ਬੰਦ ਕਰੋ

ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

ਪ੍ਰਕਾਸ਼ਨ ਦੀ ਮਿਤੀ : 21/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਸੰਕਲਪ ਨੂੰ ਪੂਰਾ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਕੀਤੀ ਜਾ ਰਹੀ ਹੈ ਪਹੁੰਚ-ਡਾ. ਕਸ਼ਮੀਰ ਸਿੰਘ ਸੋੋਹਲ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਨਿਭਾਵੇਗੀ ਅਹਿਮ ਭੂਮਿਕਾ-ਸ. ਸਰਵਨ ਸਿੰਘ ਧੁੰਨ

ਤਰਨ ਤਾਰਨ, 20 ਮਈ :

ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।

ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਕੋਟਲੀ, ਰਟੌਲ ਅਤੇ ਦਬੁਰਜੀ ਵਿਖੇ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਸੰਕਲਪ ਨੂੰ ਪੂਰਾ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ੇ ਦੇ ਮਰੀਜ਼ਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਮੁੜ ਲੀਹਾਂ ਉੱਤੇ ਲੈ ਕੇ ਆਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਧੁੰਨ, ਨਾਰਲਾ ਅਤੇ ਬੀਰਮ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹੱਸਦਾ, ਵੱਸਦਾ ਤੇ ਨਸ਼ਾ ਮੁਕਤ ਬਣਾਉਣ ਦੇ ਵੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬੇ ਭਰ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹਰ ਰੋਜ਼ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ।

ਸ੍ਰ. ਸਰਵਨ ਸਿੰਘ ਧੁੰਨ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅਜਿਹੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਜ਼ਰੂਰ ਕਰਵਾਉਣ।

ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ।