Close

ਹਰੇਕ ਕਰਮਚਾਰੀ ਦੇ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾਉਣੀਆਂ ਯਕੀਨੀ ਬਣਾਈ ਜਾਣ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਕੀਤੀ ਹਦਾਇਤ

Publish Date : 11/11/2021

ਹਰੇਕ ਕਰਮਚਾਰੀ ਦੇ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾਉਣੀਆਂ ਯਕੀਨੀ ਬਣਾਈ ਜਾਣ
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਕੀਤੀ ਹਦਾਇਤ
ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,04,989 ਲਾਭਪਾਤਰੀਆਂ ਨੂੰ ਲਗਾਈ ਗਈ 7,98,725 ਡੋਜ਼ ਵੈਕਸੀਨ
ਤਰਨ ਤਾਰਨ, 10 ਨਵੰਬਰ :
ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੇ ਅਧੀਨ ਕੰਮ ਕਰਨ ਵਾਲੇ ਹਰੇਕ ਕਰਮਚਾਰੀ ਦੇ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾਉਣੀਆਂ ਯਕੀਨੀ ਬਣਾਈ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ਼੍ਰੀਮਤੀ ਅਨਮਜੋਤ ਕੌਰ, ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆਂ, ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ ਅਤੇ ਸਮੂਹ ਐੱਸ. ਐੱਮ. ਓਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਲਾਭਪਾਤਰੀਆਂ ਦੇ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ ਤਾਂ ਜੋ ਇਸ ਮਹਾਂਮਾਰੀ ਦੇ ਖਤਰੇ ਨੂੰ ਟਾਲਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,04,989 ਲਾਭਪਾਤਰੀਆਂ ਨੂੰ 7,98,725 ਡੋਜ਼ ਵੈਕਸੀਨ ਲਗਾਈ  ਜਾ ਚੁੱਕੀ ਹੈ।ਜ਼ਿਲਾ ਤਰਨ ਤਾਰਨ ਵਿੱਚ ਅੱਜ 3118 ਹੋਰ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1400 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 459 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 09 ਨਵੰਬਰ ਨੂੰ ਭੇਜੇ ਗਏ 947 ਸੈਂਪਲਾਂ ਵਿੱਚੋਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8049 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7663 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,39,215 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 4,26,572 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 941 ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 06 ਹੈ, ਜਿੰਨਾਂ ਵਿੱਚੋਂ 05 ਮਰੀਜ਼ਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।