ਬੰਦ ਕਰੋ

ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸਹੂਲਤਾਂ ਵਿੱਚ ਆਈ ਕ੍ਰਾਂਤੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 21/06/2024

ਦਫ਼ਤਰ ਜ਼ਿਲ੍ਹਾ ਲੋਕ ਸਂੰਪਰਕ ਅਫ਼ਸਰ, ਤਰਨ ਤਾਰਨ
ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸਹੂਲਤਾਂ ਵਿੱਚ ਆਈ ਕ੍ਰਾਂਤੀ-ਡਿਪਟੀ ਕਮਿਸ਼ਨਰ
ਜ਼ਿਲਾ ਤਰਨ ਤਾਰਨ ਵਿੱਚ ਖੁੱਲ੍ਹੇ 30 ਆਮ ਆਦਮੀ ਕਲੀਨਿਕਾਂ ਤੋਂ ਲਗਭਗ ਪੰਜ ਲੱਖ ਮਰੀਜ਼ਾਂ ਨੇ ਹੁਣ ਤੱਕ ਕਰਵਾਇਆ ਇਲਾਜ-ਸ੍ਰੀ ਸੰਦੀਪ ਕੁਮਾਰ
40 ਦੇ ਕਰੀਬ ਮੁਫ਼ਤ ਲੈਬੋਰਟਰੀ ਟੈਸਟਾਂ ਦੇ ਨਾਲ ਮਿਲ ਰਹੀਆਂ ਹਨ 80 ਤਰ੍ਹਾਂ ਦੀਆਂ ਮੁਫਤ ਦਵਾਈਆਂ
ਤਰਨ ਤਾਰਨ, ਜੂਨ 20:
ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲਾ ਤਰਨ ਤਾਰਨ ਵਿੱਚ ਸ਼ੁਰੂ ਕੀਤੇ ਗਏ 30 ਆਮ ਆਦਮੀ ਕਲੀਨਿਕ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਨੰੁ ਸੰਬੋਧਨ ਕਰਦਿਆਂ ਕੀਤਾ ਗਿਆ।
ਉਨਾਂ ਦੱਸਿਆ ਕਿ ਸੂਬੇ ਦੇ ਲੋਕਾਂ ਦੀ ਚੰਗੀ ਅਤੇ ਨਰੋਈ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਪਹਿਲ ਕੀਤੀ ਗਈ ਅਤੇ ਇਨਾਂ ਸਿਹਤ ਕੇਂਦਰਾਂ ਨੂੰ ਖੋਲ੍ਹਣ ਦਾ ਮੁੱਖ ਮੰਤਵ ਸੂਬੇ ਦੇ ਹਰ ਇੱਕ ਨਾਗਰਿਕ ਨੂੰ ਚੰਗੀਆਂ ਅਤੇ ਮਿਆਰੀ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨੇੜੇ ਤੱਕ ਪਹੁੰਚਾਉਣਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜੇਕਰ ਜ਼ਿਲਾ ਤਰਨ ਤਾਰਨ ਦੀ ਗੱਲ ਕੀਤੀ ਜਾਵੇ ਤਾਂ ਸਾਲ 2022 ਤੋਂ ਸ਼ੁਰੂ ਹੋਏ ਇਹਨਾਂ ਆਮ ਆਦਮੀ ਕਲੀਨਿਕਾਂ 5 ਲੱਖ ਦੇ ਕਰੀਬ ਮਰੀਜ਼ਾਂ ਵੱਲੋਂ ਆਪਣਾ ਇਲਾਜ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੋਲੇ ਗਏ ਆਮ ਆਦਮੀ ਕਲੀਨਿਕਾਂ ਵਿੱਚ 40 ਦੇ ਕਰੀਬ ਮੈਡੀਕਲ ਲੈਬੋਰਟਰੀ ਟੈਸਟ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ 80 ਤਰ੍ਹਾਂ ਦੀਆਂ ਦਵਾਈਆਂ ਨੂੰ ਮੁਫਤ ਦਿੱਤੀਆਂ ਜਾ ਰਹੀਆਂ ਹਨ।
ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਪੰਜਾਬ ਸਰਕਾਰ ਵੱਲੋਂ ਤਜ਼ਰਬੇਕਾਰ ਡਾਕਟਰਾਂ ਨੂੰ ਤਾਇਨਾਤ ਕਰਨ ਦੇ ਨਾਲ-ਨਾਲ ਫਾਰਮਰਸਿਸਟਾਂ ਅਤੇ ਕਲੀਨੀਕਲ ਅਸਿਸਟੈਂਟਾਂ ਨੂੰ ਤੈਨਾਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਕਲੀਨਕਾਂ ਰਾਹੀਂ ਰੋਜ਼ਾਨਾ ਮਰੀਜ਼ਾਂ ਦੇ ਸੈਂਪਲਾਂ ਨੂੰ ਲਬੋਟਰੀ ਟੈਸਟਾਂ ਲਈ ਇਕੱਠਿਆਂ ਕੀਤਾ ਜਾਂਦਾ ਹੈ ਅਤੇ ਅਗਲੇ ਦਿਨ ਹੀ ਰਿਪੋਰਟ ਮੁਹੱਈਆ ਕਰਵਾਈ ਜਾਂਦੀ ਹੈ। ਉਹਨਾਂ ਦੱਸਿਆ ਕਿ ਇਨਾਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਬਾਅਦ ਹੁਣ ਤੱਕ ਲਗਭਗ 1,13, 000 ਦੇ ਕਰੀਬ ਮੈਡੀਕਲ ਟੈਸਟ ਕੀਤੇ ਜਾ ਚੁੱਕੇ ਹਨ ।
ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੀ ਆਮ ਆਦਮੀ ਕਲੀਨਿਕਾਂ ਦੀ ਵਧੀਆ ਕਾਰਗੁਜ਼ਾਰੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਲੀਨਿਕਾਂ ਦੇ ਕੰਮਕਾਜ ਦਾ ਨਿਰੀਖਣ ਸਮੇਂ ਸਿਰ ਕੀਤਾ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਦੇ ਸਬੰਧ ਦੇ ਵਿੱਚ ਨਾਗਰਿਕਾਂ ਪਾਸਾ ਸੁਝਾਅ ਲਏ ਜਾਂਦੇ ਹਨ ਤਾਂ ਜੋ ਇਹਨਾਂ ਕਲੀਨਿਕਾਂ ਨੂੰ ਹੋਰ ਬਿਹਤਰ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਜ਼ਿਲੇ ਦੇ ਹਰ ਇੱਕ ਬਲਾਕ ਦੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਵਿਸ਼ੇਸ਼ ਤੌਰ ‘ਤੇ ਇਲਾਕਿਆਂ ਸਰਹੱਦੀ ਖੇਮਕਰਨ, ਸੁਰ ਸਿੰਘ ਅਤੇ ਕਸੇਲ ਦੇ ਲੋਕਾਂ ਨੂੰ ਇਹਨਾਂ ਸਿਹਤ ਕੇਂਦਰਾਂ ਦਾ ਬਹੁਤ ਵੱਡਾ ਲਾਭ ਮਿਲ ਰਿਹਾ ਹੈ।
ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਭਾਰਤ ਭੂਸ਼ਣ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਦੇ ਨਾਲ ਸਿਹਤ ਸਹੂਲਤਾਂ ਵਿੱਚ ਬਹੁਤ ਵੱਡਾ ਸੁਧਾਰ ਆਇਆ ਹੈ। ਉਹਨਾਂ ਕਿਹਾ ਕਿ ਜ਼ਿਲਾ ਤਰਨ ਤਾਰਨ ਦੇ ਸਾਰੇ ਹੀ ਆਮ ਆਦਮੀ ਕਲੀਨਿਕਾਂ ਦੇ ਵਿੱਚ ਲੋੜੀਂਦੇ ਮਿਆਰੀ ਪ੍ਰਬੰਧ ਕੀਤੇ ਗਏ ਹਨ ਅਤੇ ਇਹਨਾਂ ਸਿਹਤ ਕੇਂਦਰਾਂ ਰਾਹੀਂ ਮਰੀਜ਼ਾਂ ਨੂੰ ਬਹੁਤ ਹੀ ਮੁਫ਼ਤ ਤੇ ਮਿਆਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।