ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 10/10/2019
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ-ਡਿਪਟੀ ਕਮਿਸ਼ਨਰ
ਆਮ ਲੋਕਾਂ ਤੇ ਦੁਕਾਨਦਾਰਾਂ ਨੂੰ ਇੱਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਕੀਤਾ ਜਾਵੇਗਾ ਪ੍ਰੇਰਿਤ
ਤਰਨ ਤਾਰਨ, 10 ਅਕਤੂਬਰ :
ਸਾਡੇ ਵਾਤਾਵਰਣ ਨੂੰ ਗੰਧਲਾ ਕਰਨ ਵਾਲੇ ਕਾਰਕਾਂ ਵਿੱਚ ਅਜਿਹਾ ਪਲਾਸਟਿਕ ਵੀ ਸ਼ਾਮਲ ਹੈ, ਜੋ ਕਿ ਕੇਵਲ ਇੱਕ ਵਾਰ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ।ਇਸ ਲਈ ਇੱਕ-ਵਾਰ ਵਰਤੇ ਜਾਣ ਵਾਲੀ ਪਲਾਸਟਿਕ ਸਮੱਗਰੀ ਦੀ ਥਾਂ ’ਤੇ ਵਾਤਾਵਰਣ-ਪੱਖੀ ਸਮਾਨ ਵਰਤਿਆ ਜਾਣਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹੇ ਦੇ ਸਮੂਹ ਐਸ. ਡੀ. ਐਮਜ਼, ਸਰਕਾਰੀ ਵਿਭਾਗਾਂ ਦੇ ਮੁਖੀਆਂ, ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ, ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ “ਪਲਾਸਟਿਕ ਮੁਕਤ’ ਭਾਰਤ ਮੁਹਿੰਮ ਤਹਿਤ ਜ਼ੋਰਦਾਰ ਜਾਗਰੂਕਤਾ ਮੁਹਿੰਮ ਨੂੰ ਲਾਗੂ ਕੀਤਾ ਜਾਵੇ ਅਤੇ ਹਰੇਕ ਵਰਗ ਅਤੇ ਹਰੇਕ ਕਿੱਤੇ ਨਾਲ ਜੁੜੇ ਲੋਕਾਂ ਨੂੰ ਇੱਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਲਾਸਟਿਕ ਲਿਫਾਫੇ ਬਾਅਦ ਵਿੱਚ ਨਾਲੀਆਂ ਦੇ ਵਹਾਅ ਵਿੱਚ ਰੁਕਾਵਟ ਬਣਦੇ ਹਨ ਅਤੇ ਬੇਸਹਾਰਾ ਪਸ਼ੂਆਂ ਵੱਲੋਂ ਨਿਗਲੇ ਜਾਣ ਦੇ ਨਾਲ-ਨਾਲ ਭੂਮੀ ਤੇ ਜਲ ਪ੍ਰਦੂਸ਼ਣ ਦਾ ਕਾਰਨ ਬਣਦਾ ਹੈ, ਜਿਸ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਣ ’ਤੇ ਮਾੜਾ ਅਸਰ ਪੈਂਦਾ ਹੈ।
ਉਹਨਾਂ ਇਹ ਹਦਾਇਤ ਵੀ ਕੀਤੀ ਹੈ ਕਿ ਜ਼ਿਲੇ ਦੇ ਉਦਯੋਗਾਂ, ਕੰਪਨੀਆਂ, ਵਿੱਦਿਅਕ ਅਦਾਰਿਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਇਸ ਬਾਰੇ ਸੁਚੇਤ ਕੀਤਾ ਜਾਵੇ ਅਤੇ ਇਸ ਸਬੰਧੀ ਲੋਕ ਲਹਿਰ ਚਲਾਈ ਜਾਵੇ। ਉਨਾਂ ਕਿਹਾ ਕਿ ਕੰਪੋਸਟੇਬਲ ਬੈਗਜ਼, ਕੁਦਰਤੀ ਕੱਪੜਾ, ਰੀ-ਸਾਈਕਲਡ ਪੇਪਰ ਅਤੇ ਹੋਰ ਵਸਤਾਂ ਇਸਤੇਮਾਲ ਵਿੱਚ ਲਿਆਂਦੀਆਂ ਜਾ ਸਕਦੀਆਂ ਹਨ, ਜੋ ਕਿ ਵਾਤਾਵਰਣ ਲਈ ਘੱਟ ਹਾਨੀਕਾਰਕ ਹਨ। ਉਨਾਂ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਵਾਤਾਵਰਣ ਪੱਖੀ ਅਤੇ ਕੁਦਰਤੀ ਸਮੱਗਰੀ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ ਅਤੇ ਇਸ ਕਾਰਜ ਵਿੱਚ ਹਰੇਕ ਨਾਗਰਿਕ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਅਤੇ ਖਾਸ ਕਰਕੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਾਬੰਦੀਸ਼ੁਦਾ ਲਿਫਾਫਿਆਂ ਦੀ ਵਰਤੋਂ ਬਿਲਕੁਲ ਬੰਦ ਕਰ ਦੇਣ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਪਲਾਸਟਿਕ ਦੇ ਲਿਫਾਫਿਆਂ ਸਬੰਧੀ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਛਾਪੇਮਾਰੀ ਕੀਤੀ ਜਾਵੇਗੀ ਅਤੇ ਜਿਸ ਕੋਲੋਂ ਵੀ ਪਾਬੰਦੀਸ਼ੁਦਾ ਲਿਫਾਫੇ ਬਰਾਮਦ ਹੋਣਗੇ ਉਨ੍ਹਾਂ ਖਿਲਾਫ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ।
—————