ਬੰਦ ਕਰੋ

ਜ਼ਿਲ੍ਹੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 21/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਵਸੂਲੀ ਦੀ ਪ੍ਰਕਿਰਿਆ `ਚ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ
ਤਰਨ ਤਾਰਨ, 20 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਵਸੂਲੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਆਦੇਸ਼ ਦਿੱਤੇ ।
ਮੀਟਿੰਗ ਦੌਰਾਨ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ.  ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ.  ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ।    
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਿਕਵਰੀ ਦੇ ਹਰ ਤਰ੍ਹਾਂ ਦੇ ਕੇਸਾਂ ਦਾ ਅਗਲੇ ਇੱਕ ਮਹੀਨੇ ਦੌਰਾਨ ਨਿਪਟਾਰਾ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਣ-ਬੁੱਝ ਕੇ ਅਦਾਇਗੀ ਨਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਰਿਕਵਰੀ ਕੇਸਾਂ ਵਿੱਚ ਜ਼ੀਰੋ ਬਕਾਇਆ ਕੇਸਾਂ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਸਾਵੀਆਂ ਨੂੰ ਡੀਜ਼ੀਟਾਈਜ਼ ਕਰਨ ਦੇ ਕੰਮ ਨੂੰ ਅਗਲੇ 10 ਦਿਨਾਂ ਵਿੱਚ ਮੁਕੰਮਲ ਕਰਕੇ ਇਸ ਦੀ ਰਿਪੋਰਟ ਦਫ਼ਤਰ ਡਿਪਟੀ ਕਮਿਸ਼ਨਰ ਨੂੰ ਪੇਸ਼ ਕੀਤੀ ਜਾਵੇ।ਇਸ ਤੋਂ ਇਲਾਵਾ ਬਕਾਇਆ ਪਏ ਇੰਤਕਾਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀ ਪਾਸੋਂ 2018-19 ਅਤੇ 2019-20 ਦੀਆਂ ਜਮ੍ਹਾਂਬੰਦੀਆਂ ਸਬੰਧੀ ਵੀ ਰਿਪੋਰਟ ਲਈ ਗਈ, ਜਿਸ ਸਬੰਧੀ ਸੀ. ਆਰ. ਓਜ਼ ਨੇ ਕਿਹਾ ਕਿ ਅਗਲੇ 10 ਦਿਨਾਂ ਵਿੱਚ ਕੰਮ ਮੁਕੰਮਲ ਕਰਕੇ ਸਬੰਧਿਤ ਪਿੰਡਾਂ ਦੇ ਰਿਕਾਰਡ ਨੂੰ ਆੱਨਲਾਈਨ ਕਰ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਆੱਨਲਾਈਨ ਫਰਦਾਂ ਲੈਣ ਦੀ ਸਹੂਲਤ ਹੋਵੇਗੀ।
ਆਰ. ਸੀ. ਐੱਮ. ਐੱਸ. ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਰਾਜ ਭਰ ਵਿੱਚ ਮਾਲ ਅਦਾਲਤਾਂ ਨੂੰ ਪੂਰੀ ਤਰ੍ਹਾਂ ਚਲਾਉਣ ਦੀ ਆਗਿਆ ਦਿੱਤੀ ਜਾ ਚੁੱਕੀ ਹੈ, ਇਸ ਲਈ ਮਾਲ ਅਧਿਕਾਰੀਆਂ ਨੂੰ ਕੇਸਾਂ ਦੀ ਸੁਣਵਾਈ ਨੂੰ ਤੇਜ਼ ਕਰਨਾ ਚਾਹੀਦਾ ਹੈ।
ਪਿਛਲੇ ਦੋ ਸਾਲਾਂ ਤੋਂ ਨਿਸ਼ਾਨਦੇਹੀ ਦੇ ਬਕਾਇਆ ਕੇਸਾਂ `ਤੇ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 10 ਦਿਨਾਂ ਦੇ ਵਿੱਚ-ਵਿੱਚ ਅਜਿਹੇ ਹਰ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
————–