ਬੰਦ ਕਰੋ

ਵਿਸ਼ਵ ਵਾਤਾਵਰਨ ਦਿਵਸ ਮੌਕੇ ਮੁੱਖ ਮੰਤਰੀ ਨੇ ਵਰਚੂਅਲ ਸਮਾਗਮ ਦੌਰਾਨ ਲੋਕਾਂ ਨੂੰ ਵਾਤਾਵਰਨ ਸੰਭਾਲ ਦਾ ਦਿੱਤਾ ਸੱਦਾ

ਪ੍ਰਕਾਸ਼ਨ ਦੀ ਮਿਤੀ : 07/06/2021
ENV

ਵਿਸ਼ਵ ਵਾਤਾਵਰਨ ਦਿਵਸ ਮੌਕੇ ਮੁੱਖ ਮੰਤਰੀ ਨੇ ਵਰਚੂਅਲ ਸਮਾਗਮ ਦੌਰਾਨ ਲੋਕਾਂ ਨੂੰ ਵਾਤਾਵਰਨ ਸੰਭਾਲ ਦਾ ਦਿੱਤਾ ਸੱਦਾ
ਪੰਜਾਬ ਸਰਕਾਰ ਵੱਲੋਂ ਨਵੇਂ ਰੂਪ ਵਿੱਚ ਉਲੀਕੇ ਗਏ “ਮਿਸ਼ਨ ਤੰਦਰੁਸਤ ਪੰਜਾਬ” ਦੀ ਕੀਤੀ ਸ਼ੁਰੂਆਤ
ਰੀਵੈਮਪਡ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਮਿੱਥੇ ਗਏ ਟੀਚਿਆਂ ਦੀ ਪੂਰਤੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਡਿਪਟੀ ਕਮਿਸ਼ਨਰ
ਆਉਣ ਵਾਲੀਆਂ ਪੀੜ੍ਹੀਆ ਨੂੰ ਸਾਫ਼ ਸੁਥਰਾ ਵਾਤਾਵਰਨ ਉਪਲੱਬਧ ਕਰਵਾਉਣਾ ਸਾਡੀ ਸਭ ਦੀ ਨੈਤਿਕ ਜਿੰਮੇਵਾਰੀ
ਤਰਨ ਤਾਰਨ, 05 ਜੂਨ :
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇੱਕ ਵਰਚੂਅਲ ਸਮਾਗਮ ਦੌਰਾਨ ਰਾਜ ਸਰਕਾਰ ਵੱਲੋਂ ਨਵੇਂ ਰੂਪ ਵਿੱਚ ਉਲੀਕੇ “ਮਿਸ਼ਨ ਤੰਦਰੁਸਤ ਪੰਜਾਬ” ਦੀ ਸ਼ੁਰੂਆਤ ਕੀਤੀ ਅਤੇ ਇਸ ਮਿਸ਼ਨ ਤਹਿਤ ਸਰਕਾਰ ਵੱਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ, ਪੌਸ਼ਟਿਕ ਖਾਣਾ, ਸ਼ੁੱਧ ਪਾਣੀ, ਫਸਲਾਂ ਦੀ ਰਹਿੰਦ-ਖੂੰਹਦ ਦੀ ਸੁੱਚਜੀ ਸਾਭ-ਸੰਭਾਲ, ਸੜਕ ਸੁਰੱਖਿਆ ਆਦਿ ਮੁਹੱਈਆ ਕਰਵਾਉਣ ਦੇ 10 ਸੂਤਰੀ ਪ੍ਰੋਗਰਾਮ ਦੀ ਜਾਣਕਾਰੀ ਸਾਂਝੀ ਕੀਤੀ।
ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧ ਵਿਚ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨਾਂ ਨੇ ਲੋਕਾਂ ਨੂੰ ਵੀ ਵਾਤਾਵਰਨ ਸੰਭਾਲ ਦਾ ਸੱਦਾ ਦਿੰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਉਨਾਂ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਮਿਲਾਵਟ ਰਹਿਤ ਭੋਜਨ ਪਦਾਰਥ, ਸਾਫ ਪਾਣੀ, ਸਾਫ਼ ਹਵਾ, ਹਰਾ-ਭਰਾ ਚੌਗਿਰਦਾ, ਰੋਡ ਸੇਫ਼ਟੀ, ਕੂੜਾ ਪ੍ਰਬੰਧਨ, ਖੇਡਾਂ ਆਦਿ ਸਹੁਲਤਾਂ ਨਵੇਂ ਰੂਪ ਵਿੱਚ ਉਲੀਕੇ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਮੁਹੱਈਆ ਕਰਵਾਏਗੀ।
ਵਰਚੂਅਲ ਸਮਾਗਮ ਦੌਰਾਨ ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਸ਼ਹਿਰਾਂ ਦੇ ਵਿਕਾਸ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਮਿਲਾਵਟ ਰੋਕਣ ਲਈ ਸਰਕਾਰ ਦੇ ਉਪਰਾਲੇ ਲੋਕਾਂ ਨਾਲ ਸਾਂਝੇ ਕੀਤੇ। ਜਲ ਸਪਲਾਈ ਵਿਭਾਗ ਦੇ ਮੰਤਰੀ ਰਜੀਆ ਸੁਲਤਾਨਾ ਨੇ ਪੀਣ ਦੇ ਪਾਣੀ ਦੀ ਸਪਲਾਈ ਲਈ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ। ਖੇਡ ਮੰਤਰੀ ਸ: ਗੁਰਮੀਤ ਸਿੰਘ ਰਾਣਾ ਸੋਢੀ ਨੇ ਖੇਡ ਵਿਭਾਗ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਵਰਚੂਅਲ ਤੌਰ ‘ਤੇ ਇਸ ਪ੍ਰੋਗਰਾਮ ਵਿੱਚ ਜੁੜੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸ਼ੁੱਧ ਹਵਾ ਲਈ ਵੱਧ ਤੋਂ ਵੱਧ ਪੌਦੇ ਲਗਾ ਕੇ ਸਾਂਭ ਸੰਭਾਲ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆ ਨੂੰ ਸਾਫ਼ ਸੁਥਰਾ ਵਾਤਾਵਰਨ ਉਪਲੱਬਧ ਕਰਵਾਉਣਾ ਸਾਡੀ ਸਭ ਦੀ ਨੈਤਿਕ ਜਿੰਮੇਵਾਰੀ ਹੈ।
ਉਹਨਾਂ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਜਿੱਥੇ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹਰ ਇੱਕ ਨਾਗਰਿਕ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵੀ ਵਾਤਾਵਰਨ ਸੰਭਾਲ ਵਿੱਚ ਹਿੱਸਾ ਪਾਵੇ। ਉਹਨਾਂ ਕਿਹਾ ਕਿ ਰੀਵੈਮਪਡ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਜਿਹੜੇ ਟੀਚੇ ਮਿੱਥੇ ਗਏ ਹਨ, ਉਨ੍ਹਾਂ ਦੀ ਪੂਰਤੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਅਗਾਂਹਵਧੂ ਕਿਸਾਨ ਗੁਰਤੇਜ ਸਿੰਘ ਸਰਪੰਚ ਪਿੰਡ ਸੰਗਤਪੁਰ ਨੇ ਵੀ ਵਰਚੂਅਲ ਸਮਾਗਮ ਦੌਰਾਨ ਜੈਵਿਕ ਖੇਤੀ ਦੀ ਮਹੱਤਤਾ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਜਗਤਾਰ ਸਿੰਘ, ਚੇਅਰਪਰਸਨ ਜ਼ਿਲ੍ਹਾ ਪ੍ਰਸ਼ੀਦ ਤਰਨ ਤਾਰਨ ਸ਼੍ਰੀਮਤੀ ਹਰਚਰਨਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਗਵਿੰਦਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ, ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਰਜਤ ਗੋਪਾਲ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਤੋਂ ਇਲਾਵਾ ਅਗਾਂਹਵਧੂ ਕਿਸਾਨ ਗੁਰਤੇਜ ਸਿੰਘ ਸਰਪੰਚ ਪਿੰਡ ਸੰਗਤਪੁਰ ਵੀ ਹਾਜ਼ਰ ਸਨ।