ਸ਼ਹਿਰ ਵਾਸੀਆਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਗੇੜ੍ਹ ਦੀ ਸ਼ੁਰੂਆਤ
ਸ਼ਹਿਰ ਵਾਸੀਆਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ-ਡਿਪਟੀ ਕਮਿਸ਼ਨਰ
ਤਰਨ ਤਾਰਨ, 24 ਅਕਤੂਬਰ :
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਉਪਰਾਲਿਆਂ ਤਹਿਤ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸ਼ਹਿਰਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਅਧੀਨ ਸੂਬੇ ਵਿੱਚ 11 ਹਜ਼ਾਰ ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸ ਪ੍ਰੋਗਰਾਮ ਦੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਸ਼ੁਰੂਆਤ ਕੀਤੀ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਨਗਰ ਕੌਸ਼ਲ ਦਫ਼ਤਰ ਤਰਨ ਤਾਰਨ ਅਤੇ ਪੱਟੀ ਵਿਖੇ ਕਰਵਾਏ ਗਏ ਪੋ੍ਰਗਰਾਮ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਮੌਕੇ ‘ਤੇ ਪਹੁੰਚ ਕੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸੂਬੇ ਵਿੱਚ ਕੁੱਲ 11000 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਵਿੱਚੋਂ 3000 ਕਰੋੜ ਰੁਪਏ ਦੇ ਕਾਰਜ ਮੁਕੰਮਲ ਹੋ ਚੁੱਕੇ ਹਨ, ਜਦਕਿ ਅਗਲੇ ਇਕ ਸਾਲ ਵਿੱਚ 8000 ਕਰੋੜ ਰੁਪਏ ਦੇ ਕੰਮ ਨੇਪਰੇ ਚਾੜ੍ਹਨ ਲਈ ਕੰਮ ਜੋਰਾਂ ‘ਤੇ ਜਾਰੀ ਹਨ। ਇਸ ਪ੍ਰੋਗਰਾਮ ਅਧੀਨ ਸ਼ਹਿਰਾਂ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ, ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਐੱਲ. ਈ. ਡੀ. ਲਾਈਟਾਂ ਲਗਾਈਆਂ ਜਾ ਰਹੀਆਂ ਹਨ ਅਤੇ ਸੋਲਿਡ ਵੇਸਟ ਮੈਨੇਜਮੈਂਟ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਨਗਰ ਕੌਸ਼ਲ ਤਰਨ ਤਾਰਨ, ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਤੇ ਖੇਮਕਰਨ ਦੇ ਵਿਕਾਸ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ।
————–