਘ ਭੁੱਲਰ

ਪ੍ਰਕਾਸ਼ਨ ਦੀ ਮਿਤੀ : 25/10/2024
ਕ੍ਰਿਸ਼ੀ ਵਿਗਿਅਨ ਕੇਂਦਰ, ਤਰਨ ਤਾਰਨ ਵੱਲੋਂ ਲਗਾਇਆ ਗਿਆ ਕਿਸਾਨ ਮੇਲਾ 
 
ਮੇਲੇ ਦੌਰਾਨ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 
 
ਪੰਜਾਬ ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਉਪਲੱਬਧ ਕਰਵਾ ਰਹੀ ਹੈ ਮਸ਼ੀਨਰੀ-ਲਾਲਜੀਤ ਸਿੰਘ ਭੁੱਲਰ
 
ਹਰੀਕੇ ਪੱਤਣ (ਤਰਨ ਤਾਰਨ),  24 ਅਕਤੂਬਰ :
 
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਅਨ ਕੇਂਦਰ, ਬੂਹ, ਤਰਨ ਤਾਰਨ ਵਿਖੇ ਫਸਲਾਂ ਦੀ ਰਹਿੰਦ ਖੂੰਹਦ ਪ੍ਰਬਧਨ ਪ੍ਰੋਜੈਕਟ ਅਧੀਨ ਕਿਸਾਨ ਮੇਲਾ ਲਗਾਇਆ। ਇਸ ਸਮਾਗਮ ਵਿੱਚ ਸ. ਲਾਲਜੀਤ ਸਿੰਘ ਭੁੱਲਰ, ਮਾਨਯੋਗ ਕੈਬਨਿਟ ਮੰਤਰੀ, ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਜਤਿੰਦਰ ਪਾਲ ਸਿੰਘ ਗਿੱਲ, ਮਾਨਯੋਗ ਉਪ ਕੁਲਪਤੀ ਅਤੇ ਸ਼੍ਰੀ ਪਰਮਵੀਰ ਸਿੰਘ, ਡਿਪਟੀ ਕਮਿਸ਼ਨਰ, ਤਰਨ ਤਾਰਨ ਨੇ ਮੇਲੇ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। 
ਡਾ ਪ੍ਰਭਜੀਤ ਸਿੰਘ, ਡਿਪਟੀ ਡਾਇਰੈਕਟਰ, ਕੇਵੀਕੇ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਕੇਵੀਕੇ, ਬੂਹ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਗਵਾਈ ਕਰ ਰਿਹਾ ਹੈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਏ ਖੇਤਾਂ ਵਿੱਚ  ਹੀ ਇਸ ਦੀ ਵਰਤੋਂ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਮਿੱਟੀ ਦੀ ਸਿਹਤ ਅਤੇ ਵਾਤਾਵਰਨ ਵਿੱਚ ਸੁਧਾਰ ਹੋ ਸਕੇ। 
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਮਸ਼ੀਨਰੀ ਉਪਲੱਬਧ ਕਰਵਾ ਰਹੀ ਹੈ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਨਵੇਂ ਬਣੇ ਪਿੰਡਾਂ ਦੇ ਸਰਪੰਚਾਂ ਤੋਂ ਇਹ ਭਰੋਸਾ ਲਿਆ ਕਿ ੳਹ ਆਪਣੇ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲੱਗਣ ਦੇਣਗੇ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ। 
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮਾਨਯੋਗ ਉਪ ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਫਸਲਾਂ ਦੀ ਪੈਦਾਵਾਰ ਵਿੱਚ ਆਰਥਿਕ ਵਾਧਾ ਕਰਨ ਲਈ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 20 ਲੱਖ ਟਨ ਫਸਲਾਂ ਦੀ ਰਹਿੰਦ-ਖੂੰਹਦ ਪੈਦਾ ਹੁੰਦੀ ਹੈ ਅਤੇ ਇਸ ਨੂੰ ਖੇਤੀਬਾੜੀ ਅਤੇ ਪਸ਼ੂ ਪਾਲਣ ਵਿੱਚ ਵੱਖ-ਵੱਖ ਵਰਤੋਂ ਲਈ ਲਿਆਂਦਾ ਜਾ ਸਕਦਾ ਹੈ, ਜਿਸ ਨਾਲ ਖੇਤੀ ਅਤੇ ਪਸ਼ੂ ਪਾਲਕਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲ ਸਕਦਾ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਸਰਕਾਰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਦੀ ਸਹਾਇਤਾ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ ਅਤੇ ਵੱਖ-ਵੱਖ ਫਸਲਾਂ ਦੀ ਰਹਿੰਦ-ਖੂੰਹਦ ਦੀ ਮਸ਼ੀਨਰੀ ਉਨ੍ਹਾਂ ਦੇ ਘਰ ਦੇ ਦਰਵਾਜ਼ੇ ‘ਤੇ ਉਪਲੱਬਧ ਕਰਵਾਈ ਜਾ ਰਹੀ ਹੈ। ਡਾ. ਪ੍ਰਕਾਸ਼ ਸਿੰਘ ਬਰਾੜ ਨਿਰਦੇਸ਼ਕ ਪਸਾਰ ਸਿੱਖਿਆ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਖਤਰੇ ਨਾਲ ਨਜਿੱਠਣ ਲਈ ਨਵੀਆਂ ਵਿਗਆਨਕ ਤਕਨੀਕਾਂ ਸਿੱਖਣ ਲਈ ਯੂਨੀਵਰਸਿਟੀ ਅਤੇ ਇਸ ਦੇ ਕੇਵੀਕੇ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਡਾ. ਪਰਮਿੰਦਰ ਸਿੰਘ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਪਸ਼ੂ ਚਾਰੇ ਵਜੋਂ ਵਰਤਨ ਲਈ ਇਸ ਦੀ ਸੋਧ ਸਬੰਧੀ ਜਾਣਕਾਰੀ ਦਿੱਤੀ। ਕੇਵੀਕੇ ਅਤੇ ਪੀਏਯੂ, ਲੁਧਿਆਣਾ ਦੇ ਕਿਸਾਨ ਸੇਵਾ ਸਲਾਹਕਾਰ ਕੇਂਦਰ ਤਰਨ ਤਾਰਨ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਦੀ ਸੁਚੱਜੀ ਵਰਤੋ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਅਤੇ ਪਸ਼ੂ ਪਾਲਣ ਨਾਲ ਸਬੰਧਤ ਜਾਣਕਾਰੀ ਦਿੱਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਅਤੇ ਕੰਪਨੀਆਂ ਵੱਲੋਂ ਕਿਸਾਨਾਂ ਦੀ ਜਾਣਕਾਰੀ ਲਈ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਮੇਲੇ ਵਿੱਚ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।