ਬੰਦ ਕਰੋ

ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿੱਚ ਲੱਗਭੱਗ 6 ਲੱਖ 79 ਹਜ਼ਾਰ 799 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 08/04/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿੱਚ  ਲੱਗਭੱਗ 6 ਲੱਖ 79 ਹਜ਼ਾਰ 799 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ-ਡਿਪਟੀ ਕਮਿਸ਼ਨਰ
ਕਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਕੀਤੇ ਜਾ ਰਹੇ ਹਨ ਢੁਕਵੇਂ ਪ੍ਰਬੰਧ
ਕਣਕ ਦੀ ਸੁਚਾਰੂ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਤਰਨ ਤਾਰਨ, 8 ਅਪ੍ਰੈਲ
ਜ਼ਿਲ੍ਹੇ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ। 
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ ਵਿੱਚ 6 ਲੱਖ 79 ਹਜ਼ਾਰ 799 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ ਅਤੇ ਇਸ ਸੀਜ਼ਨ ਦੌਰਾਨ ਵੀ ਜ਼ਿਲੇ ਦੀਆਂ ਮੰਡੀਆਂ ਵਿੱਚ  ਲੱਗਭੱਗ 6 ਲੱਖ 79 ਹਜ਼ਾਰ 799 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ।ਉਹਨਾਂ ਕਿਹਾ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕਿਸਾਨਾਂ ਦੀ ਫਸਲ ਦਾ  ਇੱਕ-ਇੱਕ ਦਾਣਾ ਖਰੀਦਣ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਜ਼ਿਲੇ ਵਿਚ 59 ਖਰੀਦ ਕੇਂਦਰ ਸਥਾਪਿਤ ਕੀਤੇ ਜਾਂਦੇ ਸਨ, ਪਰ ਇਸ ਸਾਲ ਇੰਨਾਂ ਦੀ ਗਿਣਤੀ 120 ਤੱਕ ਵਧਾਏ ਜਾਣ ਦੀ ਯੋਜਨਾ ਹੈ ਤਾਂ ਜੋ ਖਰੀਦ ਕੇਂਦਰਾਂ ਤੇ ਕਿਸਾਨਾਂ ਦੀ ਭੀੜ ਨਾ ਹੋਵੇ ਅਤੇ ਲੋਕਾਂ ਦੀ ਸਮਾਜਿਕ ਦੂਰੀ ਬਣੀ ਰਹੇ।
ਇਸ ਮੌਕੇ ਜ਼ਿਲੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਸਫ਼ਾਈ ਦਾ ਕੰਮ14 ਅਪ੍ਰੈਲ ਤੱਕ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਆਦੇਸ਼ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਕਿਸਾਨਾਂ ਦੀ ਸਹੂਤਲ ਲਈ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਪੀਣ ਵਾਲੇ ਸਾਫ਼ ਪਾਣੀ ਅਤੇ ਰੌਸ਼ਨੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਨਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਫੜ੍ਹਾਂ ‘ਤੇ ਨਿਸ਼ਾਨ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖਰੀਦ ਅਮਲੇ ਵਿਚ ਆਪਸੀ ਸਮਾਜਿਕ ਦੂਰੀ ਬਣਾਈ ਰੱਖਣੀ ਯਕੀਨੀ ਬਣਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਕਟਾਈ ਉਦੋਂ ਹੀ ਕਰਨ ਜਦ ਕਣਕ ਦੀ ਫਸਲ ਪੂਰੀ ਤਰਾਂ ਪੱਕ ਜਾਵੇ।ਉਨਾਂ ਨੇ ਕਿਹਾ ਕਿ ਕਿਸਾਨ ਮਾਰਕੀਟ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਹੀ ਆਪਣੀ ਫਸਲ ਮੰਡੀ ਵਿਚ ਲੈ ਕੇ ਆਵੇ ਤਾਂ ਜੋ ਉਹਨਾਂ ਫਸਲ ਦੀ ਖਰੀਦ ਜਲਦੀ ਤੋਂ ਜਲਦੀ ਹੋ ਸਕੇ।    
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ।ਕਣਕ ਦੀ ਖਰੀਦ ਪ੍ਰਕਿਰਿਆਂ ਦੌਰਾਨ ਕਿਸਾਨਾਂ ਨੂੰ  ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੂਹ ਖਰੀਦ ਕੇਂਦਰਾਂ ਵਿੱਚ ਸਮਾਜਿਕ ਦੂਰੀ ਵੀ ਬਣਾ ਕੇ ਰੱਖਣੀ ਯਕੀਨੀ ਬਣਾਈ ਜਾਵੇਗੀ।
—————–